ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਅਡਵਾਨੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਹੀ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ਦਾ ਵੀ ਸਨਮਾਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸ ਘੋਸ਼ਣਾ ਤੋਂ ਬਾਅਦ ਅਡਵਾਨੀ ਨੇ ਕਿਹਾ ਕਿ ਇਹ ਇਕ ਵਿਅਕਤੀ ਦੇ ਤੌਰ 'ਤੇ ਉਨ੍ਹਾਂ ਲਈ ਹੀ ਨਹੀਂ, ਸਗੋਂ ਉਨ੍ਹਾਂ ਆਦਰਸ਼ਾਂ ਅਤੇ ਸਿਧਾਂਤਾਂ ਦਾ ਵੀ ਸਨਮਾਨ ਹੈ, ਜਿਨ੍ਹਾਂ ਦਾ ਪਾਲਣ ਕਰਨ ਦੀ ਉਨ੍ਹਾਂ ਨੇ ਕੋਸ਼ਿਸ਼ ਕੀਤੀ। ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਆਰਐਸਐਸ (ਰਾਸ਼ਟਰੀ ਸਵੈਮ ਸੇਵਕ ਸੰਘ) ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਨੂੰ ਆਪਣੀ ਜ਼ਿੰਦਗੀ ਵਿੱਚ ਜੋ ਵੀ ਜ਼ਿੰਮੇਵਾਰੀ ਮਿਲੀ ਹੈ, ਮੈਂ ਆਪਣੇ ਪਿਆਰੇ ਦੇਸ਼ ਦੀ ਸਮਰਪਿਤ ਭਾਵਨਾ ਅਤੇ ਨਿਰਸਵਾਰਥ ਸੇਵਾ ਕਰਨ ਵਿੱਚ ਹੀ ਖੁਸ਼ੀ ਪ੍ਰਾਪਤ ਕੀਤੀ ਹੈ। ਮੈਨੂੰ ਭਾਰਤ ਰਤਨ ਦੇਣ ਲਈ ਮੈਂ ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਦਿਲੋਂ ਧੰਨਵਾਦ ਕਰਦਾ ਹਾਂ।
ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਸੀ ਕਿ ਸਾਡੇ ਸਮੇਂ ਦੇ ਸਭ ਤੋਂ ਸਤਿਕਾਰਤ ਨੇਤਾਵਾਂ ਵਿੱਚੋਂ ਇੱਕ ਅਡਵਾਨੀ ਨੇ ਭਾਰਤ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਆਪਣਾ ਜੀਵਨ ਸ਼ੁਰੂ ਕੀਤਾ ਅਤੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਡਵਾਨੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਭਾਵੁਕ ਪਲ ਹੈ।
ਉਨ੍ਹਾਂ ਕਿਹਾ ਕਿ ਅਡਵਾਨੀ ਜੀ ਨੇ ਜਨਤਕ ਜੀਵਨ ਵਿੱਚ ਆਪਣੇ ਦਹਾਕਿਆਂ ਦੀ ਸੇਵਾ ਦੌਰਾਨ ਪਾਰਦਰਸ਼ਤਾ ਅਤੇ ਅਖੰਡਤਾ ਪ੍ਰਤੀ ਅਟੁੱਟ ਵਚਨਬੱਧਤਾ ਰੱਖੀ ਅਤੇ ਰਾਜਨੀਤਿਕ ਨੈਤਿਕਤਾ ਵਿੱਚ ਇੱਕ ਮਿਸਾਲੀ ਮਿਆਰ ਕਾਇਮ ਕੀਤਾ। ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਸੱਭਿਆਚਾਰਕ ਪੁਨਰ-ਸੁਰਜੀਤੀ ਲਈ ਵਿਲੱਖਣ ਉਪਰਾਲੇ ਕੀਤੇ ਹਨ।
ਪੀਐਮ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਭਾਵੁਕ ਪਲ ਹੈ। ਮੈਂ ਹਮੇਸ਼ਾ ਇਸ ਨੂੰ ਆਪਣੀ ਖੁਸ਼ਕਿਸਮਤੀ ਸਮਝਾਂਗਾ ਕਿ ਮੈਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਤੋਂ ਸਿੱਖਣ ਦੇ ਅਣਗਿਣਤ ਮੌਕੇ ਮਿਲੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਅਡਵਾਨੀ ਨੂੰ ਇਹ ਸਨਮਾਨ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਪਿਛਲੇ ਮਹੀਨੇ ਸਰਕਾਰ ਨੇ ਸਮਾਜਵਾਦੀ ਨੇਤਾ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕਰਪੂਰੀ ਠਾਕੁਰ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦੇਣ ਦਾ ਐਲਾਨ ਕੀਤਾ ਸੀ।