ਨਵੀਂ ਦਿੱਲੀ: ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 8 ਮਈ ਨੂੰ ਕਰਨ ਦਾ ਹੁਕਮ ਦਿੱਤਾ ਹੈ। ਨਾਲ ਹੀ, ਹਾਈ ਕੋਰਟ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਪਤਨੀ ਨੂੰ ਮਿਲਣ ਦੀ ਆਗਿਆ ਦੇਣ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਜਾਰੀ ਰੱਖਣ ਲਈ ਕਿਹਾ ਹੈ।
ਸ਼ੁੱਕਰਵਾਰ ਸਵੇਰੇ ਸੁਣਵਾਈ ਦੌਰਾਨ ਸਿਸੋਦੀਆ ਵੱਲੋਂ ਹਾਈਕੋਰਟ ਨੂੰ ਦੱਸਿਆ ਗਿਆ ਕਿ ਹੇਠਲੀ ਅਦਾਲਤ ਵੱਲੋਂ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ 'ਤੇ ਹਾਈਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਨਿਰਦੇਸ਼ ਲੈ ਕੇ ਆਉਣ ਲਈ ਕਿਹਾ।
ਬਾਅਦ ਵਿੱਚ ਸੀਬੀਆਈ ਅਤੇ ਈਡੀ ਨੇ ਕਿਹਾ ਕਿ ਜੇਕਰ ਸਿਸੋਦੀਆ ਨੂੰ ਉਨ੍ਹਾਂ ਦੀ ਪਤਨੀ ਨੂੰ ਮਿਲਣ ਦਿੱਤਾ ਜਾਂਦਾ ਹੈ, ਤਾਂ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਫਿਰ ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਪਤਨੀ ਨੂੰ ਮਿਲਣ ਦਾ ਹੁਕਮ ਜਾਰੀ ਰੱਖਣ ਲਈ ਕਿਹਾ।
ਦੱਸ ਦੇਈਏ ਕਿ 30 ਅਪ੍ਰੈਲ ਨੂੰ ਰਾਉਸ ਐਵੇਨਿਊ ਕੋਰਟ ਨੇ ਸੀਬੀਆਈ ਅਤੇ ਈਡੀ ਦੁਆਰਾ ਦਰਜ ਕੀਤੇ ਗਏ ਮਾਮਲੇ ਵਿੱਚ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ।
ਸਿਸੋਦੀਆ ਨੇ ਇਸ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਰੌਜ਼ ਐਵੀਨਿਊ ਕੋਰਟ 'ਚ ਸੁਣਵਾਈ ਦੌਰਾਨ ਈਡੀ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਮੁਨਾਫੇ ਨੂੰ 7 ਫੀਸਦੀ ਤੋਂ ਵਧਾ ਕੇ 12 ਫੀਸਦੀ ਕਰਨ ਨੂੰ ਜਾਇਜ਼ ਠਹਿਰਾਉਣ ਲਈ ਕੋਈ ਮੀਟਿੰਗ ਜਾਂ ਚਰਚਾ ਨਹੀਂ ਕੀਤੀ ਗਈ। ਇਹ ਨੀਤੀ ਕੁਝ ਥੋਕ ਵਿਕਰੇਤਾਵਾਂ ਦੇ ਹੱਕ ਵਿੱਚ ਸੀ।
ਸੁਣਵਾਈ ਦੌਰਾਨ ਈਡੀ ਨੇ ਕਿਹਾ ਸੀ ਕਿ ਸਿਸੋਦੀਆ ਦੇ ਵਕੀਲ ਮੁਕੱਦਮੇ ਵਿੱਚ ਦੇਰੀ ਕਾਰਨ ਹੀ ਜ਼ਮਾਨਤ ਲਈ ਦਬਾਅ ਪਾ ਰਹੇ ਹਨ। ਇਸ ਦੇ ਲਈ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਨਾ ਚਾਹੀਦਾ ਹੈ, ਕਿਉਂਕਿ ਇਸ ਮਾਮਲੇ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ। ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਮੁਕੱਦਮਾ ਹੌਲੀ-ਹੌਲੀ ਚੱਲ ਰਿਹਾ ਹੈ।