ਚੰਡੀਗੜ੍ਹ: 2024 ਦੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੋਣਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਘੱਟੋ-ਘੱਟ 1,000 ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ 206 ਪੰਚਾਇਤਾਂ ਉੱਤੇ ਲਗਾਈ ਪਬੰਦੀ ਨੂੰ ਹਟਾ ਲਿਆ ਗਿਆ ਹੈ ਅਤੇ ਹਾਈਕੋਰਟ ਦੇ ਹੁਕਮ ਮੁਤਾਬਿਕ ਹੁਣ ਪੂਰੇ ਸੂਬੇ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਅਦਾਲਤ ਦਾ ਫੈਸਲਾ ਚੋਣ ਪ੍ਰਕਿਰਿਆ ਨੂੰ ਯੋਜਨਾ ਅਨੁਸਾਰ ਜਾਰੀ ਰੱਖਣ ਦੀ ਇਜਾਜ਼ਤ ਦਿੰਦਾ ਹੈ, ਇਹ ਯਕੀਨੀ ਬਣਾਉਂਦਾ ਹੈ ਕਿ ਚੋਣਾਂ ਬਿਨਾਂ ਕਿਸੇ ਕਾਨੂੰਨੀ ਰੁਕਾਵਟ ਦੇ 15 ਅਕਤੂਬਰ ਯਾਨੀ ਅੱਜ ਕਰਵਾਈਆਂ ਜਾਣਗੀਆਂ।
ਇਤਰਾਜ਼ ਮਗਰੋਂ ਚੋਣਾਂ ਉੱਤੇ ਲੱਗੀ ਸੀ ਪਬੰਦੀ
ਦੱਸ ਦਈਏ ਇਸ ਤੋਂ ਪਹਿਲਾਂ ਪੰਜਾਬ ਦੇ ਕਈ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਉੱਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਪੰਚਾਇਤੀ ਚੋਣਾਂ ਦੀਆਂ ਵੋਟਾਂ ਅਤੇ ਨਾਮਜ਼ਦਗੀਆਂ ਨੂੰ ਲੈਕੇ ਸੈਂਕੜੇ ਪਿੰਡਾਂ ਵਿੱਚ ਲੋਕਾਂ ਨੇ ਇਤਰਾਜ਼ ਜਤਾਏ ਸਨ ਅਤੇ ਇਤਰਾਜ਼ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚੇ ਸਨ। ਉਸ ਸਮੇਂ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚੇ ਇਤਰਾਜ਼ ਮਗਰੋਂ ਅਦਾਲਤ ਨੇ ਸਖ਼ਤ ਫੈਸਲਾ ਲੈਂਦਿਆਂ 300 ਦੇ ਕਰੀਬ ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਸਨ।
ਸਾਰੇ ਪੰਜਾਬ ਵਿੱਚ ਅੱਜ ਹੋਵੇਗੀ ਵੋਟਿੰਗ
ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਵੀ ਜਵਾਬ ਨਹੀਂ ਮਿਲਿਆ ਸੀ ਤਾਂ ਹਾਈਕੋਰਟ ਨੇ ਇਸ ਸਬੰਧੀ ਸਖ਼ਤ ਹੁਕਮ ਜਾਰੀ ਕਰ ਦਿੱਤਾ ਸੀ। ਹਾਈਕੋਰਟ ਵੱਲੋਂ ਚੋਣਾਂ ਉੱਤੇ ਰੋਕ ਲਗਾ ਦਿੱਤੀ ਗਈ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਪਿੰਡਾਂ ਵਿੱਚ ਹੀ ਇਹ ਰੋਕ ਲਾਈ ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ। ਬਾਕੀ ਪੰਜਾਬ ਦੇ ਪਿੰਡਾਂ ਵਿੱਚ ਤੈਅ ਮਿਤੀ 15 ਅਕਤੂਬਰ ਦਿਨ ਮੰਗਲਵਾਰ ਨੂੰ ਹੀ ਕਰਵਾਈਆਂ ਜਾਣੀਆਂ ਸਨ, ਪਰ ਹੁਣ ਨਵੀਂ ਅਪਡੇਟ ਮੁਤਾਬਿਕ ਹਾਈਕੋਰਟ ਨੇ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਕੇ ਅੱਜ ਯਾਨੀ ਕਿ ਮੰਗਲਵਾਰ ਨੂੰ ਹੀ ਪੰਚਾਇਤੀ ਚੋਣਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ। 206 ਪਿੰਡਾਂ ਉੱਤੇ ਲਗਾਈ ਗਈ ਰੋਕ ਨੂੰ ਵੀ ਹਾਈਕੋਰਟ ਨੇ ਹਟਾ ਦਿੱਤਾ ਹੈ।