ਇੰਫਾਲ: ਮਣੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ 'ਚ ਮੰਗਲਵਾਰ ਨੂੰ ਦੋ ਭਾਈਚਾਰਿਆਂ ਵਿਚਾਲੇ ਹੋਈ ਗੋਲੀਬਾਰੀ 'ਚ ਇਕ 25 ਸਾਲਾ ਪਿੰਡ ਵਾਸੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇੰਫਾਲ ਪੂਰਬੀ ਜ਼ਿਲ੍ਹੇ 'ਚ ਇਕ ਹੋਰ ਘਟਨਾ 'ਚ ਫੌਜ ਦਾ ਇਕ ਅਧਿਕਾਰੀ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।
ਸਰਹੱਦ ਨਾਲ ਲੱਗਦੇ ਇਲਾਕੇ 'ਚ ਵਾਪਰੀ ਘਟਨਾ: ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਕਾਂਗਪੋਕਪੀ ਜ਼ਿਲ੍ਹੇ ਦੀ ਸਰਹੱਦ ਨਾਲ ਲੱਗਦੇ ਪੁਖਾਓ ਸ਼ਾਂਤੀਪੁਰ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਗੋਲਸੇਮ ਲੋਇਆ ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਫਾਲ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਰੁਕ-ਰੁਕ ਕੇ ਸਾਹਮਣੇ ਆ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ : ਐਤਵਾਰ ਰਾਤ ਤੋਂ ਹੀ ਪੁਖਾਓ ਅਤੇ ਆਸਪਾਸ ਦੇ ਪਹਾੜੀ ਇਲਾਕਿਆਂ 'ਚ ਰੁਕ-ਰੁਕ ਕੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੁਲਿਸ ਨੇ ਦੱਸਿਆ ਕਿ ਇੰਫਾਲ ਪੂਰਬੀ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਲੋਂ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਦੇ ਨਾਲ ਅਧਿਕਾਰੀ ਸਥਿਤੀ 'ਤੇ ਕਾਬੂ ਪਾਉਣ ਲਈ ਜਾ ਰਹੇ ਸਨ। ਇਸ ਦੌਰਾਨ ਉਹ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।
ਪਿਛਲੇ ਤਿੰਨ ਸਾਲਾਂ 'ਚ 180 ਲੋਕਾਂ ਦੀ ਮੌਤ: ਪੁਲਿਸ ਨੇ ਦੱਸਿਆ ਕਿ ਜੂਨੀਅਰ ਕਮਿਸ਼ਨਡ ਅਧਿਕਾਰੀ ਨੂੰ ਹੈਲੀਕਾਪਟਰ ਰਾਹੀਂ ਲਿਮਾਖੋਂਗ ਮਿਲਟਰੀ ਬੇਸ ਦੇ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪਿਛਲੇ ਸਾਲ 3 ਮਈ ਤੋਂ ਮਣੀਪੁਰ ਵਿੱਚ ਕੂਕੀ ਅਤੇ ਮੇਤੇਈ ਭਾਈਚਾਰਿਆਂ ਦਰਮਿਆਨ ਭੜਕੀ ਹਿੰਸਾ ਵਿੱਚ ਹੁਣ ਤੱਕ 180 ਲੋਕਾਂ ਦੀ ਜਾਨ ਜਾ ਚੁੱਕੀ ਹੈ।