ਬਰਨਾਲਾ: ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਤੋਂ ਵੋਟਿੰਗ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਸਵੇਰ ਤੋਂ ਹੀ ਵੋਟਰ ਆਪਣੀ ਵੋਟ ਭੁਗਤਾਉਣ ਅਲੱਗ-ਅਲੱਗ ਪੋਲਿੰਗ ਬੂਥਾਂ ਵਿੱਚ ਪਹੁੰਚ ਰਹੇ ਹਨ। ਉੱਥੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਪੋਲਿੰਗ ਬੂਥਾਂ ਉੱਪਰ ਵੋਟ ਪਾ ਦਿੱਤੀ ਗਈ ਹੈ।
ਖਤਰੇ ਵਿੱਚ ਆਮ ਆਦਮੀ ਪਾਰਟੀ ਦਾ ਗੜ੍ਹ !
ਬਰਨਾਲਾ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਬਰਨਾਲਾ ਵਿੱਚ ਇਕ ਲੱਖ 80 ਹਜ਼ਾਰ ਤੋਂ ਵੱਧ ਵੋਟਰ ਹਨ। ਬਰਨਾਲਾ ਵਿਧਾਨ ਸਭਾ ਸੀਟ ਨੂੰ ਆਮ ਆਦਮੀ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ। ਉੱਥੇ ਆਮ ਆਦਮੀ ਪਾਰਟੀ ਇਸ ਨੂੰ ਆਪਣੀ ਰਾਜਧਾਨੀ ਮੰਨ ਕੇ ਚੱਲਦੀ ਹੈ ਪਰ ਇਸ ਵਾਰ ਆਮ ਆਦਮੀ ਪਾਰਟੀ ਦਾ ਗੜ੍ਹ ਖਤਰੇ ਵਿੱਚ ਲੱਗ ਰਿਹਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੇ ਵਿਰੁੱਧ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਜਿਸ ਦਾ ਖਮਿਆਜ਼ਾ ਆਮ ਆਦਮੀ ਪਾਰਟੀ ਨੂੰ ਚੋਣ ਨਤੀਜਿਆਂ ਵਿੱਚ ਭੁਗਤਣਾ ਪੈ ਸਕਦਾ ਹੈ।
ਆਜ਼ਾਦ ਉਮੀਦਵਾਰ ਵਿਗਾੜ ਸਕਦੇ ਸਮੀਕਰਨ
ਉੱਥੇ ਭਾਰਤੀ ਜਨਤਾ ਪਾਰਟੀ ਇਸ ਵਾਰ ਪਿੰਡਾਂ ਵਿੱਚ ਪੈਰ ਜਮਾਉਂਦੀ ਨਜ਼ਰ ਆ ਰਹੀ ਹੈ। ਜਦਕਿ ਕਾਂਗਰਸ ਪਾਰਟੀ ਚੋਣ ਮੈਦਾਨ ਵਿੱਚ ਸਭ ਤੋਂ ਉੱਪਰ ਦਿਖਾਈ ਦੇ ਰਹੀ ਹੈ। ਇਸ ਚੋਣ ਦੌਰਾਨ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਿਖਾਈ ਦੇ ਰਿਹਾ ਹੈ। ਜਦਕਿ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਚੋਣ ਨਤੀਜਿਆਂ ਦੇ ਸਮੀਕਰਨ ਬਦਲਣ ਵਿੱਚ ਭੂਮਿਕਾ ਨਿਭਾਉਣਗੇ।