ਬਠਿੰਡਾ : ਪਿਛਲੇ ਦਿਨੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਅਕਾਲੀ ਸਰਕਾਰ ਸਮੇਂ ਹੋਏ ਗੁਨਾਹਾਂ ਨੂੰ ਲੈ ਕੇ ਸਜ਼ਾਵਾਂ ਸੁਣਾਈਆਂ ਗਈਆਂ ਹਨ। ਇਸ ਨੂੰ ਲੈ ਕੇ ਸੀਨੀਅਰ ਕਾਂਗਰਸੀ ਲੀਡਰ ਅਜੀਤ ਇੰਦਰ ਸਿੰਘ ਮੋਫਰ ਵੱਲੋਂ ਸਵਾਗਤ ਕਰਦਿਆਂ ਕਿਹਾ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਿਸ ਤਰ੍ਹਾਂ ਸਿਆਸੀ ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ। ਉਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚੱਲੀ ਆ ਰਹੀ ਰਿਵਾਇਤ ਨੂੰ ਪ੍ਰਮਾਣਤਾ ਮਿਲੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ ਅਤੇ ਹਰ ਇੱਕ ਸਿੱਖ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣਾ ਲਾਜ਼ਮੀ ਹੈ। ਦਰਅਸਲ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਖਬੀਰ ਬਾਦਲ ਤੇ ਹੋਰ ਸਿੱਖ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਮੁੱਖ ਮੰਤਰੀ, ਨੂੰ ਦਿੱਤਾ ਗਿਆ 'ਫ਼ਖ਼ਰ-ਏ-ਕੌਮ' ਦਾ ਖਿਤਾਬ ਵਾਪਸ ਲੈ ਲਿਆ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਣਾਏ ਗਏ ਹੁਕਮਾਂ ਦੀ ਪਾਲਣਾ ਕਰਨਾ ਹੈ ਲਾਜ਼ਮੀ
ਸੀਨੀਅਰ ਕਾਂਗਰਸੀ ਲੀਡਰ ਅਜੀਤ ਇੰਦਰ ਸਿੰਘ ਮੋਫਰ ਨੇ ਦੱਸਿਆ ਹੈ ਕਿ ਇਸ ਚੀਜ਼ ਦਾ ਸੰਦੇਸ਼ ਪੂਰੀ ਦੁਨੀਆਂ ਵਿੱਚ ਦਿੱਤਾ ਗਿਆ ਹੈ ਕਿ ਸਿੱਖਾਂ ਲਈ ਸਰਬ ਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਹੈ ਅਤੇ ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁਣਾਏ ਗਏ ਹੁਕਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਭਵਿੱਖ ਤਾਂ ਇਹ ਹੁਣ ਆਉਣ ਵਾਲੇ ਰਾਜਨੀਤਿਕ ਲੋਕ ਹੀ ਦੱਸ ਸਕਦੇ ਹਨ ਪਰ ਜਿਸ ਢੰਗ ਨਾਲ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਅਤੇ ਹੋਰ ਗੁਨਾਹ ਹੋਏ ਹਨ, ਉਨ੍ਹਾਂ ਦੀ ਸਜ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਹੈ। ਅਜਿਹੇ ਲੋਕਾਂ ਦਾ ਰਾਜਨੀਤਿਕ ਭਵਿੱਖ ਖਤਮ ਹੋ ਜਾਂਦਾ ਹੈ। ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਹੋਵੇ।
ਮਹਾਰਾਜਾ ਰਣਜੀਤ ਸਿੰਘ ਸਮੇਂ ਦੀਆਂ ਸਜ਼ਾਵਾਂ
ਅਜੀਤ ਇੰਦਰ ਸਿੰਘ ਮੋਫਰ ਨੇ ਦੱਸਿਆ ਹੈ ਕਿ ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸਿੱਖ ਕੌਮ ਦੇ ਪਹਿਲੇ ਮਹਾਰਾਜਾ 'ਸ਼ੇਰ ਏ ਪੰਜਾਬ' ਮਹਾਰਾਜਾ ਰਣਜੀਤ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਉਪਰ ਤਲਬ ਕਰਕੇ ਥਮਲੇ ਨਾਲ ਬੰਨ੍ਹ ਕੇ ਕੋੜੇ ਵੀ ਮਾਰੇ ਗਏ ਸਨ। ਮਹਾਰਾਜਾ ਰਣਜੀਤ ਸਿੰਘ ਵਲੋਂ ਆਪਣੇ ਰਾਜ ਦੌਰਾਨ ਕੰਜਰੀਆ ਨਚਾਉਣ ਦਾ ਇਲਜ਼ਾਮ ਸੀ, ਜਿਸ ਤੋਂ ਬਾਅਦ ਉਨ੍ਹਾਂ ਨੁੰ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਤਖ਼ਤ ਸਾਹਿਬ ਉਪਰ ਥਮਲੇ ਨਾਲ ਬੰਨ੍ਹ ਕੇ ਸਜ਼ਾ ਲਗਾਈ ਜਾ ਚੁੱਕੀ ਹੈ।
ਰਾਜਨੀਤਿਕ ਸ਼ਖਸ਼ੀਅਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ
ਅਜੀਤ ਇੰਦਰ ਸਿੰਘ ਮੋਫਰ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਮਾਸਟਰ ਤਾਰਾ ਸਿੰਘ ਦੇ ਨਾਲ ਨਾਲ ਹੋਰ ਕਈ ਰਾਜਨੀਤਿਕ ਸ਼ਖਸ਼ੀਅਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਸੀ। ਜਿੰਨ੍ਹਾਂ ਦਾ ਰਾਜਨੀਤਿਕ ਭਵਿੱਖ ਖਤਮ ਹੋ ਗਿਆ ਸੀ। ਇਸ ਤੋਂ ਪਹਿਲਾਂ ਹੋਰ ਵੀ ਕਈ ਵੱਡੇ ਰਾਜਸੀ ਅਤੇ ਧਾਰਮਿਕ ਸਿੱਖ ਲੋਕ ਤਖ਼ਤ ਸਾਹਿਬ ਤੋਂ ਤਨਖ਼ਾਹੀਏ ਕਰਾਰ ਦਿੱਤੇ ਜਾ ਚੁੱਕੇ ਹਨ। ਭਾਈ ਸੁਬੇਗ ਸਿੰਘ, ਜੱਸਾ ਸਿੰਘ ਰਾਮਗੜ੍ਹੀਏ, ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ, ਸੰਤ ਫਤਹਿ ਸਿੰਘ, ਜਥੇਦਾਰ ਜਗਦੇਵ ਸਿੰਘ ਤਲਵੰਡੀ, ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ, ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ, ਨਿਹੰਗ ਮੁਖੀ ਬਾਬਾ ਸੰਤਾ ਸਿੰਘ, ਆਦਿ ਪੰਥਕ ਲੀਡਰਾਂ ਡਾ: ਪਿਆਰ ਸਿੰਘ, ਡਾ. ਪਿਸ਼ੌਰਾ ਸਿੰਘ ਆਦਿ ਵਰਗੇ ਸਿੱਖ ਵਿਦਵਾਨਾਂ ਨੂੰ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਈ ਜਾ ਚੁੱਕੀ ਹੈ।