ਬਰਨਾਲਾ: ਬਰਨਾਲਾ ਵਿਖੇ ਬੀਕੇਯੂ ਚੜੂਨੀ ਨਾਲ ਸਬੰਧਤ ਕਿਸਾਨਾਂ ਨੇ ਭੁੱਖ ਹੜਤਾਲ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਖਨੌਰੀ ਬਾਰਡਰ ਉਪਰ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਵਿੱਚ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। 11 ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਭੁੱਖ ਹੜਤਾਲ ਕੀਤੀ ਅਤੇ ਕੇਂਦਰ ਸਰਕਾਰ ਉਪਰ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਗਾਏ।
ਇਸ ਮੌਕੇ ਗੱਲਬਾਤ ਕਰਦਿਆਂ ਭੁੱਖ ਹੜਤਾਲ ਕਰ ਰਹੇ ਕਿਸਾਨ ਆਗੂ ਬੱਬੂ ਪੰਧੇਰ, ਸੁਖਵਿੰਦਰ ਕਲਕੱਤਾ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਉਹਨਾਂ ਦੀ ਜੱਥੇਬੰਦੀ ਵਲੋਂ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਉਹਨਾਂ ਬਰਨਾਲਾ ਵਿਖੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਭੁੱਖ ਹੜਤਾਲ ਕੀਤੀ ਹੈ। ਉਹਨਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਨੂੰ ਲੈ ਕੇ 25 ਦਿਨਾਂ ਤੋਂ ਭੁੱਖ ਹੜਤਾਲ ਉਪਰ ਹਨ, ਪਰ ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ। ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਤੋਂ ਵੀ ਸਰਕਾਰ ਭੱਜ ਚੁੱਕੀ ਹੈ।
ਉਹਨਾਂ ਦੀ ਸਰਕਾਰ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਪਹਿਲਾਂ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਲਿਜਾਣ ਨੂੰ ਲੈ ਕੇ ਇਤਰਾਜ਼ ਕਰ ਰਹੀ ਸੀ। ਪਰ ਹੁਣ ਜਦੋਂ ਕਿਸਾਨ ਪੈਦਲ ਹੀ ਦਿੱਲੀ ਜੱਥੇ ਦੇ ਰੂਪ ਵਿੱਚ ਜਾ ਰਹੇ ਸਨ ਤਾਂ ਉਹਨਾਂ ਉਪਰ ਵੀ ਜ਼ਬਰ ਕੀਤਾ ਗਿਆ। ਇੱਕ ਕਿਸਾਨ ਸਲਫ਼ਾਸ ਖਾ ਕੇ ਜਾਨ ਵੀ ਦੇ ਗਿਆ ਹੈ। ਜਿਸ ਲਈ ਵੀ ਸਰਕਾਰ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਭੁੱਖ ਹੜਤਾਲ ਸਿਰਫ਼ ਇੱਕ ਦਿਨ ਦੀ ਹੀ ਸੀ।
ਪਰ ਸੰਯੁਕਤ ਕਿਸਾਨ ਮੋਰਚਾ ਅਤੇ ਉਹਨਾਂ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵਲੋਂ ਅੱਗੇ ਭਾਰਤ ਬੰਦ ਅਤੇ ਹੋਰ ਪ੍ਰੋਗਰਾਮ ਵੀ ਦਿੱਤੇ ਜਾ ਰਹੇ ਹਨ। ਜਿਹਨਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨਿਰੋਲ ਕਿਸਾਨ ਵਿਰੋਧੀ ਸਰਕਾਰ ਸਾਬਤ ਹੋ ਰਹੀ ਹੈ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੇਂਦਰ ਸਰਕਾਰ ਦਾ ਸਾਥ ਦੇ ਰਹੀ ਹੈ।