ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਉਨ੍ਹਾਂ ਨੂੰ ਮਈ 2022 ਵਿਚ ਇਸ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮਈ 2023 ਤੋਂ ਮੈਡੀਕਲ ਜ਼ਮਾਨਤ 'ਤੇ ਹੈ। ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੀ ਬੈਂਚ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਅਤੇ ਉਸ ਨੂੰ ਜੇਲ੍ਹ ਪ੍ਰਸ਼ਾਸਨ ਅੱਗੇ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ।
ਜੈਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ: ਸਤੇਂਦਰ ਜੈਨ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਦੀ ਹਾਲਤ ਠੀਕ ਨਹੀਂ ਹੈ। ਹਾਲਾਂਕਿ ਜਸਟਿਸ ਤ੍ਰਿਵੇਦੀ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਆਤਮ ਸਮਰਪਣ ਕਰਨਾ ਹੋਵੇਗਾ। ਇਸ ਤੋਂ ਪਹਿਲਾਂ, 17 ਜਨਵਰੀ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ, ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ (Delhi Excise Policy) ਨੇ ਸਤੇਂਦਰ ਜੈਨ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਨੁਮਾਇੰਦਗੀ ਕੀਤੀ।
ਸਬੂਤਾਂ ਅਤੇ ਹਾਲਾਤਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ: ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਦਲੀਲ ਦਿੱਤੀ ਸੀ ਕਿ ਡਾਇਰੈਕਟਰ ਦਾ ਅਹੁਦਾ ਛੱਡਣ ਤੋਂ ਬਾਅਦ ਵੀ ਜੈਨ ਨੇ ਕੰਪਨੀਆਂ 'ਤੇ ਪ੍ਰਭਾਵਸ਼ਾਲੀ ਕੰਟਰੋਲ ਕਾਇਮ ਰੱਖਿਆ ਅਤੇ ਐਂਟਰੀਆਂ ਰਾਹੀਂ ਇਨ੍ਹਾਂ ਕੰਪਨੀਆਂ 'ਚ 4 ਕਰੋੜ ਰੁਪਏ ਤੋਂ ਵੱਧ ਦੀ ਬੇਹਿਸਾਬੀ ਨਕਦੀ ਪ੍ਰਾਪਤ ਹੋਈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਤੇਂਦਰ ਜੈਨ ਨੇ ਅਸਲ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਰਾਹੀਂ ਇਨ੍ਹਾਂ ਕੰਪਨੀਆਂ ਨੂੰ ਕੰਟਰੋਲ ਕੀਤਾ ਅਤੇ ਅਦਾਲਤ ਨੂੰ ਹੇਠਲੀਆਂ ਅਦਾਲਤਾਂ ਦੀਆਂ ਖੋਜਾਂ ਨੂੰ ਪਾਸੇ ਰੱਖਣ ਦੀ ਵੀ ਅਪੀਲ ਕੀਤੀ ਜਿਨ੍ਹਾਂ ਨੇ ਜੈਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਭਿਸ਼ੇਕ ਸਿੰਘਵੀ ਨੇ ਅਦਾਲਤ ਨੂੰ ਸਾਰੇ ਸਬੂਤਾਂ ਅਤੇ ਹਾਲਾਤਾਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ।
ਪਿਛਲੇ ਸਾਲ ਮਈ 'ਚ ਸੁਪਰੀਮ ਕੋਰਟ ਨੇ ਸਤੇਂਦਰ ਜੈਨ ਨੂੰ ਮੈਡੀਕਲ ਆਧਾਰ 'ਤੇ ਅੰਤ੍ਰਿਮ ਜ਼ਮਾਨਤ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਕਈ ਵਾਰ ਵਧਾਈ। ਸਤੇਂਦਰ ਜੈਨ ਨੂੰ ਮਈ 2022 ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਕਥਿਤ ਤੌਰ 'ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਦੁਆਰਾ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਨੇ ਦਿੱਲੀ ਹਾਈ ਕੋਰਟ ਦੇ 6 ਅਪ੍ਰੈਲ, 2023 ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ, ਜਿਸ ਨੇ ਇਸ ਮਾਮਲੇ ਵਿੱਚ ਉਸਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਈਡੀ ਨੇ ਸਤੇਂਦਰ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ 2017 ਵਿੱਚ ਦਰਜ ਸੀਬੀਆਈ ਐਫਆਈਆਰ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਸੀ।