ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣ ਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਕੀਤਾ ਸਮਝੌਤਾ: ਸਕੱਤਰ ਜਨਰਲ ਨੇ ਕਿਹਾ ਕਿ ਉਨ੍ਹਾਂ ਨੂੰ ਬੀਬੀ ਹਰਜਿੰਦਰ ਕੌਰ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਵੀਡੀਓ ਸਬੂਤ ਮਿਲਿਆ ਸੀ ਅਤੇ ਉਹ ਇਹ ਕਦਮ ਚੁੱਕਣ ਵਾਸਤੇ ਮਜਬੂਰ ਹੋਏ ਹਨ। ਤਾਂ ਜੋ ਸਪਸ਼ਟ ਸੰਦੇਸ਼ ਦਿੱਤਾ ਜਾ ਸਕੇ ਕਿ ਅਕਾਲੀ ਦਲ ਸ਼੍ਰੋਮਣੀ ਕਮੇਟੀ ਮੈਂਬਰ ਦੇ ਅਨੈਤਿਕ ਵਿਹਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਸਰਦਾਰ ਭੂੰਦੜ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਮੈਂਬਰ ਪਾਰਟੀ ਦੇ ਸਿਧਾਂਤਾਂ ਦੇ ਉਲਟ ਗਏ ਹਨ। ਇਸ ਤੋਂ ਪਹਿਲਾਂ ਵੀ ਸ਼ਿਕਾਇਤਾਂ ਮਿਲੀਆਂ ਸਨ ਕਿ ਬੀਬੀ ਹਰਜਿੰਦਰ ਕੌਰ ਨੇ ਭਾਜਪਾ ਨਾਲ ਸਮਝੌਤਾ ਕਰ ਲਿਆ ਹੈ। ਉਨ੍ਹਾਂ ਨੂੰ ਕੇਸਰੀਆ ਪਾਰਟੀ ਦੀ ਹਮਾਇਤ ਬਦਲੇ ਅਹਿਮ ਅਹੁਦੇ ਮਿਲਣੇ ਹਨ।
'ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ': ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਲੰਬਾ ਸਮਾਂ ਦਿੱਤਾ ਤਾਂ ਜੋ ਉਹ ਆਪਣੀਆਂ ਗਲਤੀਆਂ ਮਹਿਸੂਸ ਕਰਨ ਅਤੇ ਦਿਲੋਂ ਪੰਥਕ ਸਫਾਂ ਵਿਚ ਵਾਪਸ ਆ ਜਾਣ। ਪਰ ਇਸ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਸਭ ਹੱਦ ਬੰਨੇ ਅੱਪ ਗਏ ਤੇ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਦੀ ਹਮਾਇਤ ਕਰ ਦਿੱਤੀ ਹੈ। ਅਜਿਹਾ ਕਰਦਿਆਂ ਉਨ੍ਹਾਂ ਨੇ ਨਾ ਸਿਰਫ ਪਾਰਟੀ ਲੀਹਾਂ ਨੂੰ ਤੋੜਿਆ ਹੈ, ਬਲਕਿ ਪੰਜਾਬੀਆਂ ਅਤੇ ਖਾਸ ਤੌਰ ’ਤੇ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਕੇਂਦਰ ਦੇ ਕਿਸਾਨ ਵਿਰੋਧੀ ਕਦਮਾਂ ਦੇ ਨਾਲ-ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਤੋਂ ਇਨਕਾਰ ਕਰਨ ਕਾਰਨ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘ 26 ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਪਰ ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਬੀਬੀ ਹਰਜਿੰਦਰ ਕੌਰ ਵਰਗੀ ਸੀਨੀਅਰ ਆਗੂ ਨੂੰ ਸ਼ੋਭਾ ਨਹੀਂ ਦਿੰਦਾ ਕਿ ਉਹ ਪਾਰਟੀ ਦੇ ਮੂਲ ਫਲਸਫੇ ਦੇ ਖਿਲਾਫ ਜਾਣ।
ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ: ਸਰਦਾਰ ਭੂੰਦੜ ਨੇ ਸਪਸ਼ਟ ਕੀਤਾ ਕਿ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਪਾਰਟੀ ਦੀ ਚੰਡੀਗੜ੍ਹ ਇਕਾਈ ਦੇ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਸ਼ਿਕਾਇਤਕਰਤਾਵਾਂ ਦੇ ਨਾਲ-ਨਾਲ ਚੰਡੀਗੜ੍ਹ ਇਕਾਈ ਦੇ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਲਿਆ ਹੈ। ਜਿਨ੍ਹਾਂ ਨੇ ਮੈਨੂੰ ਪਾਰਟੀ ਦੇ ਹਿੱਤਾਂ ਵਿੱਚ ਇਹ ਕਦਮ ਚੁੱਕਣ ਵਾਸਤੇ ਆਖਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਰਿਪੋਰਟਾਂ ਮਿਲੀਆਂ ਹਨ ਕਿ ਭਾਜਪਾ ਪਾਰਲੀਮਾਨੀ ਚੋਣ ਵਿਚ ਪਾਰਟੀ ਆਗੂਆਂ ਨੂੰ ਆਕਰਸ਼ਤ ਕਰਨ ਵਾਸਤੇ ਵੱਡੇ ਅਹੁਦੇ ਦੇਣ ਦੀ ਪੇਸ਼ਕਸ਼ ਕਰ ਰਿਹਾ ਹੈ।
ਚੰਡੀਗੜ੍ਹ ਇਕਾਈ ਵੱਲੋਂ ਇਕਜੁੱਟ: ਅਕਾਲੀ ਆਗੂ ਨੇ ਚੰਡੀਗੜ੍ਹ ਇਕਾਈ ਵੱਲੋਂ ਇਕਜੁੱਟ ਰਹਿ ਕੇ ਅਕਾਲੀ ਦਲ ਨਾਲ ਡਟੇ ਰਹਿਣ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਕਾਈ ਪਹਿਲਾਂ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੇ ਮਾਮਲੇ ਵਿਚ ਫੈਸਲਾ ਲੈਣ ਦੇ ਅਧਿਕਾਰ ਦੇ ਚੁੱਕੀ ਹੈ।
- ਬੈਂਕ ਮੁਲਾਜ਼ਮਾਂ ਨੇ ਦਿੱਤਾ ਸਰਕਾਰ ਵਿਰੁੱਧ ਧਰਨਾ, ਕਾਲੇ ਝੰਡੇ ਤੇ ਬਰਤਨ ਖੜਕਾ ਕੇ ਵਿਰੋਧ, ਜਾਣੋ ਵਜ੍ਹਾ - Bank Employees Protest
- ਸੁਖਬੀਰ ਬਾਦਲ ਨੇ ਘੇਰੀ ਸਰਕਾਰ, ਕਿਹਾ- ਪਿਛਲੇ 7 ਸਾਲਾਂ ਤੋਂ ਵਪਾਰੀ ਵਰਗ ਕਾਂਗਰਸ ਤੇ ਆਪ ਤੋਂ ਦੁਖੀ - Badal Targets To AAP Congress
- ਲੋਕ ਸਭਾ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ, ਕਾਂਗਰਸ ਦੇ ਕਈ ਉਮੀਦਵਾਰ ਭਰਨਗੇ ਨਾਮਜ਼ਦਗੀ - Lok Sabah Elections