ਬਠਿੰਡਾ: ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਰੇਲ ਗੱਡੀ ਰਾਹੀਂ ਦਿੱਲੀ ਰਵਾਨਾ ਹੋਇਆ ਗਿਆ। ਮੰਨੀਆਂ ਹੋਈਆਂ ਮੰਗਾਂ ਲਾਗੂ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦੌਰਾਨ ਤੱਕ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਮਾਰਚ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ ਤਾਂ ਜੋ ਕੇਂਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।
ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਕਿਸਾਨ ਰਵਾਨਾ: ਹਰਿਆਣਾ ਸਰਕਾਰ ਵੱਲੋਂ ਟਰੈਕਟਰ ਟਰਾਲੀਆਂ 'ਤੇ ਜਾ ਰਹੇ ਕਿਸਾਨਾਂ ਨੂੰ ਪੰਜਾਬ ਹਰਿਆਣਾ ਬਾਰਡਰ 'ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਇਹ ਰਣਨੀਤੀ ਬਣਾਈ ਗਈ ਸੀ ਕਿ ਹੁਣ ਰੇਲ ਗੱਡੀਆਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵਿਖੇ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਇਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਅੱਜ ਵੱਡੀ ਗਿਣਤੀ ਵਿੱਚ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਰੇਲ ਗੱਡੀ ਰਾਹੀਂ ਰਵਾਨਾ ਹੋਏ।
ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਸਰਕਾਰ: ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਕੀਤੀ।
ਮਹਾਂ ਪੰਚਾਇਤ 'ਚ ਇੰਨ੍ਹਾਂ ਗੱਲਾਂ 'ਤੇ ਹੋਵੇਗੀ ਵਿਚਾਰ ਚਰਚਾ: ਇਸ ਤੋਂ ਇਲਾਵਾ ਭਾਰਤ ਨੂੰ ਸੰਸਾਰ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀਆਂ ਲੱਤਾਂ/ਜਬਾੜ੍ਹੇ ਤੋੜਨ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਸਮੇਤ ਮੁੱਖ ਮੰਤਰੀ ਰਹੇ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ, ਕਾਲੇ ਕਾਨੂੰਨਾਂ ਵਿਰੁੱਧ ਜੇਤੂ ਦਿੱਲੀ ਘੋਲ ਅਤੇ ਮੌਜੂਦਾ ਘੋਲ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਅਤੇ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਉੱਤੇ ਵਿਚਾਰ ਚਰਚਾ ਕੀਤੀ ਜਾਵੇਗੀ।
ਸਾਮਰਾਜੀ ਨੀਤੀਆਂ ਰਾਹੀ ਲੋਕਾਂ ਦੀ ਲੁੱਟ: ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਦੀ ਭਾਜਪਾ ਹਕੂਮਤ ਵੱਲੋਂ ਮੜ੍ਹੀਆਂ ਜਾ ਰਹੀਆਂ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜੀ ਨੀਤੀਆਂ ਕਿਸਾਨਾਂ ਸਮੇਤ ਮੁਲਾਜ਼ਮਾਂ, ਠੇਕਾ ਕਾਮਿਆਂ ਅਤੇ ਸਨਅਤੀ ਮਜ਼ਦੂਰਾਂ ਆਦਿ ਸਮੂਹ ਕਿਰਤੀਆਂ ਦੀ ਅੰਨ੍ਹੀ ਆਰਥਿਕ ਲੁੱਟ ਤੇ ਸਮਾਜਿਕ ਵਿਤਕਰੇਬਾਜ਼ੀ ਨੂੰ ਸਿਖਰੀਂ ਚਾੜ੍ਹਨ ਵਾਲੀਆਂ ਸਾਬਤ ਹੋ ਰਹੀਆਂ ਹਨ। ਜਿਸ ਖਾਤਰ ਜਥੇਬੰਦੀਆਂ ਵੱਲੋਂ ਲਗਾਤਾਰ ਯਤਨ ਜੁਟਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਸਾਧਨਾਂ ਰਾਹੀਂ ਦਿੱਲੀ ਰਵਾਨਾ ਹੋਇਆ ਜਾ ਰਿਹਾ ਹੈ।
ਚੋਣ ਜਾਬਤੇ 'ਚ ਵੀ ਮੰਨੀਆਂ ਜਾ ਸਕਦੀਆਂ ਮੰਗਾਂ: ਕਿਸਾਨ ਆਗੂ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਦੇ ਬਾਵਜੂਦ ਵੀ ਜੇਕਰ ਸਰਕਾਰ ਚਾਹੇ ਤਾਂ ਉਹਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਚੋਣ ਕਮਿਸ਼ਨ ਤੋਂ ਇਜਾਜ਼ਤ ਲੈਣ ਉਪਰੰਤ ਲਾਗੂ ਕਰ ਸਕਦੀ ਹੈ, ਪਰ ਕੇਂਦਰ ਸਰਕਾਰ ਦੇ ਮਨ ਵਿੱਚ ਖੋਟ ਹੈ ਜਿਸ ਦੇ ਚੱਲਦੇ ਉਹਨਾਂ ਵੱਲੋਂ ਇਹ ਸੰਘਰਸ਼ ਉਲੀਕਿਆ ਗਿਆ ਹੈ ਅਤੇ ਹਰ ਹਾਲਤ ਉਹ ਆਪਣੀਆਂ ਮੰਗਾਂ ਮਨਵਾ ਕੇ ਰਹਿਣਗੇ।