ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ਉਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਦਸ ਦਈਏ ਕਿ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ਉਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ਉਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।ਇਸੇ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ਉਤੇ ਵੱਡਾ ਹਮਲਾ ਹੈ।
ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ
ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੈ।
ਗੁਰਚਰਨ ਸਿੰਘ ਗਰੇਵਾਲ ਵੱਲੋਂ ਵਿਰੋਧ
ਉਧਰ ਇਸੇ ਮਸਲੇ ਨੂੰ ਲੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਨਹੀਂ ਖੇਡਣਾ ਚਾਹੀਦਾ, ਕੲੋਈ ਵੀ ਸਿੱਖ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਸਕਦਾ।ਸਾਨੂੰ ਕਕਾਰ ਪਾਉਣ ਦੀ ਇਜਾਜ਼ਤ ਸੰਵਿਧਾਨ ਵਿੱਚ ਵੀ ਹੈ।
ਗਿਆਨੀ ਰਘਬੀਰ ਸਿੰਘ ਨੇ ਕੀ ਕਿਹਾ
ਇਸੇ ਮਸਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 5 ਕੱਕਾਰ ਗੁਰੂ ਸਾਹਿਬਾਨ ਦੀ ਦਾਤ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਸਰਕਾਰ ਨਾਲ ਗੱਲ ਕਰਨ ਲਈ ਕਹਿਣਗੇ ਅਤੇ ਇਸ ਫੈਸਲੇ ਦੀ ਨਿਖੇਧੀ ਕਰਦੇ ਹਨ।
ਕਾਬਿਲੇਗੌਰ ਹੈ ਕਿ ਭਾਰਤ 'ਚ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀ ਨਹੀਂ ਪਾ ਸਕਣਗੇ ਕਿਰਪਾਨ। ਸ਼ਹਿਰੀ ਹਵਾਬਾਜ਼ੀ ਬਿਊਰੋ (ਬੀਸੀਏਐਸ) ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ।ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ। ਬੀਸੀਏਐਸ ਦੀ ਤਰਫੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।ਹੁਣ ਦੇਖਣਾ ਅਹਿਮ ਹੋਵੇਗਾ ਕਿ ਇਸ ਮਸਲੇ 'ਤੇ ਅੱਗੇ ਕੀ ਹੋਵੇਗਾ।