ਲੁਧਿਆਣਾ: ਜ਼ਿਲ੍ਹੇ ਵਿੱਚ ਅੱਜ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਮਨਾਏ ਗਏ। ਇਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਉਨ੍ਹਾਂ ਪਰੇਡ ਨੂੰ ਸਲਾਮੀ ਦਿੱਤੀ ਜਿਸ ਤੋਂ ਬਾਅਦ ਕੈਬਿਨਟ ਮੰਤਰੀ ਨੇ ਆਪਣੀ ਸਪੀਚ ਸ਼ੁਰੂ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ।
ਗਿਣਵਾਏ ਸਰਕਾਰ ਦੇ ਕੰਮ: ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਅਸੀਂ ਸਿਹਤ ਸਿੱਖਿਆ ਦੇ ਖੇਤਰ ਦੇ ਵਿੱਚ ਕਾਫੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਓਲੰਪਿਕ ਵਿੱਚ ਹਾਕੀ ਦੇ ਖਿਡਾਰੀਆਂ ਨੂੰ ਕਾਂਸੀ ਦਾ ਤਗ਼ਮਾ ਜਿੱਤੇ ਜਾਣ ਉੱਤੇ ਇੱਕ-ਇੱਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਅਸੀਂ ਸਿੱਖਿਆ ਦੇ ਖੇਤਰ ਦੇ ਵਿੱਚ ਵੀ ਲਗਾਤਾਰ ਕੰਮ ਕਰ ਰਹੇ ਹਨ।
ਲੋਕਾਂ ਦੇ ਜ਼ੀਰੋ ਬਿੱਲ ਆਏ: ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਚ ਲੋਕਾਂ ਲਈ ਬਿਜਲੀ ਦੀ ਜੋ ਮੁਫਤ ਸੁਵਿਧਾ ਸ਼ੁਰੂ ਕੀਤੀ ਗਈ, ਉਸ ਦਾ ਲੋਕਾਂ ਨੂੰ ਫਾਇਦਾ ਹੋਇਆ ਹੈ। ਉਨ੍ਹਾ ਕਿਹਾ ਕਿ 90 ਫੀਸਦੀ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਸੀਂ ਨਵੇਂ ਸਿਹਤ ਕੇਂਦਰ ਖੋਲ੍ਹੇ ਰਹੇ ਹਾਂ। ਕਾਲਜ ਵੀ ਖੋਲ੍ਹੇ ਜਾ ਰਹੇ ਹਨ।
ਕਈ ਸਕੀਮਾਂ ਦਾ ਉਪਰਾਲਾ: ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਵਿੱਚ ਪਿਛਲੇ 28 ਮਹੀਨਿਆਂ ਅੰਦਰ 44 ਹਜ਼ਾਰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਅਸੀਂ ਟੀਚਾ ਮਿੱਥਿਆ ਹੈ ਕਿ ਲੋਕਾਂ ਨੂੰ ਹਰ ਸੁਵਿਧਾ ਮੁਹਈਆ ਕਰਵਾਈ ਜਾਵੇ। ਇਸ ਤੋਂ ਇਲਾਵਾ, ਮੁਹੱਲਾ ਕਲੀਨਿਕ ਸਕੂਲ ਆਫ ਐਮੀਨੈਂਸ ਅਤੇ 'ਆਪ ਦੀ ਸਰਕਾਰ ਤੁਹਾਡੇ ਦੁਆਰ' ਵਰਗੀਆਂ ਕਈ ਸਕੀਮਾਂ ਸਰਕਾਰ ਵੱਲੋਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਲੋਕ ਫਾਇਦਾ ਲੈ ਰਹੇ ਹਨ।
ਸ਼ਹੀਦਾਂ ਨੂੰ ਸ਼ਰਧਾਂਜਲੀ : ਆਪਣੀ ਸਪੀਚ ਦੇ ਦੌਰਾਨ ਮੰਤਰੀ ਬਲਕਾਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਅੱਜ ਉਨ੍ਹਾਂ ਨੂੰ ਯਾਦ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲੇ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਨੇ ਕੇਂਦਰ ਸਰਕਾਰ ਨੂੰ ਸ਼ਹੀਦ ਊਧਮ ਸਿੰਘ ਅਤੇ ਭਗਤ ਸਿੰਘ ਨੂੰ ਭਾਰਤ ਰਤਨ ਸਨਮਾਨ ਦੇ ਨਾਲ ਨਿਵਾਜਨ ਦੀ ਅਪੀਲ ਕੀਤੀ ਹੈ।