ਨਵੀਂ ਦਿੱਲੀ: ਸੰਸਦ ਦਾ ਆਗਾਮੀ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋ ਕੇ 20 ਦਸੰਬਰ ਤੱਕ ਚੱਲੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਦੇ ਦੋਵੇਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਰਿਜਿਜੂ ਨੇ ਇੱਕ ਪੋਸਟ ਵਿੱਚ ਕਿਹਾ ਕਿ ਇਹ ਪ੍ਰੋਗਰਾਮ ਸੰਵਿਧਾਨ ਨੂੰ ਅਪਣਾਉਣ ਦੀ 75ਵੀਂ ਵਰ੍ਹੇਗੰਢ 'ਤੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਮਨਾਇਆ ਜਾਵੇਗਾ।
ਇਹ ਸੈਸ਼ਨ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਦੋ ਦਿਨ ਬਾਅਦ ਹੋਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਆਗਾਮੀ ਸਰਦ ਰੁੱਤ ਸੈਸ਼ਨ 'ਚ ਮੋਦੀ ਸਰਕਾਰ ਦੇ ਵਿਵਾਦਤ ਵਕਫ (ਸੋਧ) ਬਿੱਲ ਨੂੰ ਦੋਵਾਂ ਸਦਨਾਂ 'ਚ ਪਾਸ ਕਰਵਾਉਣ 'ਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 'ਵਨ ਨੇਸ਼ਨ, ਵਨ ਇਲੈਕਸ਼ਨ' 'ਤੇ ਬਿੱਲ ਪੇਸ਼ ਕੀਤਾ ਜਾ ਸਕਦਾ ਹੈ।
ਵਕਫ਼ ਸੋਧ ਬਿੱਲ 2024 'ਤੇ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਨਿਯਮਿਤ ਤੌਰ 'ਤੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਹਿੱਸੇਦਾਰਾਂ ਨਾਲ ਉਨ੍ਹਾਂ ਦੇ ਸਵਾਲਾਂ ਨੂੰ ਹੱਲ ਕਰਨ ਅਤੇ ਵਿਵਾਦਪੂਰਨ ਬਿੱਲ 'ਤੇ ਸਹਿਮਤੀ ਬਣਾਉਣ ਲਈ ਆਪਣੀਆਂ ਮੀਟਿੰਗਾਂ ਕਰ ਰਹੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਕਫ਼ (ਸੋਧ) ਬਿੱਲ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਸੀ ਕਿ ਇਸ ਨੂੰ ਸਰਦ ਰੁੱਤ ਸੈਸ਼ਨ 'ਚ ਲਿਆਂਦਾ ਜਾਵੇਗਾ। ਹਰਿਆਣਾ ਦੇ ਗੁਰੂਗ੍ਰਾਮ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਅਸੀਂ ਸੰਸਦ ਦੇ ਅਗਲੇ ਸੈਸ਼ਨ 'ਚ ਵਕਫ ਬੋਰਡ ਕਾਨੂੰਨ ਨੂੰ ਹੱਲ ਕਰ ਲਵਾਂਗੇ।