ਸੰਗਰੂਰ: ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਇੱਕ ਵਾਰ ਫਿਰ ਅੰਦੋਲਨ ਸ਼ੁਰੂ ਕੀਤਾ ਗਿਆ ਹੈ। 13 ਫਰਵਰੀ ਤੋਂ ਕਿਸਾਨ ਲਗਾਤਾਰ ਹਰਿਆਣਾ ਦੇ ਬਾਰਡਰਾਂ ਉੱਤੇ ਡਟ ਕੇ ਬੈਠੇ ਹਨ ਅਤੇ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਹਰਿਆਣੇ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਕਿਸਾਨਾਂ ਉੱਤੇ ਲਗਾਤਾਰ ਅੱਤਿਆਚਾਰ ਕੀਤਾ ਜਾ ਰਿਹਾ ਹੈ।
ਸਰਕਾਰ ਤਸ਼ੱਦਦ ਦੇ ਵਿਰੋਧ ਵਿੱਚ ਤਹਿਤ ਕਿਸਾਨਾਂ ਵੱਲੋਂ ਅੱਜ 16 ਫਰਵਰੀ ਨੂੰ ਭਾਰਤ ਬੰਦ ਦੀ ਕਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਵਿੱਚ ਕਿਸਾਨਾਂ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਆਪੋ-ਆਪਣੇ ਵਪਾਰਕ ਅਦਾਰੇ ਬੰਦ ਕਰਕੇ ਉਹਨਾਂ ਦੇ ਧਰਨੇ ਦਾ ਸਮਰਥਨ ਕਰਨ। ਕਿਸਾਨਾਂ ਦੀ ਇਸ ਕਾਲ ਦਾ ਪੂਰੇ ਪੰਜਾਬ ਵਿੱਚ ਅਸਰ ਦੇਖਣ ਨੂੰ ਮਿਲਿਆ। ਇਸੇ ਲੜੀ ਦੇ ਤਹਿਤ ਅੱਜ ਸੰਗਰੂਰ ਵਿਖੇ ਵੀ ਵੱਡੇ ਪੱਧਰ ਉੱਤੇ ਕਿਸਾਨ ਇਕੱਠੇ ਹੋਏ ਅਤੇ ਪੂਰੇ ਪੰਜਾਬ ਦੀ ਤਰ੍ਹਾਂ ਸੰਗਰੂਰ ਦਾ ਵਪਾਰੀ ਵਰਗ ਇਕੱਠੇ ਹੋਇਆ ਅਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰਦਿਆਂ ਸੰਗਰੂਰ ਦੇ ਮੁੱਖ ਚੌਂਕ ਬਰਨਾਲਾ ਕੈਂਚੀਆਂ ਨੂੰ ਪੂਰਨ ਤੌਰ ਉੱਤੇ ਜਾਮ ਕਰ ਦਿੱਤਾ।
ਮੀਡੀਆ ਨਾਲ ਗੱਲ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਦੇ ਚਲਦੇ ਸਾਡੇ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇੰਨ੍ਹਾਂ ਹੀ ਨਹੀਂ ਉਹਨਾਂ ਨੇ ਕਿਹਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸਾਡੇ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਬੀਤੇ ਤਿੰਨ ਘੰਟਿਆਂ ਲਈ ਟੋਲ ਪਲਾਜ਼ਾ ਵੀ ਪੂਰਨ ਤੌਰ ਉੱਤੇ ਬੰਦ ਕੀਤੇ ਗਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸਿਰਫ ਆਪਣੇ ਹੱਕਾਂ ਹੀ ਮੰਗ ਰਹੇ ਹਨ। ਕੇਂਦਰ ਸਰਕਾਰ ਨੂੰ ਇਹ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਸਨ ਪਰ ਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ। ਅਸੀਂ ਇਸ ਵਾਰ ਆਪਣੀਆਂ ਮੰਗਾਂ ਪੂਰੀਆਂ ਕਰਵਾ ਕੇ ਹੀ ਵਾਪਸ ਆਵਾਂਗੇ। ਦੱਸ ਦਈਏ ਕਿ ਸੰਗਰੂਰ ਦੇ ਵਪਾਰਿਆਂ ਵੱਲੋਂ ਆਪਣੇ ਦੁਕਾਨਾਂ ਬੰਦ ਕਰ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਗਿਆ। ਇਕੱਲੀਆਂ ਦੁਕਾਨਾਂ ਹੀ ਨਹੀਂ ਇਸ ਦੇ ਨਾਲ ਨਾਲ ਪੀਆਰਟੀਸੀ ਦੀਆਂ ਬੱਸਾਂ. ਆਟੋ ਚਾਲਕ ਅਤੇ ਹਰ ਵਰਗ ਦੇ ਲੋਕਾਂ ਨੇ ਕਿਸਾਨਾਂ ਦਾ ਅੱਜ ਧਰਨੇ ਵਿੱਚ ਸਮਰਥਨ ਕੀਤਾ।