ਬਿਆਸ/ ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜ ਕੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਇੱਥੇ ਪਹੁੰਚੇ ਹਨ, ਜਿਨ੍ਹਾਂ ਸਿੰਘ ਢਿੱਲੋ ਨਾਲ ਮੁਲਾਕਾਤ ਕੀਤੀ ਗਈ।
ਇਹ ਵਿਧਾਇਕ ਤੇ ਮੰਤਰੀ ਪਹੁੰਚੇ ਡੇਰਾ ਬਿਆਸ: ਕੈਬਿਨੇਟ ਮੰਤਰੀ ਚੇਤਨ ਸਿੰਘ ਜੋੜੇ ਮਾਜਰਾ , ਕੈਬਿਨੇਟ ਮੰਤਰੀ ਡਾ. ਬਲਬੀਰ ਸਿੰਘ ਸਣੇ ਵੱਖ ਵੱਖ ਵਿਧਾਇਕ ਵੀ ਡੇਰਾ ਬਿਆਸ ਪੁੱਜੇ। ਇਸੇ ਲੜੀ ਦੌਰਾਨ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਣੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਡੇਰਾ ਰਾਧਾ ਸਵਾਮੀ ਬਿਆਸ ਵਿਖੇ ਪੁੱਜ ਕੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਹੈ।
ਇਸ ਦੇ ਨਾਲ ਹੀ, ਉਨ੍ਹਾਂ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਦਰਸ਼ਨ ਕਰਦਿਆਂ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਦੌਰਾਨ ਆਪ ਕੈਬਨਿਟ ਮੰਤਰੀ ਅਤੇ ਵਿਧਾਇਕ ਵੱਲੋਂ ਡੇਰਾ ਬਿਆਸ ਦੇ ਅੰਦਰ ਬਣੀਆਂ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਇਸ ਨੂੰ ਮੁਲਾਕਾਤ ਨੂੰ ਨਿੱਜੀ ਕਰਾਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 10 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਸਮੇਤ ਡੇਰਾ ਬਿਆਸ ਪੁੱਜੇ ਸਨ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ ਸੀ।
ਇਸ ਤੋਂ ਪਹਿਲਾਂ, ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਤੋਂ ਆਪ ਵਿਧਾਇਕ ਸ਼ੈਰੀ ਕਲਸੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ, ਜਿੱਥੇ ਉਨ੍ਹਾਂ ਵੱਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਗਈ। ਆਪ ਉਮੀਦਵਾਰ ਮਾਲਵਿੰਦਰ ਕੰਗ ਅਤੇ ਮੰਤਰੀ ਹਰਜੋਤ ਬੈਂਸ, ਲਾਲਜੀਤ ਭੁੱਲਰ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਸਣੇ ਆਪ ਦੇ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ, ਬਾਬਾ ਬਕਾਲਾ ਤੋਂ ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵੀ ਡੇਰਾ ਬਿਆਸ ਆ ਚੁੱਕੇ ਹਨ।
ਇਸ ਤੋਂ ਇਲਾਵਾ, ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਕਾਂਗਰਸ ਉਮੀਦਵਾਰ ਰਾਜਾ ਵੜਿੰਗ ਸਣੇ ਕਈ ਹੋਰ ਸਿਆਸੀ ਆਗੂ ਵੀ ਇੱਥੇ ਪਹੁੰਚ ਚੁੱਕੇ ਹਨ।