ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਤੇਜ਼ ਰਫਤਾਰ ਗੱਡੀ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਇੱਕ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਾਈਕ ਸਵਾਰ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਮ੍ਰਿਤਕ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਗੁਰੂ ਘਰੋਂ ਮੱਥਾ ਟੇਕਦੇ ਹੀ ਬਾਹਰ ਨਿਕਲੇ ਤਾਂ ਹੋਇਆ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਫਿਰੋਜ਼ਪੁਰ ਦੇ ਇਕ ਨਿੱਜੀ ਹਸਪਤਾਲ ਤੋਂ ਆਪਣੀ ਪਤਨੀ ਨਾਲ ਦਵਾਈ ਲੈਣ ਆਇਆ ਸੀ। ਦਵਾਈ ਲੈਣ ਤੋਂ ਬਾਅਦ ਗੁਰਦੁਆਰਾ ਜਾਮਨੀ ਸਾਹਿਬ ਮੱਥਾ ਟੇਕਣ ਤੋਂ ਬਾਅਦ ਜਿਵੇਂ ਹੀ ਉਹ ਫਿਰੋਜ਼ਪੁਰ ਮੋਗਾ ਰੋਡ 'ਤੇ ਚੜ੍ਹਿਆ, ਤਾਂ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿਤੀ। ਜਿਸ ਨਾਲ ਮੌਕੇ 'ਤੇ ਹੀ ਬਘੇਲ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਹੈ। ਪਰਿਵਾਰ ਨੇ ਮੰਗ ਕੀਤੀ ਕਿ ਇਸ ਹਾਦਸੇ ਦੇ ਜ਼ਿੰਮੇਵਾਰ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਨਸਾਫ ਦਿਵਾਇਆ ਜਾਵੇ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਉਪਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨਿਯਮਾਂ ਦੀ ਪਾਲਨਾ ਕਰਨ ਲਈ ਜਾਗਰੂਕ
ਦੱਸਣਯੋਗ ਹੈ ਕਿ ਅਕਸਰ ਹੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਦੇਖਣ ਨੂੰ ਮਿਲਦੀਆਂ ਹਨ ਕਿ ਤੇਜ਼ ਰਫਤਾਰ ਜਾਂ ਓਵਰਟੇਕਿੰਗ ਕਰਨ ਨਾਲ ਕਿਸੇ ਵਿਅਕਤੀ ਦੀ ਜਾਨ ਚਲੀ ਗਈ। ਇਸ ਨੂੰ ਲੈਕੇ ਲੋਕਾਂ ਨੂੰ ਕਈ ਵਾਰ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪਰ ਬਾਵਜੂਦ ਇਸ ਦੇ ਲੋਕ ਇਹਨਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਅਤੇ ਖੁਦ ਤਾਂ ਉਹ ਹਾਦਸੇ ਦਾ ਸ਼ਿਕਾਰ ਹੁੰਦੇ ਹੀ ਹਨ, ਨਾਲ ਹੀ ਉਹ ਮਾਸੂਮ ਲੋਕਾਂ ਲਈ ਵੀ ਹਾਨੀਕਾਰਕ ਬਣ ਜਾਂਦੇ ਹਨ।