ਅੰਮ੍ਰਿਤਸਰ : ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅਨਸਰਾਂ ਅਤੇ ਨਸ਼ੇ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀਆਈਏ ਸਟਾਫ ਵਨ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦੋਂ ਪੁਲਿਸ ਪਾਰਟੀ ਵੱਲੋਂ 9 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਇਨ੍ਹਾਂ ਕੋਲੋਂ 2 ਕਿਲੋ ਹੀਰੋਇਨ ਅਤੇ ਪੰਜ ਆਧੁਨਿਕ ਤਰ੍ਹਾਂ ਦੇ ਪਿਸਤੌਲ ਬਰਾਮਦ ਕੀਤੇ ਹਨ।
ਇੱਕ ਕਿਲੋ ਦੇ ਕਰੀਬ ਹੈਰੋਇਨ ਕੀਤੀ ਬਰਾਮਦ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਦੇ ਵਿੱਚ ਇੱਕ ਦਰਗਾਹ ਦੀ ਆੜ ਦੇ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲੇ ਦਰਗਾਹ ਦੇ ਸੇਵਾਦਾਰ ਬਾਬੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦ ਪਾਰ ਤੋਂ ਡਰੋਨ ਦੇ ਰਾਹੀਂ ਜਿਹੜੀ ਹੈਰੋਇਨ ਆਉਂਦੀ ਸੀ ਉਹ ਦਰਗਾਹ ਦਾ ਬਾਬਾ ਰਿਸੀਵ ਕਰਦਾ ਸੀ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਇੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੌਂਕੀਦਾਰ ਵੀ ਹੈ। ਜਿਸ ਕੋਲੋਂ ਇੱਕ ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ ਹੈ।
ਪਹਿਲਾਂ ਵੀ ਵੱਖ-ਵੱਖ ਮਾਮਲੇ ਦਰਜ
ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬਾਕੀ ਮਾਮਲਿਆਂ ਦੇ ਵਿੱਚ ਪੰਜ ਪਿਸਤੌਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਸਾਰੇ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਦੇ ਹੋਰ ਕਿਸ-ਕਿਸ ਨਾਲ ਲਿੰਕ ਹਨ ਤੇ ਇਹ ਹੈਰੋਇਨ ਕਿਸ ਦੇ ਰਾਹੀਂ ਕਿੱਥੋਂ ਮੰਗਵਾਉਂਦੇ ਸਨ, ਇਹ ਸਾਰਾ ਜਾਂਚ ਦਾ ਵਿਸ਼ਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੇ ਵਿੱਚੋਂ ਕੁੰਨਨ ਸਿੰਘ, ਰਾਜਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਦੇ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲੇ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚੌਂਕੀਦਾਰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਤਰਨ ਤਾਰਨ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਨਾਲ ਹੋਰ ਕੌਣ-ਕੌਣ ਹੈ ਇਸ ਦਾ ਪਤਾ ਲਗਾਇਆ ਜਾਵੇਗਾ ਤੇ ਕਦੋਂ ਦਾ ਇਹ ਕੰਮ ਕਰ ਰਹੇ ਹਨ ਇਹ ਸਾਰੀ ਜਾਂਚ ਕੀਤੀ ਜਾਵੇਗੀ।