ਹੈਦਰਾਬਾਦ ਡੈਸਕ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਫਿਰ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਮਾਨ ਮੌਜੂਦ
ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਵਿਸ਼ਵ ਭਰ ਵਿੱਚ ਸਿੱਖਾਂ ਦੇ ਅਕਸ ਨੂੰ ਮਾਣ ਅਤੇ ਸਤਿਕਾਰ ਦਿਵਾਉਣ ਵਿੱਚ ਡਾ. ਸਾਹਿਬ ਦਾ ਯੋਗਦਾਨ ਇਤਿਹਾਸ ਦੇ ਸੁਨਹਿਰੀ ਪੰਨਿਆਂ 'ਤੇ ਦਰਜ ਹੋਵੇਗਾ।
26 ਦਸੰਬਰ ਦੀ ਰਾਤ ਨੂੰ ਦਿਹਾਂਤ
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ 92 ਸਾਲ ਦੀ ਉਮਰ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮ੍ਰਿਤਕ ਦੇਹ ਰਾਤ ਨੂੰ ਹੀ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ 'ਤੇ ਲਿਆਂਦੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ 28 ਦਸੰਬਰ ਨੂੰ ਸਵੇਰੇ 11 ਵਜੇ ਕੀਤਾ ਗਿਆ। ਡਾ. ਮਨਮੋਹਨ ਸਿੰਘ ਦੇ ਭੋਗ ਮੌਕੇ ਉਨ੍ਹੇ ਦੇ ਧਰਮ ਪਤਨੀ ਗੁਰਸ਼ਰਨ ਕੌਰ ਨੇ ਕੀਰਤਨ ਕੀਤਾ। ਇਸ ਤੋਂ ਇਲਾਵਾ ਭਾਈ ਮਨੋਹਰ ਸਿੰਘ ਸ਼੍ਰੋਮਣੀ ਹਜ਼ੂਰੀ ਕੀਰਤਨ ਗੁਰਦੁਆਰਾ ਬੰਗਲਾ ਸਾਹਿਬ ਅਤੇ ਭਾਈ ਹਰਜਿਦੰਰ ਸਿੰਘ ਸ੍ਰੀ ਨਗਰ ਵਾਲਿਆ ਨੇ ਕੀਰਤਨ ਕੀਤਾ ਹੈ। ਦੱਸ ਦੇਈਏ ਕਿ ਅਖੰਡ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਰਧਾਂਜਲੀ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਵਿਖੇ ਹੋਇਆ।
ਉਨ੍ਹਾਂ ਦੇ ਘਰ ਵਿਚ ਰੱਖੇ ਅਖੰਡ ਸਾਹਿਬ ਮੌਕੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪ੍ਰੇਮ ਸਿੰਘ ਚੰਦੂਮਾਜਰਾ,ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿਘ ਬਾਜਾਵਾ ਅਤੇ ਹੋਰ ਕਈ ਸੀਨੀਅਰ ਲੀਡਰ ਮੌਜੂਦ ਸਨ।