ਵਾਸ਼ਿੰਗਟਨ: ਅਮਰੀਕਾ 'ਚ ਹਾਲ ਦੇ ਦਿਨਾਂ 'ਚ ਭਾਰਤੀ ਵਿਦਿਆਰਥੀਆਂ 'ਤੇ ਹਮਲੇ ਵਧੇ ਹਨ। ਇਨ੍ਹਾਂ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਪੱਸ਼ਟੀਕਰਨ ਦਿੱਤਾ ਹੈ। ਭਾਰਤੀ ਵਿਦਿਆਰਥੀਆਂ 'ਤੇ ਹੋਏ ਹਮਲਿਆਂ ਬਾਰੇ ਵ੍ਹਾਈਟ ਹਾਊਸ ਨੇ ਕਿਹਾ ਕਿ ਅਜਿਹੇ ਹਮਲੇ ਬਰਦਾਸ਼ਤਯੋਗ ਨਹੀਂ ਹਨ। ਵ੍ਹਾਈਟ ਹਾਊਸ 'ਚ ਰਾਸ਼ਟਰੀ ਸੁਰੱਖਿਆ ਪਰਿਸ਼ਦ 'ਚ ਰਣਨੀਤਕ ਸੰਚਾਰ ਦੇ ਕੋਆਰਡੀਨੇਟਰ ਜੌਹਨ ਕਿਰਬੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਮਰੀਕਾ 'ਚ ਨਸਲ, ਲਿੰਗ ਜਾਂ ਕਿਸੇ ਵੀ ਹੋਰ ਕਾਰਕ 'ਤੇ ਆਧਾਰਿਤ ਹਿੰਸਾ ਲਈ ਕੋਈ ਥਾਂ ਨਹੀਂ ਹੈ। ਇਸ ਲਈ ਕੋਈ ਬਹਾਨਾ ਨਹੀਂ ਬਣਾਇਆ ਜਾ ਸਕਦਾ।
ਹਿੰਸਾ ਲਈ ਕੋਈ ਵੀ ਬਹਾਨਾ ਜਾਇਜ਼ ਨਹੀਂ: ਕਿਰਬੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨੂੰ ਸਮਝਦਾ ਹੈ। ਇਨ੍ਹਾਂ ਨੂੰ ਰੋਕਣ ਲਈ ਪ੍ਰਸ਼ਾਸਨਿਕ ਅਦਾਰੇ ਬਹੁਤ ਮਿਹਨਤ ਕਰ ਰਹੇ ਹਨ। ਭਾਰਤੀ ਵਿਦਿਆਰਥੀਆਂ 'ਤੇ ਹਾਲ ਹੀ ਵਿੱਚ ਹੋਏ ਹਮਲਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਿੰਸਾ ਲਈ ਕੋਈ ਵੀ ਬਹਾਨਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਕਿਸੇ ਵਿਅਕਤੀ 'ਤੇ ਨਸਲ, ਲਿੰਗ ਜਾਂ ਧਰਮ ਜਾਂ ਕਿਸੇ ਹੋਰ ਆਧਾਰ 'ਤੇ ਹਮਲਾ ਕਰਨਾ ਬਿਲਕੁਲ ਅਸਵੀਕਾਰਨਯੋਗ ਹੈ।
ਦੋਸ਼ੀ ਖਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ: ਕਿਰਬੀ ਨੇ ਕਿਹਾ ਕਿ ਸਾਰਿਆਂ ਨੂੰ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝਣਾ ਚਾਹੀਦਾ ਹੈ। ਜੋ ਵੀ ਅਜਿਹੇ ਅਪਰਾਧ ਦਾ ਦੋਸ਼ੀ ਪਾਇਆ ਗਿਆ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਕਿਸਮ ਦੇ ਹਮਲਿਆਂ ਨੂੰ ਨਾਕਾਮ ਕਰਨ ਅਤੇ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਰਾਜ ਅਤੇ ਸਥਾਨਕ ਅਧਿਕਾਰੀਆਂ ਨਾਲ ਕੰਮ ਕਰ ਰਹੇ ਹਾਂ। ਇਹ ਬਿਆਨ ਅਮਰੀਕਾ ਵਿਚ ਭਾਰਤੀਆਂ ਅਤੇ ਭਾਰਤੀ-ਅਮਰੀਕੀਆਂ 'ਤੇ ਹਮਲਿਆਂ ਅਤੇ ਮੌਤਾਂ ਵਿਚ ਅਚਾਨਕ ਵਾਧੇ ਦੇ ਦੌਰਾਨ ਆਇਆ ਹੈ।