ਜਲੰਧਰ: ਜ਼ਿਲ੍ਹਾ ਜਲੰਧਰ ਅੰਦਰ ਦਿਨ ਦਿਹਾੜੇ ਗੋਲੀਆਂ ਦੀ ਅਵਾਜ਼ ਨੇ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ। ਇਹ ਗੋਲੀਆਂ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਹੋਏ ਐਨਕਾਊਂਟਰ ਦੌਰਾਨ ਚੱਲੀਆਂ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ ਅਤੇ ਇਹ ਐਕਸ਼ਨ ਸੀਸੀਟੀਵੀ ਵਿੱਚ ਵੀ ਕੈਦ ਹੋਇਆ ਹੈ। ਸੀਸੀਟੀਵੀ ਤਸਵੀਰਾਂ ਵਿੱਚ ਨਸ਼ਾ ਤਸਕਰ ਪੁਲਿਸ ਟੀਮ ਤੋਂ ਬਚਣ ਲਈ ਭੱਜਦੇ ਦਿਖਾਈ ਦੇ ਰਹੇ ਹਨ।
ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ: ਪਤਾ ਲੱਗਾ ਹੈ ਕਿ ਇੱਕ ਤਸਕਰ ਨੂੰ ਵੀ ਗੋਲੀ ਲੱਗੀ ਹੈ। ਜਾਣਕਾਰੀ ਮੁਤਾਬਿਕ ਜਲੰਧਰ ਦੇ ਪੌਸ਼ ਇਲਾਕੇ ਲਾਜਪਤ ਨਗਰ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਾਣਕਾਰੀ ਅਨੁਸਾਰ ਕਮਿਸ਼ਨਰੇਟ ਪੁਲਿਸ ਵੱਲੋਂ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਚਲਾਏ ਜਾ ਰਹੇ ਆਪ੍ਰੇਸ਼ਨ ਤਹਿਤ ਅੱਜ ਕਮਿਸ਼ਨਰੇਟ ਜਲੰਧਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਸ਼ਹਿਰ 'ਚ ਨਸ਼ਾ ਸਪਲਾਈ ਕਰਨ ਲਈ ਆ ਰਹੇ ਹਨ। ਗੁਪਤ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਦਾ ਪਿੱਛਾ ਕੀਤਾ।
ਫਾਇਰਿੰਗ ਵਿੱਚ ਇੱਕ ਤਸਕਰ ਗੋਲੀ ਲੱਗਣ ਨਾਲ ਜ਼ਖਮੀ: ਪੁਲਿਸ ਦੀਆਂ ਟੀਮਾਂ ਨੂੰ ਦੇਖ ਕੇ ਨਸ਼ਾ ਤਸਕਰਾਂ ਨੇ ਬਚਣ ਲਈ ਗੋਲੀਆਂ ਪੁਲਿਸ ਮੁਲਾਜ਼ਮਾਂ ਉੱਤੇ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਨੇ ਵੀ ਆਪਣੇ ਬਚਾਅ ਲਈ ਫਾਇਰਿੰਗ ਕੀਤੀ। ਲੰਬੇ ਸਮੇਂ ਤੱਕ ਪਿੱਛਾ ਕਰਨ ਦੌਰਾਨ ਪੁਲਿਸ ਵੱਲੋਂ ਲਗਾਤਾਰ ਕੀਤੀ ਗਈ ਜਵਾਬੀ ਫਾਇਰਿੰਗ ਵਿੱਚ ਇੱਕ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਸਕਰਾਂ ਕੋਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਸਨ। ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਦੱਸਿਆ ਜਾ ਰਿਹਾ ਹੈ ਕਿ ਪੂਰੇ ਮਾਮਲੇ ਤੋਂ ਪਰਦਾ ਚੁੱਕਣ ਲਈ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਪ੍ਰੈੱਸ ਕਾਨਫਰੰਸ ਜ਼ਰੀਏ ਮੀਡੀਆ ਦੇ ਮੁਖਾਤਿਬ ਹੋਣਗੇ।