ਬਰਨਾਲਾ : ਬਰਨਾਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਰਨਾਲਾ ਫੇਰੀ ਮੌਕੇ ਕੀਤਾ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਸੀਆਈਏ ਸਟਾਫ ਹੰਡਿਆਇਆ ਵਿਖੇ ਲਿਆਂਦਾ ਗਿਆ। ਜਿੱਥੇ ਮੁੱਖ ਮੰਤਰੀ ਦੀ ਰੈਲੀ ਹੁਣ ਉਪਰੰਤ ਉਨ੍ਹਾਂਂ ਨੂੰ ਕੁਝ ਘੰਟਿਆਂ ਬਾਅਦ ਰਿਹਾ ਕਰ ਦਿੱਤਾ ਗਿਆ।
ਹਾਜ਼ਰ ਮੋਰਚੇ ਦੇ ਸੂਬਾਈ ਆਗੂ: ਇਸ ਸਮੇਂ ਹਾਜ਼ਰ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਸਵੀਰ ਸਿੰਘ ਜੱਸੀ, ਚਮਕੌਰ ਸਿੰਘ, ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਲਾਰੇ-ਲੱਪਿਆਂ ਨਾਲ ਆਪਣਾ ਸਮਾਂ ਲੰਘਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।
ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮ: ਵੱਖ-ਵੱਖ ਸਰਕਾਰੀ ਵਿਭਾਗਾਂ ਜਲ ਸਪਲਾਈ ਤੇ ਸੈਨੀਟੇਸ਼ਨ, ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ, ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ। ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ 'ਆਪ ਸਰਕਾਰ' ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ 'ਆਪ ਸਰਕਾਰ' ਵੱਲੋੰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ।
ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਵੱਲੋਂ 20 ਵਾਰ ਮੁੱਖ ਮੰਤਰੀ ਪੰਜਾਬ ਨਾਲ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੋਸੇ ਦੇਣ ਦੇ ਬਾਵਜੂਦ ਵੀ 'ਮੁੱਖ ਮੰਤਰੀ' ਵੱਲੋਂ "ਮੋਰਚੇ" ਦੀ ਲੀਡਰਸ਼ਿਪ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ। ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ ਭਾਰ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ। ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ। ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 'ਮੁੱਖ ਮੰਤਰੀ ਪੰਜਾਬ ਸਮੇਤ ਕੈਬਨਿਟ ਮੰਤਰੀਆਂ' ਦਾ ਸਮੁੱਚੇ ਪੰਜਾਬ ਵਿੱਚ ਚੋਣ ਪ੍ਰਚਾਰ ਮੌਕੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾ ਰਿਹਾ ਹੈ।
ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ: ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਪੰਦਰਵੀਂ ਲੇਬਰ ਕਾਨਫਰੰਸ ਵਿੱਚ ਤਹਿ ਹੋਏ ਫਾਰਮੂਲੇ ਅਤੇ ਅੱਜ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ। ਸਮੂਹ ਕਿਸਾਨਾਂ, ਮਜ਼ਦੂਰਾਂ, ਰੈਗੂਲਰ ਅਤੇ ਪੈਨਸ਼ਨਰਜ਼ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ।
- ਚੋਰੀ ਦੇ ਇਲਜ਼ਾਮ ਤਹਿਤ ਮੁਹੱਲਾ ਵਾਸੀਆਂ ਨੇ ਫੜ੍ਹਿਆ ਵਿਅਕਤੀ, ਪੁਲਿਸ ਨੇ ਕਿਹਾ- ਸ਼ੂਗਰ ਘੱਟ ਜਾਣ ਕਾਰਨ ਘਰ ਅੰਦਰ ਦਾਖਲ ਹੋਇਆ - Crime In Amritsar
- ਪੰਥਕ ਸੀਟ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੇ ਵਿਰਸਾ ਸਿੰਘ ਵਲਟੋਹਾ ਨੂੰ ਚੋਣ ਮੈਦਾਨ 'ਚ ਉਤਾਰਿਆ - Lok Sabha Elections
- ਅਕਾਲੀ ਦਲ ਦੇ ਲੀਡਰ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੋਣ ਲੜ ਚੁੱਕੇ ਬਲਦੇਵ ਸਿੰਘ ਅਕਲੀਆ ਨੇ ਫੜਿਆ ਭਾਜਪਾ ਦਾ ਪੱਲਾ - Lok Sabha Elections