ਤਰਨਤਾਰਨ : ਨੌਸ਼ਹਿਰਾ ਪੰਨੂਆਂ ਤੋਂ ਵੱਡੀ ਵਾਰਦਾਤ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਮ ਆਦਮੀ ਪਾਰਟੀ ਦੇ ਵਰਕਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰ ਦੇ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਮਾਰ ਕੇ ਆਮ ਆਦਮੀ ਪਾਰਟੀ ਦੇ ਵਰਕਰ ਨੂੰ ਗੰਭੀਰ ਜਖ਼ਮੀ ਕੀਤਾ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਆਮ ਆਦਮੀ ਪਾਰਟੀ ਦਾ ਪੁਰਾਣਾ ਵਰਕਰ ਰਿਹਾ ਬਚਿੱਤਰ ਸਿੰਘ
ਪਿੰਡ ਵਾਸੀਆਂ ਨੇ ਦੱਸਿਆ ਹੈ ਬਚਿੱਤਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੋਦਰੀਵਾਲ ਪਿੰਡ ਦਾ ਰਹਿਣ ਵਾਲਾ ਸੀ। ਉਸ ਦੇ ਦੋ ਬੇਟੀਆਂ ਅਤੇ ਇੱਕ ਬੇਟਾ ਵੀ ਹੈ। ਆਪ ਵਰਕਰ ਦਾ ਨੌਸ਼ਹਿਰਾ ਪੰਨੂਆਂ ਦੇ ਬੱਸ ਅੱਡੇ ਵਿੱਚ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਬਚਿੱਤਰ ਸਿੰਘ ਆਮ ਆਦਮੀ ਪਾਰਟੀ ਦਾ ਪੁਰਾਣਾ ਵਰਕਰ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਮੌਕੇ ਉੱਤੇ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ।
ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰ ਬਚਿੱਤਰ ਸਿੰਘ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ ਜਿਸ ਨੂੰ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਖਮੀ ਹਾਲਾਤ ਵਿੱਚ ਤਰਨਤਾਰਨ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਹੈ।
ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ
ਇਸ ਸੰਬੰਧੀ ਪਿੰਡ ਚੋਧਰੀਵਾਲਾ ਦੇ ਸਰਪੰਚ ਨੇ ਪੁਲਿਸ ਪ੍ਰਸ਼ਾਸਨ ਕੋਲੋ ਮੰਗ ਕੀਤੀ ਕਿ ਮੁਲਜ਼ਮਾਂ ਦੀ ਜਲਦ ਤੋਂ ਜਲਦ ਭਾਲ ਕੀਤੀ ਜਾਵੇ ਅਤੇ ਸਖ਼ਤੀ ਨਾਲ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।
ਸੀਸੀਟੀਵੀ ਕੈਮਰਿਆਂ ਰਾਹੀਂ ਉਕਤ ਮੁਲਜ਼ਮਾਂ ਦੀ ਭਾਲ ਜਾਰੀ
ਘਟਨਾ ਦੀ ਜਾਣਕਾਰੀ ਮਿਲਦੀਆਂ ਪੁਲਿਸ ਦੇ ਉੱਚ ਅਧਿਕਾਰੀ ਐੱਸਐੱਸਪੀ ਗੌਰਵ ਤੂਰਾ, ਐੱਸਪੀਡੀ ਅਜੈਰਾਜ ਸਿੰਘ ਅਤੇ ਡੀਐੱਸਪੀ ਕੰਵਲਪ੍ਰੀਤ ਸਿੰਘ ਮੰਡ ਤਰੁੰਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਉਕਤ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।