ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਰਜ਼ੀ ਰਿਹਾਈ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸ ਦਈਏ ਕਿ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।
ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ ਆਰਜ਼ੀ ਰਿਹਾਈ ਦੀ ਮੰਗ: ਵਰਨਣਯੋਗ ਹੈ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ ਅਤੇ ਇਸ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।
14 ਮਈ ਤੱਕ ਭਰੀ ਜਾ ਸਕਦੀ ਹੈ ਨਾਮਜ਼ਦਗੀ : ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।
ਇਨ੍ਹਾਂ ਉਮੀਦਵਾਰਾਂ ਵਿਚਕਾਰ ਮੁਕਾਬਲਾ: ਖਡੂਰ ਸਾਹਿਬ ਸੀਟ 'ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ ਦੇ ਮਨਜੀਤ ਸਿੰਘ ਮੰਨਾ, ਆਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਾਲੇ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ।
ਅਪ੍ਰੈਲ 2023 ਵਿੱਚ ਹੋਈ ਸੀ ਗ੍ਰਿਫ਼ਤਾਰੀ: ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਐਨਐਸਏ ਐਕਟ, 1980 ਦੇ ਤਹਿਤ ਗ੍ਰਿਫਤਾਰ ਕਰਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਬਾਅਦ ਵਿੱਚ ਮਾਰਚ ਵਿੱਚ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੁਆਰਾ ਉਸ ਦੇ ਖਿਲਾਫ ਦੂਜੀ ਨਜ਼ਰਬੰਦੀ ਦੇ ਹੁਕਮ ਪਾਸ ਕੀਤੇ ਗਏ ਸਨ।