ਬਰਨਾਲਾ: ਭਾਨਾ ਸਿੱਧੂ ਦੇ ਹੱਕ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਅੱਜ ਪੁਲਿਸ ਵੱਲੋਂ ਸਵੇਰੇ ਕਰੀਬ ਚਾਰ ਵਜੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੁਝ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ। ਉੱਥੇ ਹੀ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਨੂੰ ਘਰਾਂ ਵਿੱਚ ਨਜਰਬੰਦ ਕੀਤਾ ਗਿਆ।
ਆਗੂਆਂ ਨੂੰ ਕੀਤਾ ਘਰਾਂ ਵਿੱਚ ਨਜ਼ਰਬੰਦ : ਪਾਰਟੀ ਦੇ ਮੀਡੀਆ ਇੰਚਾਰਜ ਸਤਨਾਮ ਸਿੰਘ ਰੱਤੋਕੇ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਮੁਤਾਬਿਕ ਪਾਰਟੀ ਦੇ ਆਗੂਆਂ ਵੱਲੋਂ ਵੱਡੀ ਪੱਧਰ 'ਤੇ ਕਾਫਲੇ ਬਣਾ ਕੇ ਕਿਸਾਨ ਜਥੇਬੰਦੀਆਂ ਵੱਲੋਂ ਭਾਨਾ ਸਿੱਧੂ ਦੇ ਹੱਕ ਵਿੱਚ ਦਿੱਤੇ ਗਏ ਸੱਦੇ ਅਨੁਸਾਰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਣਾ ਸੀ, ਪਰ ਪੁਲਿਸ ਨੇ ਵੱਡੀ ਗਿਣਤੀ ਵਿੱਚ ਆਗੂਆਂ ਨੂੰ ਅੱਜ ਸਵੇਰੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਹਾਲਾਂਕਿ ਇਸਦੇ ਬਾਵਜੂਦ ਵੀ ਅਨੇਕਾਂ ਸਾਥੀ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਵਿੱਚ ਸਫਲ ਰਹੇ।
ਇਹ ਆਗੂ ਕੀਤੇ ਨਜ਼ਰਬੰਦ: ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਯੂਥ ਪ੍ਰਧਾਨ ਬਰਨਾਲਾ ਗੁਰਪ੍ਰੀਤ ਸਿੰਘ ਖੁੱਡੀ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਬਰਨਾਲਾ ਦੇ ਘਰ ਸਵੇਰੇ ਕਰੀਬ 4 ਵਜੇ ਛਾਪਾਮਾਰੀ ਕੀਤੀ ਗਈ ਅਤੇ ਉਸ ਤੋਂ ਬਾਅਦ ਦੋਵੇਂ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਹਲਕਾ ਮਹਿਲਾਂ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਮਨਵੀਰ ਕੌਰ ਰਾਹੀਂ, ਸੀਨੀਅਰ ਮੀਤ ਪ੍ਰਧਾਨ ਬਰਨਾਲਾ ਓਕਾਂਰ ਸਿੰਘ ਬਰਾੜ, ਸੰਗਰੂਰ ਤੋਂ ਜਥੇਬੰਦਕ ਸਕੱਤਰ ਗੁਰਨੈਬ ਸਿੰਘ ਰਾਮਪੁਰਾ ਸਮੇਤ ਹੋਰਨਾਂ ਆਗੂਆਂ ਨੂੰ ਵੀ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਪ੍ਰੈਸ ਦੀ ਆਜ਼ਾਦੀ ਨੂੰ ਖੋਹਣ ਦੇ ਯਤਨ: ਉਧਰ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹੱਕਾਂ ਵਿੱਚ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਲਈ ਜਿੱਥੇ ਬੇਕਸੂਰ ਨੌਜਵਾਨਾਂ 'ਤੇ ਪਰਚੇ ਦਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਤੋਂ ਰੋਸ ਪ੍ਰਗਟਾਉਣ ਦੇ ਹੱਕ ਖੋਹੇ ਜਾ ਰਹੇ ਹਨ। ਉੱਥੇ ਹੀ ਹੁਣ ਪ੍ਰੈਸ ਦੀ ਆਜ਼ਾਦੀ ਨੂੰ ਖੋਹਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਸੋਸ਼ਲ ਮੀਡੀਆ ਤੋਂ ਮਿਲੀਆਂ ਖਬਰਾਂ ਦੇ ਅਨੁਸਾਰ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੇ ਰੋਹ ਦੀ ਕਵਰੇਜ ਕਰਨ ਤੋਂ ਰੋਕਣ ਲਈ ਕੁਝ ਪੱਤਰਕਾਰ ਵੀਰਾਂ ਨੂੰ ਵੀ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ, ਜਿਸ ਦੀ ਅਸੀਂ ਪੂਰਜੋਰ ਨਿਖੇਧੀ ਕਰਦੇ ਹਾਂ। ਇਸ ਮਸਲੇ ਸੰਬੰਧੀ ਅਸੀਂ ਸੂਚਨਾ ਪ੍ਰਸਾਰਣ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਰਖਾਸਤ ਭੇਜ ਕੇ ਪੁੱਛਾਂਗੇ ਕਿ ਲੋਕਤੰਤਰ ਰਾਜ ਵਿੱਚ ਅਜਿਹਾ ਕਿਉਂ ਹੋ ਰਿਹਾ ਹੈ।
ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਾਰੀਆਂ ਹੱਦਾਂ ਪਾਰ: ਇਸ ਦੇ ਨਾਲ ਹੀ ਸਾਂਸਦ ਮਾਨ ਨੇ ਕਿਹਾ ਕਿ ਮੇਰੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਕਿਸੇ ਨਾਲ ਵੀ ਸਰਕਾਰੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਕਾਰ ਦੀ ਹਰ ਜਿਆਦਤੀ ਦਾ ਮੁਕਾਬਲਾ ਪੂਰੀ ਦ੍ਰਿੜਤਾ ਨਾਲ ਕੀਤਾ ਜਾਵੇਗਾ। ਸਾਂਸਦ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਾਰੀਆਂ ਹੱਦਾਂ ਪਾਰ ਕਰ ਰਹੀ ਹੈ। ਪਹਿਲਾਂ ਲੋਕ ਹਿੱਤਾਂ ਦੀ ਗੱਲ ਕਰਨ ਵਾਲੇ ਭਾਨਾ ਸਿੱਧੂ ਨੂੰ ਝੂਠੇ ਕੇਸ ਪਾ ਕੇ ਗ੍ਰਿਫ਼ਤਾਰ ਕੀਤਾ ਗਿਆ। ਭਾਨੇ ਸਿੱਧੂ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਜੇਕਰ ਲੋਕਾਂ ਵੱਲੋਂ ਆਵਾਜ਼ ਉਠਾਈ ਗਈ ਤਾਂ ਉਸ ਨੂੰ ਦਬਾਉਣ ਲਈ ਪੂਰੇ ਪੰਜਾਬ ਨੂੰ ਪੁਲਿਸ ਛਾਊਣੀ ਵਿੱਚ ਤਬਦੀਲ ਕਰ ਦਿੱਤਾ ਹੈ।
ਲੋਕਾਂ ਦੀ ਆਵਾਜ਼ ਨੂੰ ਸੁਣਨ ਮੁੱਖ ਮੰਤਰੀ ਮਾਨ: ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਨੇ ਕਿਹਾ ਕਿ ਸੰਘਰਸ਼ਸ਼ੀਲ ਲੋਕਾਂ ਦੀ ਅਗਵਾਈ ਕਰਨ ਵਾਲੇ ਜੁਝਾਰੂ ਆਗੂਆਂ ਨੂੰ ਗ੍ਰਿਫ਼ਤਾਰ ਅਤੇ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ, ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਕਾਇਮ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।