ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ਉੱਤੇ ਦੇਰ ਰਾਤ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਦੀ ਭਿਆਨਕ ਟੱਕਰ ਹੋਈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ।
ਕਤਲੋਗਾਰਤ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼
ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਐਕਸੀਡੈਂਟ ਨਾਲ ਮੌਤ ਨਹੀਂ ਹੋਈ ਸਗੋਂ ਉਹਨਾਂ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਮਾਰੇ ਗਏ ਨੌਜਵਾਨਾਂ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਵੀ ਮਿਲ ਰਹੀਆਂ ਸਨ, ਜਿਸ ਕਾਰਣ ਉਹਨਾਂ ਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਾਲੇ ਲੋਕਾਂ ਵੱਲੋਂ ਹੀ ਨੌਜਵਾਨਾਂ ਨੂੰ ਕਤਲ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਇਸ ਕਤਲੋਗਾਰਤ ਨੂੰ ਹਾਦਸੇ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।
ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਜਾਰੀ
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾਣ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਇਹਨਾਂ ਦੀ ਮੌਤ ਦਾ ਅਸਲ ਕਾਰਨ ਕੀ ਹੈ। ਉੱਥੇ ਹੀ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਜਾਂਚ ਮਗਰੋਂ ਜੇਕਰ ਕਿਸੇ ਦਾ ਕਸੂਰ ਪਾਇਆ ਗਿਆ ਤਾਂ ਉਸ ਨੂੰ ਬਣਦੀ ਸਜ਼ਾ ਜ਼ਰੂਰ ਦਿੱਤੀ ਜਾਵੇਗੀ।