ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਐਸਪੀਸੀਐਲ ਦੇ ਮੁਲਾਜ਼ਮਾਂ ਵੱਲੋਂ ਹੁਣ ਸਰਕਾਰ ਖਿਲਾਫ ਤਿੱਖਾ ਸੰਘਰਸ਼ ਛੇੜਦੇ ਹੋਏ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
PSEB ਇਮਪਲਾਈਜ ਜੋਇੰਟ ਫੋਰਮ ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਤਿੰਨ ਦਿਨਾਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਸਮੂਹ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬਠਿੰਡਾ ਵਿਖੇ ਵੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰ ਕੌਮ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਆਉਣ ਵਾਲੀਆਂ ਮੁਸ਼ਕਲਾਂ ਲਈ ਜਿੰਮੇਵਾਰ ਪੰਜਾਬ ਸਰਕਾਰ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਗਾਤਾਰ ਸਰਕਾਰ ਉਨ੍ਹਾਂ ਨਾਲ ਸਿਰਫ ਮੀਟਿੰਗਾਂ ਕਰ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਉਨ੍ਹਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਦੀ ਹੜਤਾਲ ਨਾਲ ਪਾਵਰ ਕੌਮ ਨੂੰ ਹੋਣ ਵਾਲੇ ਨੁਕਸਾਨ ਅਤੇ ਉਪਭੋਗੀਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਬਿਜਲੀ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਛੁੱਟੀ ਭਰ ਦਿੱਤੀ
ਸੂਬੇ ਭਰ ਦੇ 20 ਹਜ਼ਾਰ ਤੋਂ ਜਿਆਦਾ ਬਿਜਲੀ ਮੁਲਾਜ਼ਮਾਂ ਨੇ ਤਿੰਨ ਦਿਨਾਂ ਦੀ ਛੁੱਟੀ ਭਰ ਦਿੱਤੀ ਹੈ ਜਿਸ ਕਾਰਨ ਦਫ਼ਤਰ ਖਾਲੀ ਹੋ ਗਏ ਹਨ ਅਤੇ ਮੁਲਾਜ਼ਮਾਂ ਦੀ ਛੁੱਟੀ ਤੋਂ ਬਾਅਦ ਹੁਣ ਐਕਸੀਅਨ ਨੇ ਪੂਰੀ ਗਰਿੱਡ ਸੰਭਾਲ ਲਈ ਹੈ। ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਨੇਕਾਂ ਹੀ ਸਾਥੀ ਡਿਊਟੀ ਦੌਰਾਨ ਮੌਤ ਦੇ ਮੂੰਹ ’ਚ ਚਲੇ ਗਏ ਹਨ। ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦਾ ਹੱਕ ਨਹੀਂ ਮਿਲਦਾ ਜਿਸ ਕਾਰਨ ਉਨ੍ਹਾਂ ਵੱਲੋਂ ਤਿੰਨ ਦੀ ਛੁੱਟੀ ਲੈ ਲਈ ਗਈ ਹੈ।
ਖਾਲੀ ਪਈਆਂ ਅਸਾਮੀਆਂ ਨੂੰ ਸਰਕਾਰ ਜਲਦੀ ਤੋਂ ਜਲਦੀ ਭਰੇ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਹਨ ਕੀ ਜੋ ਮੁਲਾਜ਼ਮ ਡਿਊਟੀ ਦੌਰਾਨ ਮਰ ਗਏ ਹਨ। ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਦੀ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਜੋ ਮੁਲਾਜ਼ਮ ਡਿਊਟੀ ਦੌਰਾਨ ਜ਼ਖਮੀ ਹੋ ਜਾਂਦਾ ਹੈ ਉਸਦਾ ਕੈਸ਼ ਲੈਸ ਇਲਾਜ ਹੋਵੇ। ਇਸ ਤੋਂ ਇਲਾਵਾ ਖਾਲੀ ਪਈਆਂ ਅਸਾਮੀਆਂ ਨੂੰ ਸਰਕਾਰ ਜਲਦੀ ਤੋਂ ਜਲਦੀ ਭਰੇ, ਜੋ ਮੁਲਾਜ਼ਮ ਕਾਫੀ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ। ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਉਹ ਆਉਣ ਵਾਲੇ ਸਮੇਂ ’ਚ ਹੋਰ ਦਿਨਾਂ ਦੀ ਵੀ ਛੁੱਟੀ ਭਰ ਸਕਦੇ ਹਨ।
ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ
ਜਾਣਕਾਰੀ ਮੁਤਾਬਿਕ ਸੂਬੇ ਭਰ ਦੇ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼ ਵੱਲੋਂ 10 ਸਤੰਬਰ ਤੋਂ 12 ਸਤੰਬਰ ਤੱਕ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਕਰ ਲਈ ਗਈ ਹੈ। ਮੁਲਾਜ਼ਮਾਂ ਦੇ ਛੁੱਟੀ ’ਤੇ ਜਾਣ ਕਾਰਨ ਖ਼ਪਤਕਾਰਾਂ ਨੂੰ ਤਿੰਨ ਦਿਨਾਂ ’ਚ ਭਾਰੀ ਮੁਸ਼ਕਿਲਾਂ ਵੀ ਆ ਸਕਦੀਆਂ ਹਨ। ਧਰਨਾ ਦੇ ਰਹੇ ਬਿਜਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਇਸ ਤਰ੍ਹਾਂ ਛੁੱਟੀ ਭਰਨੀ ਪਈ।
ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਤਿੰਨ ਦਿਨਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।