ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਦੇ ਪੰਜ ਮੈਂਬਰੀ ਵਫ਼ਦ ਨੇ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵਚਨਬੱਧਤਾ ਦੁਹਰਾਈ ਕਿ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ 24,433 ਪੋਲਿੰਗ ਸਟੇਸ਼ਨਾਂ ਵਿੱਚ ਵ੍ਹੀਲਚੇਅਰ ਰੈਂਪ, ਪੀਣ ਵਾਲਾ ਪਾਣੀ, ਬਿਜਲੀ, ਰੋਸ਼ਨੀ, ਪਖਾਨੇ (ਪੁਰਸ਼/ਔਰਤ), ਫਰਨੀਚਰ, ਦਿਸ਼ਾ ਸੂਚਕ, ਵੇਟਿੰਗ ਸ਼ੈੱਡ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਚੋਣਾਂ ਵਿੱਚ ਵੋਟਰਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦੀ ਸਾਹਮਣਾ ਨਾ ਕਰਨਾ ਪਵੇ।
ਮੁੱਖ ਚੋਣ ਅਧਿਕਾਰੀ ਨੇ ਟੀਮ ਨੂੰ ਅੱਗੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਵਿੱਚ ਵੈਬਕਾਸਟਿੰਗ ਲਈ ਇੰਟਰਨੈਟ ਦੀ ਸਹੂਲਤ ਹੋਵੇਗੀ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਗਿਆ ਹੈ ਕਿ ਚੋਣ ਸਟਾਫ਼ ਨੂੰ ਠਹਿਰਣ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਵੋਟਰਾਂ ਲਈ ਸ਼ੈੱਡ ਅਤੇ ਵੇਟਿੰਗ ਏਰੀਆ ਵਰਗੀਆਂ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਚੋਣ ਅਮਲੇ ਨੂੰ ਚੋਣ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਪੋਲਿੰਗ ਸਟਾਫ਼ ਦੀ ਸਹੂਲਤ ਦੇ ਪ੍ਰਬੰਧ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਜਾਣਗੇ ਜਿਸ ਵਿੱਚ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਧਿਕਾਰੀ ਪੱਧਰਾਂ 'ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਕਾਊਂਟਿੰਗ ਕੇਂਦਰਾਂ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਸ਼ਿਕਾਇਤ ਮਿਲਦੀ ਹੈ ਅਤੇ ਕੋਈ ਪੱਖਪਾਤ ਕਰਦਾ ਪਾਇਆ ਗਿਆ ਤਾਂ ਜ਼ਿੰਮੇਵਾਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੋਣਾਂ ਦੌਰਾਨ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਅਧਿਕਾਰੀਆਂ ਦੀ ਸਭ ਤੋਂ ਮਹੱਤਵਪੂਰਨ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਚੋਣ ਕਮਿਸ਼ਨ ਦੀ ਟੀਮ ਨੂੰ ਦੱਸਿਆ ਕਿ ਸਾਰੇ ਐਸਐਸਪੀ ਆਪਣੀਆਂ ਅੰਤਰਰਾਜੀ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੀ ਚੌਕਸੀ ਨਾਲ ਨਿਗਰਾਨੀ ਕਰ ਰਹੇ ਹਨ ਅਤੇ ਸੂਬੇ ਭਰ ਵਿੱਚ ਉੱਚ ਤਕਨੀਕੀ ਨਾਕੇ ਲਗਾਏ ਗਏ ਹਨ। । ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਕਿਸੇ ਵੀ ਤਸਕਰੀ/ਘੁਸਪੈਠ ਨੂੰ ਰੋਕਣ ਲਈ ਅੰਤਰਰਾਸ਼ਟਰੀ ਸਰਹੱਦਾਂ 'ਤੇ ਪੁਲਿਸ ਅਧਿਕਾਰੀਆਂ ਦਾ ਬੀਐਸਐਫ ਨਾਲ ਨਜ਼ਦੀਕੀ ਤਾਲਮੇਲ ਹੈ।
- ਲੋਕ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਦੇ ਚੋਣ ਮਨੋਰਥ ਨੂੰ ਲੈ ਕੇ ਖਾਸ ਮੰਗ, ਜਾਣੋ, ਕਿਉਂ ਅਹਿਮ ਹੈ ਕਾਰੋਬਾਰੀਆਂ ਦੀ ਇਹ ਡਿਮਾਂਡ - Lok Sabha Election 2024 Manifesto
- ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਨੇ ਸੂਬਾ ਸਰਕਾਰ 'ਤੇ ਧੋਖਾ ਕਰਨ ਦੇ ਲਾਏ ਦੋਸ਼ - Bhai Nirmal Singh Khalsas son
- ਚੰਡੀਗੜ੍ਹ ਊਨਾ ਹਾਈਵੇ 'ਤੇ ਤੂਫ਼ਾਨ ਦਾ ਕਹਿਰ, ਸਾਈਨਬੋਰਡ ਡਿਗਣ ਨਾਲ ਲੰਮੇ ਜਾਮ 'ਚ ਘੰਟਿਆਂ ਤੱਕ ਫਸੇ ਰਹੇ ਲੋਕ - heavy rain in punjab himachal
ਇਸ ਦੌਰਾਨ ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨਿਡਰਤਾ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਹੂਬਹੂ ਲਾਗੂ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਕਰਵਾਈਆਂ ਜਾ ਸਕਣ। ਕਮਿਸ਼ਨ ਟੀਮ ਦੇ ਹੋਰ ਮੈਂਬਰਾਂ ਵਿੱਚ ਅਜੇ ਭਾਦੂ, ਡਿਪਟੀ ਚੋਣ ਕਮਿਸ਼ਨਰ; ਐਸ.ਬੀ.ਜੋਸ਼ੀ, ਪ੍ਰਮੁੱਖ ਸਕੱਤਰ; ਸੌਮਿਆਜੀਤ ਘੋਸ਼, ਸਕੱਤਰ ਅਤੇ ਕੇ.ਪੀ ਸਿੰਘ, ਅੰਡਰ ਸੈਕਟਰੀ ਸ਼ਾਮਲ ਸਨ। (ਪ੍ਰੈੱਸ ਨੋਟ)