ਚੰਡੀਗੜ੍ਹ: ਕਿਸਾਨੀ ਮੁਦਿਆਂ ਨੂੰ ਲੈਕੇ ਬੀਤੇ ਦਿਨੀਂ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਹਿਮ ਮੀਟਿੰਗ ਸਦੀ ਗਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਫੈਸਲਿਆਂ ਤਹਿਤ ਕਿਸਾਨਾਂ ਵੱਲੋਂ 16 ਜੁਲਾਈ ਨੂੰ ਦੋਵੇਂ ਮੋਰਚੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸਵੇਰੇ 11 ਵਜੇ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਨਵਦੀਪ ਦੀ ਰਿਹਾਈ ਲਈ ਆਰ ਪਾਰ ਦੀ ਲੜਾਈ : ਇਸ ਦੇ ਨਾਲ ਹੀ ਹਰਿਆਣਾ ਦੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ 17 ਜੁਲਾਈ ਨੂੰ ਅੰਬਾਲਾ ਦੀ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣਗੇ ਅਤੇ ਐਸ.ਪੀ ਅੰਬਾਲਾ ਦਾ ਘਿਰਾਓ ਕਰਨਗੇ। ਦੱਸਣਯੋਗ ਹੈ ਕਿ ਹਰਿਆਣਾ ਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਅੰਦੋਲਨ ਕਰ ਰਹੇ ਕਿਸਾਨ ਹੁਣ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਰਿਹਾਅ ਕਰਵਾਉਣ ਲਈ ਅਗਲੀ ਰਣਨੀਤੀ ਤਿਆਰ ਕਰ ਰਹੇ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਹੁਣ ਨਵਦੀਪ ਸਿੰਘ ਜਲਬੇੜਾ ਦੀ ਰਿਹਾਈ ਲਈ ਆਰਪਾਰ ਦੀ ਲੜਾਈ ਲੜਨ ਲਈ ਤਿਆਰ ਹਨ।
ਕਿਸਾਨ ਉਲੀਕਣਗੇ ਨਵੀਂ ਰਣਨੀਤੀ: ਉਥੇ ਹੀ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿਖੇ ਹੋਵੇਗੀ, ਜਿਸ ਵਿੱਚ ਦੇਸ਼ ਭਰ ਦੀਆਂ 200 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹਿੱਸਾ ਲੈਣਗੇ। ਇਸ ਦੇ ਨਾਲ ਹੀ ਪ੍ਰਸਿੱਧ ਖੇਤੀ ਮਾਹਿਰ ਵੀ ਸ਼ਿਰਕਤ ਕਰਨਗੇ। ਕਾਨਫਰੰਸ ਵਿੱਚ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਸਾਂਝੀ ਮੀਟਿੰਗ ਤੋਂ ਬਾਅਦ ਦੋਵੇਂ ਫੋਰਮਾਂ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਵਿੱਚ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਐੱਮਐੱਸਪੀ ਗਾਰੰਟੀ ਕਾਨੂੰਨ ਦਾ ਏਜੰਡਾ ਸੈੱਟ ਕੀਤਾ ਜਾਵੇਗਾ ਅਤੇ ਦਿੱਲੀ ’ਚ ਪ੍ਰੈਸ ਕਾਨਫਰੰਸ ਕਰ ਕੇ ਪੂਰਾ ਏਜੰਡਾ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ਕਿਸਾਨ ਸੰਸਦ ਮੈਂਬਰਾਂ ਨੂੰ ਸੌਂਪਣਗੇ ਮੰਗ ਪੱਤਰ : ਇਥੇ ਹਿ ਵੀ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਲੋਕ ਸਭਾ ਦੇ ਨਵੇਂ ਚੁਣੇ ਗਏ 543 ਮੈਂਬਰਾਂ ਨੂੰ 16, 17 ਅਤੇ 18 ਜੁਲਾਈ ਨੂੰ ਦੇਸ਼ ਭਰ ਵਿੱਚ ਮੰਗ ਪੱਤਰ ਸੌਂਪੇ ਜਾਣਗੇ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਦਿੱਲੀ ਕਿਸਾਨ ਅੰਦੋਲਨ ਵੇਲੇ ਮੰਨੀਆਂ ਗਈਆਂ ਮੰਗਾਂ ਲਾਗੂ ਨਾ ਕਰਨ ਦਾ ਮੁੱਦਾ ਸੰਸਦ ’ਚ ਚੁੱਕਣ ਦੀ ਮੰਗ ਕੀਤੀ ਜਾਵੇਗੀ।