ਲੁਧਿਆਣਾ: ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੀ ਖਾਦ ਨਾ ਮਿਲਣ ਦੇ ਚੱਲਦਿਆਂ ਅਕਾਲੀ ਦਲ ਨੇ ਰੋਸ ਜਤਾਇਆ ਹੈ ਅਤੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਦੌਰਾਨ ਉਹਨਾਂ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਕਦੇ ਵੀ ਕਠਿਨਾਈ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਂਦਾ ਸੀ ਅਤੇ ਹੁਣ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਵੀ ਨਹੀਂ ਮਿਲ ਰਹੀ ਜੇਕਰ ਮਿਲ ਰਹੀ ਹੈ ਤਾਂ ਉਸ ਦੀ ਕਾਲਾ ਬਜਾਰੀ ਹੋ ਰਹੀ ਹੈ।
ਕਿਸਾਨਾਂ ਨੂੰ ਪਰੇਸ਼ਾਨੀਆਂ
ਇਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਅਤੇ ਅਕਾਲੀ ਦਲ ਦੇ ਨਗਰ ਨਿਗਮ ਵਿਰੋਧੀ ਧਿਰ ਦੇ ਨੇਤਾ ਜਸਪਾਲ ਸਿੰਘ ਗਿਆਸਪੁਰਾ ਵੀ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨ ਲਗਾਤਾਰ ਮੰਡੀਆਂ ਦੇ ਵਿੱਚ ਪਰੇਸ਼ਾਨ ਹੋ ਰਹੇ ਹਨ। ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੋਵਾਂ ਦੀ ਮਿਲੀਭੁਗਤ ਦੇ ਨਾਲ ਕਿਸਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫਸਲ ਦੀ ਲਿਫਟਿੰਗ ਜਲਦੀ ਕਰਵਾਈ ਜਾਵੇ
ਹਾਲਾਂਕਿ ਉਹਨਾਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਸ ਸਮੇਂ ਦੌਰਾਨ 21 ਤੱਕ ਨਮੀ ਰਹਿੰਦਾ ਸੀ ਅਤੇ ਕਈ ਵਾਰ ਬਾਰਿਸ਼ ਵੀ ਹੋਈ ਹੈ ਪਰ ਬਾਵਜੂਦ ਇਸ ਦੇ ਕਿਸਾਨਾਂ ਦੀ ਫਸਲ ਚੁਕਵਾਈ ਗਈ। ਇਹ ਸਭ ਮੁੱਖ ਮੰਤਰੀ ਦੇ ਹੱਥ ਹੈ ਕਿ ਉਹਨਾਂ ਵੱਲੋਂ ਕੇਂਦਰ ਸਰਕਾਰ ਦੇ ਨਾਲ ਤਾਲਮੇਲ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਅਤੇ ਉਨ੍ਹਾਂ ਦੀ ਫਸਲ ਦੀ ਲਿਫਟਿੰਗ ਜਲਦੀ ਕਰਵਾਈ ਜਾਵੇ।
ਹਾਲਾਂਕਿ ਡੀਏਪੀ ਖਾਦ ਨੂੰ ਲੈ ਕੇ ਵੀ ਉਹਨਾਂ ਸੂਬਾ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਡੀਏਪੀ ਖਾਦ ਕਿਸਾਨਾਂ ਨੂੰ ਨਹੀਂ ਮਿਲ ਰਹੀ ਅਤੇ ਜੇਕਰ ਮਿਲ ਰਹੀ ਹੈ ਤਾਂ ਉਸ ਦੀ ਕਾਲਾਬਜ਼ਾਰੀ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਅੱਜ ਉਹ ਸਰਕਾਰ ਦੇ ਖਿਲਾਫ ਰੋਸਸ ਪ੍ਰਦਰਸ਼ਨ ਕਰਨ ਆਏ ਨੇ ਤਾਂ ਕਿ ਸਰਕਾਰ ਜਾਗੇ ਅਤੇ ਕਿਸਾਨਾਂ ਦੇ ਮਸਲੇ ਹੱਲ ਹੋਣ।