ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਜ਼ਮਾਨਤ ਦਿੰਦੇ ਹੋਏ ਇੱਕ ਅਨੋਖੀ ਸ਼ਰਤ ਰੱਖਦਿਆਂ 10 ਬੂਟੇ ਲਗਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਨਸ਼ਾ ਤਸਕਰੀ ਦੇ ਇੱਕ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਦੇ ਆਧਾਰ 'ਤੇ ਪਟੀਸ਼ਨਕਰਤਾ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।
ਐਫਆਈਆਰ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ
ਪਟੀਸ਼ਨ ਦਾਇਰ ਕਰਦਿਆਂ ਬਰਨਾਲਾ ਵਾਸੀ ਗੁਰਪਾਲ ਸਿੰਘ ਨੇ ਅਪ੍ਰੈਲ 2023 ਵਿੱਚ ਦਰਜ ਐਫਆਈਆਰ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਵਿੱਚ 1218 ਕਿੱਲੋ ਭੁੱਕੀ ਬਰਾਮਦ ਹੋਈ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਸਿਰਫ਼ ਇੱਕ ਗਵਾਹੀ ਲਈ ਗਈ ਹੈ ਜਦੋਂਕਿ ਮਾਮਲੇ ਵਿੱਚ ਨਾਮਜ਼ਦ ਸਹਿ-ਮੁਲਜ਼ਮਾਂ ਨੂੰ ਹਾਈ ਕੋਰਟ ਤੋਂ ਜ਼ਮਾਨਤ ਵੀ ਮਿਲ ਚੁੱਕੀ ਹੈ।
ਜਨਤਕ ਥਾਂ 'ਤੇ 10 ਬੂਟੇ ਲਗਾਉਣ ਦੀ ਸ਼ਰਤ
ਹਾਈ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਜਲਦੀ ਪੂਰੀ ਹੋਣ ਵਾਲੀ ਨਹੀਂ ਹੈ। ਅਜਿਹੇ ਵਿੱਚ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦਿੰਦੇ ਹੋਏ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਨਾਲ ਹੀ ਹਾਈ ਕੋਰਟ ਨੇ ਕਿਹਾ ਕਿ ਇਹ ਨਸ਼ਾ ਤਸਕਰੀ ਨਾਲ ਜੁੜਿਆ ਮਾਮਲਾ ਹੈ ਅਜਿਹੇ ਵਿੱਚ ਪਟੀਸ਼ਨਕਰਤਾ ਨੂੰ ਜਨਤਕ ਥਾਂ 'ਤੇ 10 ਬੂਟੇ ਲਗਾਉਣੇ ਹੋਣਗੇ ਅਤੇ ਇਸ ਦਾ ਸਬੂਤ ਤਸਵੀਰਾਂ ਦੇ ਰੂਪ 'ਚ ਮੈਜਿਸਟ੍ਰੇਟ ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਪਟੀਸ਼ਨਕਰਤਾ ਦੀ ਜ਼ਮਾਨਤ ਰੱਦ ਕਰਨ ਦਾ ਹੁਕਮ ਜਾਰੀ ਕੀਤਾ ਜਾਵੇਗਾ।