ਬਰਨਾਲਾ: ਪੰਜਾਬ ਦੀਆਂ ਚਾਰ ਵਿੱਚੋਂ ਤਿੰਨ ਸੀਟਾਂ ਲਈ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਭਾਜਪਾ ਵੱਲੋਂ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਅੱਜ ਬਰਨਾਲਾ ਵਿਖੇ ਬੀਜੇਪੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਬਰਨਾਲਾ ਪਹੁੰਚੇ। ਇਸ ਦੌਰਾਨ ਉਹਨਾਂ ਪੰਜਾਬ ਦੇ ਅਲੱਗ ਅਲੱਗ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਘੇਰਿਆ।
ਜ਼ਿਮਨੀ ਚੋਣਾਂ ਉੱਤੇ ਨਿਸ਼ਾਨਾ
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਦੱਸਿਆ ਕਿ ਪੰਜਾਬ ਦੀਆਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਨ੍ਹਾਂ 'ਚੋਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੀ ਸੀਟ ਉੱਤੇ ਕੱਲ੍ਹ ਨੂੰ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਜਦਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇਣਗੇ, ਉਨ੍ਹਾਂ 'ਆਪ' ਦੇ ਉਸ ਬਿਆਨ ਦਾ ਵੀ ਖੰਡਨ ਕੀਤਾ, ਜਿਸ 'ਚ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਉੱਤੇ ਝੋਨੇ ਦੀ ਖਰੀਦ ਨਾ ਕਰਵਾਉਣ ਦੇ ਇਲਜ਼ਾਮ ਲਗਾ ਰਹੀ ਹੈ।
ਪੰਜਾਬ ਸਰਕਾਰ 'ਤੇ ਨਿਸ਼ਾਨਾ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਕਿਸਾਨਾਂ ਨੂੰ ਅੱਗੇ ਵਧਾਉਣ ਦਾ ਕੰਮ ਕਰਦੀ ਰਹੀ ਹੈ ਅਤੇ ਇਸ ਦੇ ਨਾਲ ਹੀ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਰਨਾਲਾ ਵਿੱਚ ਭਾਰਤੀ ਜਨਤਾ ਪਾਰਟੀ ਪੂਰੀ ਮਿਹਨਤ ਨਾਲ ਚੋਣ ਲੜੇਗੀ ਅਤੇ ਵੱਡੀ ਲੀਡ ਨਾਲ ਇਸ ਸੀਟ ਨੂੰ ਜਿੱਤੇਗੀ। ਉਨ੍ਹਾਂ ਬਰਨਾਲਾ ਵਿੱਚ ਕਿਸੇ ਵੀ ਕਿਸਮ ਦੀ ਪਾਰਟੀ ਵਿੱਚ ਧੜੇਬੰਦੀ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਬਿੱਟੂ ਵੀ ਜਲਦੀ ਹੀ ਪੰਜਾਬ ਦੀਆਂ ਚਾਰੇ ਸੀਟਾਂ 'ਤੇ ਚੋਣ ਪ੍ਰਚਾਰ ਕਰਨਗੇ।