ਨਵੀਂ ਦਿੱਲੀ: ਰਾਊਜ਼ ਐਵੇਨਿਊ ਅਦਾਲਤ ਨੇ ਲੈਂਡ ਫਾਰ ਜੌਬ ਕੇਸ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ, ਤੇਜਸਵੀ ਯਾਦਵ ਅਤੇ ਹੋਰ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਅਖਿਲੇਸ਼ਵਰ ਸਿੰਘ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਕਿਰਨ ਦੇਵੀ ਨੂੰ ਵੀ ਸੰਮਨ ਭੇਜੇ ਹਨ।
Land for job money laundering case | Delhi's Rouse Avenue Court has issued summons to former Bihar CM Lalu Prasad Yadav, Tejashwi Yadav and other accused in the job for land money laundering case.
— ANI (@ANI) September 18, 2024
The court has also sent summons to Akhileshwar Singh as well as his wife Kiran…
ਅਦਾਲਤ ਨੇ ਇਹ ਵੀ ਕਿਹਾ ਹੈ ਕਿ ਤੇਜ ਪ੍ਰਤਾਪ ਯਾਦਵ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਹ ਏ ਕੇ ਇਨਫੋਸਿਸ ਲਿਮਟਿਡ ਦੇ ਡਾਇਰੈਕਟਰ ਵੀ ਸਨ। ਉਨ੍ਹਾਂ ਨੂੰ ਵੀ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 6 ਅਗਸਤ ਨੂੰ 11 ਮੁਲਜ਼ਮਾਂ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਚੁੱਕੀ ਹੈ।
ਅੱਜ ਬੁੱਧਵਾਰ ਨੂੰ ਅਦਾਲਤ ਨੇ ਈਡੀ ਵੱਲੋਂ ਦਾਇਰ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਣ ਦੇ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ। ਇਸ ਤੋਂ ਪਹਿਲਾਂ ਅਦਾਲਤ ਨੇ 17 ਅਗਸਤ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਈਡੀ ਨੇ ਇਸ ਮਾਮਲੇ ਵਿੱਚ ਪਹਿਲੀ ਸਪਲੀਮੈਂਟਰੀ ਚਾਰਜਸ਼ੀਟ 6 ਅਗਸਤ ਨੂੰ ਦਾਖ਼ਲ ਕੀਤੀ ਸੀ। ਈਡੀ ਦੀ ਚਾਰਜਸ਼ੀਟ ਵਿੱਚ 11 ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਇਸ ਚਾਰਜਸ਼ੀਟ ਵਿੱਚ ਸਬੂਤ ਵਜੋਂ 96 ਦਸਤਾਵੇਜ਼ ਪੇਸ਼ ਕੀਤੇ ਗਏ ਹਨ। ਦਰਅਸਲ 6 ਜੁਲਾਈ ਨੂੰ ਅਦਾਲਤ ਨੇ ਈਡੀ ਨੂੰ ਚਾਰਜਸ਼ੀਟ ਦਾਖ਼ਲ ਕਰਨ ਲਈ 6 ਅਗਸਤ ਤੱਕ ਦਾ ਸਮਾਂ ਦਿੱਤਾ ਸੀ। ਇਸ ਦੇ ਨਾਲ ਹੀ 6 ਜੁਲਾਈ ਨੂੰ ਸੁਣਵਾਈ ਦੌਰਾਨ ਈਡੀ ਦੇ ਜੁਆਇੰਟ ਡਾਇਰੈਕਟਰ ਨੇ ਕਿਹਾ ਸੀ ਕਿ ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੈ। ਈਡੀ ਸਮਾਂ ਆਉਣ 'ਤੇ ਚਾਰਜਸ਼ੀਟ ਦਾਇਰ ਕਰੇਗੀ, ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਉਦੋਂ ਅਦਾਲਤ ਨੇ ਕਿਹਾ ਸੀ ਕਿ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਸਮਾਂ ਸੀਮਾ ਹੋਣੀ ਚਾਹੀਦੀ ਹੈ।
ਦੱਸ ਦਈਏ ਕਿ 7 ਮਾਰਚ ਨੂੰ ਅਦਾਲਤ ਨੇ ਰਾਬੜੀ ਦੇਵੀ, ਮੀਸਾ ਭਾਰਤੀ, ਹੇਮਾ ਯਾਦਵ ਅਤੇ ਹਿਰਦੇਆਨੰਦ ਚੌਧਰੀ ਨੂੰ ਈਡੀ ਮਾਮਲੇ ਵਿੱਚ ਨਿਯਮਤ ਜ਼ਮਾਨਤ ਦਿੱਤੀ ਸੀ। ਇਸ ਮਾਮਲੇ ਵਿੱਚ ਅਦਾਲਤ ਨੇ 27 ਜਨਵਰੀ ਨੂੰ ਈਡੀ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਇਸ ਦੇ ਨਾਲ ਹੀ 9 ਜਨਵਰੀ ਨੂੰ ਈਡੀ ਨੇ ਇਸ ਮਾਮਲੇ ਵਿੱਚ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਇਸ ਮਾਮਲੇ ਵਿੱਚ ਅਮਿਤ ਕਤਿਆਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਜਦਕਿ ਈਡੀ ਦੇ ਪਹਿਲੇ ਮਾਮਲੇ ਵਿੱਚ ਸੀਬੀਆਈ ਨੇ ਕੇਸ ਦਰਜ ਕੀਤਾ ਸੀ। ਹਾਲਾਂਕਿ ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ 4 ਅਕਤੂਬਰ 2023 ਨੂੰ ਅਦਾਲਤ ਨੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਨੂੰ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਸੀਬੀਆਈ ਵੱਲੋਂ 22 ਸਤੰਬਰ 2023 ਨੂੰ ਦਾਇਰ ਕੀਤੀ ਗਈ ਦੂਜੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ।