ਚੰਡੀਗੜ੍ਹ : ਕਿਸਾਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ ਹੋ ਗਈ ਹੈ। ਪੰਜਾਬ ਨਾਲ ਲੱਗਦੀਆਂ ਹਰਿਆਣਾ ਦੀਆਂ ਹੱਦਾਂ ਉਪਰ ਪੁਲਿਸ ਵੱਲੋਂ ਬੈਰੀਕੇਡਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਧਰਨੇ ਵਾਲੇ ਦਿਨ ਤੋਂ ਪਹਿਲਾਂ ਹੀ ਹਰਿਆਣਾ ਦੇ ਸੋਨੀਪਤ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਤਾਂ ਉਥੇ ਹੀ ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਪੰਜਾਬ ਸਰਕਾਰ ਦੀ ਤਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਜ਼ਰੀਏ ਮਸਲੇ ਦਾ ਹੱਲ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ. ਇਸ ਹੀ ਤਹਿਤ ਅੱਜ ਸ਼ਾਮ 5 ਵਜੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਸੱਦੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰੀ ਟੀਮ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਪੰਜਾਬ ਪਹੁੰਚੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ।
ਦੇਰ ਰਾਤ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਵਟਾਂਦਰਾ ਕੀਤਾ: ਇਸ ਸਬੰਧੀ ਜਾਣਕਰੀ ਸਾਂਝੀ ਕਰਦਿਆਂ ਕਿਸਾਨ ਮਜਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਫੋਨ ਉੱਤੇ ਰਾਬਤਾ ਕੀਤਾ ਗਿਆ ਇਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਜਿਸ ਵਿੱਚ ਕਿਸਾਨ ਆਗੂ ਡੱਲੇਵਾਲ ਵੀ ਸ਼ਾਮਿਲ ਰਹੇ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸ਼ਾਮ 5 ਵਜੇ ਮੀਟਿੰਗ ਲਈ ਸਮਾਂ ਮੁਕਰਰ ਕੀਤਾ ਹੈ ਅਤੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਹੈ ਕਿ ਸਰਕਾਰ ਨਾਲ ਗੱਲ ਜਰੂਰ ਕਰਨ ਜਾ ਰਹੇ ਹਾਂ ਪਰ ਅਜੇ ਕੁਝ ਵੀ ਤੈਅ ਨਹੀਂ ਹੋਇਆ। ਇਸ ਲਈ ਕਿਸਾਨ ਆਪਣੇ ਧਰਨੇ ਸਬੰਧੀ ਤਿਆਰੀਆਂ ਪੂਰੀਆਂ ਰੱਖੇ। ਜੇਕਰ ਗੱਲ ਬਾਤ ਜ਼ਰੀਏ ਮਸਲੇ ਦਾ ਹੱਲ ਨਾ ਹੋਇਆ ਤਾਂ ਇੱਕ ਹੀ ਰਾਹ ਹੈ,ਧਰਨਾ ,ਅਤੇ ਅਸੀਂ ਧਰਨੇ ਜਰੂਰ ਦੇਵਾਂਗੇ। ਇਸ ਮੌਕੇ ਉਹਨਾਂ ਨੇ ਪੰਜਾਬ ਦੇ ਮੁਖ ਮੰਤਰੀ ਵੱਲੋਂ ਵਧਾਏ ਗਏ ਇਸ ਗੱਲ ਬਾਤ ਦੇ ਕਦਮ ਨੂੰ ਸ਼ਲਾਘਾਯੋਗ ਦੱਸਿਆ ਹੈ।
- ਅਦਾਲਤ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਸੰਮਨ ਜਾਰੀ
- ਸੀਐਮ ਨਿਤੀਸ਼ ਨੇ ਦਿੱਲੀ ਵਿੱਚ ਪੀਐਮ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਅੱਧਾ ਘੰਟਾ ਚੱਲੀ ਦੋਵਾਂ 'ਚ ਗੱਲਬਾਤ
- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ: ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਨੀਮ ਫੌਜੀ ਬਲਾਂ ਦੇ ਨਾਲ ਭਾਰੀ ਸੁਰੱਖਿਆ ਬਲਾਂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਗਿਆ ਹੈ। ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਨੂੰ ਜੋੜਨ ਵਾਲੇ ਸਰਹੱਦੀ ਖੇਤਰਾਂ ‘ਤੇ ਬੈਰੀਕੇਡ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਵੱਖ ਵੱਖ ਮੰਗਾਂ ਦੀ ਪੂਰਤੀ ਲਈ ਲਗਾਤਾਰ ਕਿਸਾਨਾਂ ਵੱਲੋਂ ਵਾਹ ਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕਿਸਾਨਾਂ ਵੱਲੋਂ 13 ਫਰਵਰੀ ਨੂੰ ‘ਦਿੱਲੀ ਮਾਰਚ’ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਨੂੰ ‘ਕਿਸਾਨ ਅੰਦੋਲਨ-2’ ਦਾ ਨਾਂ ਦਿੱਤਾ ਗਿਆ ਹੈ। ਇਸ ਮਾਰਚ ਵਿੱਚ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਇਨ੍ਹਾਂ ਵਿੱਚ ਹਰਿਆਣਾ ਤੋਂ 7, ਪੰਜਾਬ ਤੋਂ 10 ਤੇ ਹਿਮਾਚਲ ਪ੍ਰਦੇਸ਼ ਦੀ ਇੱਕ ਕਿਸਾਨ ਜਥੇਬੰਦੀ ਸ਼ਾਮਲ ਹੈ। ਮੰਗਲਵਾਰ ਨੂੰ ਸੋਨੀਪਤ ਦੇ ਖਰਖੌਦਾ ਤੇ ਗੋਹਾਨਾ ਵਿੱਚ ਕਿਸਾਨ ਸੰਗਠਨਾਂ ਨੇ ਟਰੈਕਟਰ ਮਾਰਚ ਕੱਢਿਆ ਤੇ ਦਿੱਲੀ ਮਾਰਚ ਲਈ ਰਿਹਰਸਲ ਕੀਤੀ।
ਦਿੱਲੀ ਮਾਰਚ ਵਿੱਚ ਹਿੱਸਾ ਨਾ ਲੈਣ ਦਾ ਐਲਾਨ: ਉਧਰ, ਹਰਿਆਣਾ ਵਿੱਚ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਮਾਰਚ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਜਾਟਾਂ ਦੀ ਵੱਡੀ ਖਾਪ ਗਠਵਾਲਾ ਖਾਪ ਦੇ ਕੌਮੀ ਪ੍ਰਧਾਨ ਦਾਦਾ ਬਲਜੀਤ ਸਿੰਘ ਮਲਿਕ ਨੇ ਵੀ ਕਿਹਾ ਕਿ ਦਿੱਲੀ ਮਾਰਚ ਕਿਸਾਨਾਂ ਦੇ ਹਿੱਤ ਵਿੱਚ ਨਹੀਂ। ਉਨ੍ਹਾਂ ਨੇ ਅਪੀਲ ਕੀਤੀ ਕਿ ਅਜਿਹੀ ਲਹਿਰ ਲਈ ਇੱਥੋਂ ਦੀ ਜ਼ਮੀਨ ਦੀ ਵਰਤੋਂ ਨਾ ਕੀਤੀ ਜਾਵੇ।