ਚੰਡੀਗੜ੍ਹ: ਅੱਜ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਉਮੀਦਵਾਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 20 ਜੂਨੀਅਰ ਡਰਾਫਟਮੈਨ, ਪਸ਼ੂ ਪਲਾਣ ਵਿਭਾਗ ਵਿੱਚ ਡੇਅਰੀ ਵਿਕਾਸ ਅਫਸਰ, ਕਲਰਕ, ਇੰਕੂਬੇਟਰ ਅਪਰੇਟਰ ਅਤੇ ਮਸ਼ੀਨ ਅਪਰੇਟਰਾਂ ਸਣੇ 32 ਮੁਲਾਜ਼ਮ, ਯੁਵਕ ਸੇਵਾਵਾਂ ਵਿਭਾਗ ਵਿੱਚ ਛੇ ਸਟੈਨੋ-ਟਾਈਪਸਟ, ਕਰ ਤੇ ਆਬਕਾਰੀ ਵਿਭਾਗ ਵਿੱਚ ਕਲਰਕ ਲੀਗਲ, ਅਕਾਊਂਸ ਅਤੇ ਆਈ.ਟੀ. ਸਣੇ 129 ਮੁਲਾਜ਼ਮ, ਖੁਰਾਕ ਤੇ ਸਿਵਲ ਸਪਲਾਈਜ਼ ਮਾਮਲਿਆਂ ਵਿੱਚ 8 ਸਟੈਨੋ-ਟਾਈਪਿਸਟ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਇਕ ਕਲਰਕ, ਵਿੱਤ ਵਿਭਾਗ ਵਿੱਚ ਕਲਰਕ, ਸਟੈਨੋ ਟਾਈਪਿਸਟ ਤੇ ਸੈਕਸ਼ਨ ਅਫਸਰਾਂ ਸਣੇ 36 ਮੁਲਾਜ਼ਮ, ਲੋਕ ਨਿਰਮਾਣ ਵਿਭਾਗ ਵਿੱਚ 24 ਜੂਨੀਅਰ ਡਰਾਫਟਮੈਨ, ਮਕਾਨ ਤੇ ਸ਼ਹਿਰੀ ਵਿਕਾਸ ਵਿੱਚ 41 ਕਲਰਕ, ਜਲ ਸਰੋਤ ਵਿਭਾਗ ਵਿੱਚ 79 ਸਟੈਨੋ-ਟਾਈਪਿਸਟ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸ, ਕਲਰਕ ਅਤੇ ਚੌਥਾ ਦਰਜਾ ਸਮੇਤ 9 ਮੁਲਾਜ਼ਮ, ਪਾਵਰਕਾਮ ਵਿੱਚ ਐਸਿਸਟੈਂਟ ਇੰਜਨੀਅਰ, ਐਸਿਸਟੈਂਟ ਮੈਨੇਜਕ ਅਤੇ ਕਲਰਕ ਸਮੇਤ 65 ਮੁਲਾਜ਼ਮ ਅਤੇ ਮੈਡੀਕਲ ਸਿੱਖਿਆ ਤੇ ਹੋਰ ਵਿਭਾਗਾਂ ਵਿੱਚ ਪ੍ਰੋਫੈਸਰ, ਐਸੋਸੀਏਟ ਪ੍ਰੋਫੈਸਰ ਅਤੇ ਐਸਿਸਟੈਂਟ ਪ੍ਰੋਫੈਸਰ ਸਣੇ 7 ਮੁਲਾਜ਼ਮ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਸੂਬਾ ਸਰਕਾਰ ਸਰਕਾਰੀ ਨੌਕਰੀਆਂ ਦੀ ਭਰਤੀ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਕਿ ਕਿਸੇ ਨਾਲ ਵੀ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਮਿਊਂਸਪਲ ਭਵਨ ਵਿੱਚ ਅਜਿਹੇ ਕਈ ਸਮਾਗਮ ਹੋ ਚੁੱਕੇ ਹਨ, ਜਿਨ੍ਹਾਂ 'ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨੌਕਰੀਆਂ ਮਿਲੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ 40,000 ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ 'ਤੇ ਚੁਣਿਆ ਗਿਆ ਹੈ। ਸਾਡਾ ਮਕਸਦ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਦਿਆਂ ਪੰਜਾਬ ਛੱਡ ਕੇ ਜਾਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ ਨੂੰ ਯਕੀਨੀ ਬਣਾਉਣਾ ਹੈ। ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਵੱਡੀ ਗਿਣਤੀ ਨੌਜਵਾਨ ਜੋ ਪਹਿਲਾਂ ਵਿਦੇਸ਼ ਜਾਣ ਦੀ ਯੋਜਨਾ ਘੜ ਰਹੇ ਸਨ, ਹੁਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਰਾਹੀਂ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।”
ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ ਕਿਉਂਕਿ ਹੁਣ ਉਹ ਸਰਕਾਰ ਦੇ ਪਰਿਵਾਰ ਦੇ ਮੈਂਬਰ ਬਣ ਚੁੱਕੇ ਹਨ। ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਮੁਖਾਤਿਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਆਪਣੀ ਕਲਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰੋਗੇ। ਤਹਾਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਨਾਗਰਿਕ ਸਰਕਾਰੀ ਦਫ਼ਤਰਾਂ ਤੋਂ ਨਿਰਾਸ਼ ਹੋ ਕੇ ਨਾ ਜਾਵੇ।”
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਕਵੀਆਂ ਦੀ ਚਰਨ ਛੋਹ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ‘ਵਿਸ਼ਵ ਨਾਗਰਿਕ’ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਦੇ ਅਦੁੱਤੀ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ ਜਿਸ ਸਦਕਾ ਉਹ ਹਰੇਕ ਥਾਂ ਆਪਣੀ ਪਛਾਣ ਬਣਾ ਲੈਂਦੇ ਹਨ।
ਮੁੱਖ ਮੰਤਰੀ ਨੇ ਕਿਹਾ, “ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਮੈਂ ਸਧਾਰਨ ਘਰ ਨਾਲ ਸਬੰਧ ਰੱਖਦਾ ਹਾਂ। ਇਹ ਆਗੂ ਸੱਤਾ ਵਿੱਚ ਬਣੇ ਰਹਿਣ ਦਾ ਆਪਣਾ ਬੁਨਿਆਦੀ ਹੱਕ ਸਮਝਦੇ ਸਨ ਜਿਸ ਕਾਰਨ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦਾ ਸ਼ਾਸਨਕਾਲ ਏਨੇ ਬਿਹਤਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਇਨ੍ਹਾਂ ਸਿਆਸਤਦਾਨਾਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।”
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਹ ਗੱਲ ਬਰਦਾਸ਼ਤ ਨਹੀਂ ਹੋ ਰਹੀ ਕਿ ਸੂਬਾ ਸਰਕਾਰ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਹੁਣ ਤੱਕ ਇਕ ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫਤ ਇਲਾਜ ਕਰਵਾਇਆ, ਪਹਿਲੀ ਵਾਰ ਪ੍ਰਾਈਵੇਟ ਥਰਮਲ ਪਲਾਂਟ ਸੂਬਾ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਸੂਬੇ ਵਿੱਚ ਆਮ ਆਦਮੀ ਦੇ ਭਲੇ ਲਈ ਹੋ ਰਹੇ ਕੰਮਾਂ ਤੋਂ ਬੁਖਲਾਏ ਹੋਏ ਹਨ ਜਿਸ ਕਰਕੇ ਉਹ ਉਨ੍ਹਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਲੀਡਰਾਂ ਦੇ ਝਾਂਸੇ ਵਿੱਚ ਨਾ ਆਉਣ, ਜੋ ਆਪਣਾ ਵਜੂਦ ਗੁਆ ਚੁੱਕੇ ਹਨ ਕਿਉਂਕਿ ਲੋਕਾਂ ਵੱਲੋਂ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਦੀ ਸਿਖਲਾਈ ਪ੍ਰਦਾਨ ਕਰੇਗੀ ਤਾਂ ਕਿ ਸਾਡੇ ਨੌਜਵਾਨ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਅ ਸਕਣ।
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ। (ਪ੍ਰੈੱਸ ਨੋਟ)