ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਸੂਬੇ 'ਚ ਇਸ ਸਮੇਂ ਤਰਸਯੋਗ ਬਣੀ ਹੋਈ ਹੈ। ਸੁਖਬੀਰ ਬਾਦਲ ਸਣੇ ਵੱਡੇ ਅਕਾਲੀ ਲੀਡਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਧਾਰਮਿਕ ਸਜ਼ਾ ਭੁਗਤ ਰਹੇ ਹਨ। ਇਸ ਮਾਮਲੇ ਨੂੰ ਲੈਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਪਰਮਜੀਤ ਸਿੰਘ ਸਰਨਾ ਨੇ ਆਪਣਾ ਪੱਖ ਰੱਖਿਆ ਹੈ। ਜਦਕਿ ਪਰਮਜੀਤ ਸਿੰਘ ਸਰਨਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਦਰਬਾਰ ਸਾਹਿਬ ਨਤਮਸਤਕ ਮਨਜੀਤ ਸਿੰਘ ਜੀਕੇ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇੱਸ ਮੌਕੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਜੀਕੇ ਨੇ ਕਿਹਾ ਕਿ ਉਹ ਗੁਰੂ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ। ਉਹਨਾਂ ਨੇ ਕਿਹਾ ਕਿ ਇਸ ਵਕਤ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਨੇ, ਜਿਨਾਂ ਵਿੱਚੋਂ ਪੰਥ ਨੂੰ ਨਿਕਲਣਾ ਬਹੁਤ ਜ਼ਰੂਰੀ ਹੈ।
ਪੰਜਾਬ ਤੋਂ ਚੱਲਣ ਵਾਲੀ ਪਾਰਟੀ ਅਕਾਲੀ ਦਲ
ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਖੇਤਰੀ ਪਾਰਟੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਅਵਾਮ ਵੀ ਚਾਹੁੰਦੀ ਹੈ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਰਿਵਾਈਵ ਹੋਵੇ। ਉਹਨਾਂ ਨੇ ਕਿਹਾ ਕਿ ਬਾਕੀ ਸਾਰੀਆਂ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਸਿਰਫ ਪੰਜਾਬ ਤੋਂ ਹੀ ਚੱਲਦੀ ਹੈ ਤੇ ਪੰਜਾਬੀਆਂ ਦੀ ਪਾਰਟੀ ਹੈ।
ਮੁੱਖ ਮੰਤਰੀ ਸੋਚ ਸਮਝ ਕੇ ਦੇਣ ਬਿਆਨ
ਇਸ ਦੇ ਨਾਲ ਹੀ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਿਤੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਉੱਤੇ ਆਪ ਤਾਂ ਗੋਲੀ ਨਹੀਂ ਚਲਵਾਈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਬਿਆਨਾਂ ਦੇ ਨਾਲ ਸਿਆਸਤ ਨਹੀਂ ਕਰਨੀ ਚਾਹੀਦੀ। ਉਥੇ ਹੀ 'ਇੱਕ ਰਾਸ਼ਟਰ ਇੱਕ ਚੋਣ' ਨੂੰ ਲੈ ਕੇ ਵੀ ਮਨਜੀਤ ਸਿੰਘ ਜੀਕੇ ਨੇ ਕੇਂਦਰ ਸਰਕਾਰ 'ਤੇ ਵੀ ਕਈ ਸਵਾਲ ਖੜੇ ਕੀਤੇ। ਉਨ੍ਹਾਂ ਨੇ ਕਿਹਾ ਕਿ ਇਸ ਬਿੱਲ ਦੇ ਵਿੱਚ ਕਾਫੀ ਖਾਮੀਆਂ ਹਨ।
ਕਿਸਾਨਾਂ ਦੇ ਮੁੱਦੇ 'ਤੇ ਆਖੀ ਇਹ ਗੱਲ
ਕਿਸਾਨਾਂ ਦੇ ਮੁੱਦੇ 'ਤੇ ਉੱਤੇ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਨਾਲ ਮੀਟਿੰਗ ਕਰਨੀ ਚਾਹੀਦੀ ਹੈ ਤਾਂ ਜੋ ਉਹਨਾਂ ਦੇ ਮਸਲੇ ਹੱਲ ਹੋ ਸਕਣ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੇ ਜੋ ਮਰਨ ਵਰਤ ਸ਼ੁਰੂ ਕੀਤਾ ਹੈ ਤਾਂ ਉਹ ਉਸ ਤੋਂ ਹੁਣ ਪਿਛੇ ਹਟਣ ਵਾਲੇ ਨਹੀਂ ਹਨ ਤੇ ਸਰਕਾਰ ਨੂੰ ਇਸ ਗੱਲ 'ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਇਕਜੁੱਟ ਹੋਣ ਦੀ ਗੱਲ ਆਖੀ।
ਅਕਾਲੀ ਲੀਡਰਸ਼ਿਪ ਨੇ ਪੂਰੀ ਕੀਤੀ ਧਾਰਮਿਕ ਸਜ਼ਾ
ਉਥੇ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਲੈਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਤਨਖਾਹ ਲਗਾਈ ਗਈ ਸੀ, ਉਹ ਲੀਡਰਸ਼ਿਪ ਨੇ ਪੂਰੀ ਕਰ ਲਈ ਹੈ। ਇਹ ਤਨਖਾਹ ਪੂਰੀ ਹੋਣ ਦੇ ਵਿੱਚ ਅਸੀਂ ਅਕਾਲ ਪੁਰਖ ਦਾ ਧੰਨਵਾਦ ਕਰਦੇ ਹਾਂ। ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈਕੇ ਸਰਨਾ ਨੇ ਕਿਹਾ ਕਿ ਗੋਲੀ ਚਲਾਉਣ ਵਾਲੇ ਦਾ ਨਿਸ਼ਾਨਾ ਸਹੀ ਸੀ ਪਰ ਗੁਰੂ ਰਾਮਦਾਸ ਅੱਗੇ ਕਿਸੇ ਦਾ ਨਿਸ਼ਾਨਾ ਚੱਲ ਨਹੀਂ ਸਕਿਆ।
ਸੁਧਾਰ ਲਹਿਰ 'ਤੇ ਵੀ ਬੋਲੇ ਪਰਮਜੀਤ ਸਰਨਾ
ਇਸ ਦੇ ਨਾਲ ਹੀ ਅਕਾਲੀ ਦਲ ਸੁਧਾਰ ਲਹਿਰ ਭੰਗ ਕਰਨ ਦੇ ਮਾਮਲੇ 'ਤੇ ਬੋਲਦਿਆਂ ਪਰਮਜੀਤ ਸਰਨਾ ਨੇ ਕਿਹਾ ਕਿ ਬੇਸ਼ੱਕ ਸੁਧਾਰ ਲਹਿਰ ਭੰਗ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਚੱਲਣ ਦੀ ਉਨ੍ਹਾਂ ਗੱਲ ਆਖੀ ਹੈ। ਇਹ ਦੇਖਣਾ ਹੋਵੇਗਾ ਕਿ ਉਨ੍ਹਾਂ ਦੇ ਅਕਾਲੀ ਲੀਡਰਸ਼ਿਪ ਪ੍ਰਤੀ ਕੀ ਵਿਚਾਰ ਹਨ ਤੇ ਕਿਵੇਂ ਵਿਚਰਦੇ ਹਨ, ਜਿਸ ਤੋਂ ਬਾਅਦ ਹੀ ਕੋਈ ਗੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲਹਿਰ ਚਲਾਉਣ ਵਾਲੇ ਲਹਿਰਾਂ ਨੂੰ ਬੰਦ ਨੀ ਕਰਦੇ ਹੁੰਦੇ।
ਅਕਾਲੀ ਝੰਡੇ ਹੇਠ ਇਕੱਠੇ ਹੋਣ ਕਿਸਾਨ
ਉਥੇ ਹੀ ਕਿਸਾਨਾਂ ਦੇ ਮਸਲੇ 'ਤੇ ਬੋਲਦਿਆਂ ਪਰਮਜੀਤ ਸਰਨਾ ਨੇ ਕਿਹਾ ਕਿ ਕਿਸਾਨਾਂ ਦਾ ਜਿਹੜਾ ਪਿੜ ਸੀ, ਉਹ ਸ਼੍ਰੋਮਣੀ ਅਕਾਲੀ ਦਲ ਸੀ ਤੇ ਵੱਡਾ ਹਿੱਸਾ ਕਿਸਾਨ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣਾ ਪਿੜ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ, ਜਿਸ ਕਾਰਨ ਦੂਜੀਆਂ ਸਿਆਸੀਆਂ ਪਾਰਟੀਆਂ ਕਿਸਾਨਾਂ ਦਾ ਇਮਤਿਹਾਨ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਨੇ ਆਪਣੀਆਂ ਮੰਗਾਂ ਮੰਨਵਾਉਣੀਆਂ ਹਨ ਤਾਂ ਉਨ੍ਹਾਂ ਨੂੰ ਅਕਾਲੀ ਦਲ ਦੇ ਝੰਡੇ ਦੇ ਹੇਠਾਂ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਕਿਸਾਨਾਂ ਨੂੰ ਸਿਰਫ਼ ਲਾਰੇ ਹੀ ਲਾਉਣਗੀਆਂ, ਜਦਕਿ ਅਕਾਲੀ ਦਲ ਦੀ ਅਗਵਾਈ 'ਚ ਉਨ੍ਹਾਂ ਦੀ ਜਿੱਤ ਯਕੀਨੀ ਹੋਵੇਗੀ।