ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਚਾਰ ਨੌਜਵਾਨਾਂ ਨੂੰ ਕੁਚਲ ਦਿੱਤਾ। ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਕਾਰ ਚਾਲਕ ਸ਼ਰਾਬੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਇਸ ਮਾਮਲੇ 'ਚ ਇਕ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ ਇਹ ਘਟਨਾ ਵੀਰਵਾਰ ਤੜਕੇ 2.37 ਵਜੇ ਦੇ ਕਰੀਬ ਵਾਪਰੀ। ਉੱਤਰੀ ਪੂਰਬੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਦੇ ਨਿਊ ਸ਼ੇਰਪੁਰ ਚੌਕ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਨੇ ਸੜਕ 'ਤੇ ਪੈਦਲ ਜਾ ਰਹੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਜਗ ਪ੍ਰਵੇਸ਼ ਹਸਪਤਾਲ ਲਿਜਾਇਆ ਗਿਆ। ਜਿੱਥੋਂ ਗੰਭੀਰ ਜ਼ਖਮੀ ਨੌਜਵਾਨ ਨੂੰ ਜੀਟੀਬੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਾਕੀ ਤਿੰਨ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
ਪੁਲਿਸ ਅਨੁਸਾਰ 19 ਸਾਲਾ ਮ੍ਰਿਤਕ ਅਦਨਾਨ ਇੱਕ ਮੈਰਿਜ ਈਵੈਂਟ ਮੈਨੇਜਮੈਂਟ ਕੰਪਨੀ ਵਿੱਚ ਕੰਮ ਕਰਦਾ ਸੀ। ਹਾਦਸੇ ਦੇ ਸਮੇਂ ਉਹ ਆਪਣੇ ਸਾਥੀਆਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਉੱਤਰ ਪੂਰਬੀ ਦਿੱਲੀ ਦੇ ਡੀਸੀਪੀ ਰਾਕੇਸ਼ ਪਵਾਰੀਆ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਕਾਰ ਚਾਲਕ ਦੀਪਕ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਡੀਸੀਪੀ ਦਾ ਕਹਿਣਾ ਹੈ ਕਿ ਕਾਰ ਚਲਾ ਰਹੇ ਨੌਜਵਾਨ ਨੇ ਸ਼ਰਾਬ ਪੀਤੀ ਹੋਈ ਸੀ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਫਿਲਹਾਲ ਪੁਲਿਸ ਨੇ ਕਾਰ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।