ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਅੱਜ ਪੰਜ ਰੋਜਾ ਧਰਨੇ ਦੇ ਅਖੀਰਲੇ ਦਿਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਮਰਦ ਔਰਤਾਂ ਸ਼ਾਮਿਲ ਹੋਏ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਵੱਲੋਂ ਭੇਜੀਆਂ ਮੰਗ ਪੱਤਰ ਰਾਹੀਂ ਮੰਗਾਂ ਨਾ ਮੰਨੀਆਂ ਤਾਂ 24 ਫਰਵਰੀ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਉੱਥੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਖਾਤਰ ਅਜਿਹੇ ਹਾਲਾਤ ਪੈਦਾ ਕੀਤੇ ਜਾਣਗੇ ਕਿ ਜਾਂ ਤਾਂ ਸਰਕਾਰ ਦੀਆਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਂ ਫਿਰ ਉਹ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰ ਲਈ ਤਿਆਰ ਰਹੇ।
ਸਰਕਾਰ ਨਹੀਂ ਸੁਣ ਰਹੀ ਮੰਗਾਂ: ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਔਰਤ ਜਥੇਬੰਦੀ ਦੇ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਕਿਸਾਨ ਪੰਜ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਬੈਠੇ ਹਨ, ਪਰ ਸਰਕਾਰ ਉਹਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਨਵੀਂ ਕਿਸਾਨ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰ ਭੱਖਦੀਆਂ ਮੰਗਾਂ ਸਬੰਧੀ ਪੱਤਰ ਸਰਕਾਰ ਨੂੰ ਅੱਜ ਤੋਂ 17 ਦਿਨ ਪਹਿਲਾਂ ਭੇਜਿਆ ਜਾ ਚੁੱਕਿਆ ਹੈ, ਪਰ ਆਪਣੇ ਆਪ ਨੂੰ ਕਿਸਾਨਾਂ ਮਜ਼ਦੂਰਾਂ ਦੀ ਸਰਕਾਰ ਕਹਿਣ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਚੁੱਪਧਾਰੀ ਹੋਈ ਹੈ। ਕਿਸਾਨ ਆਗੂਆਂ ਨੇ ਮੰਗਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪੱਖੀ ਖੇਤੀ ਨੀਤੀ ਬਣਾਈ ਜਾਵੇ ਤਾਂ ਜੋ ਖੇਤੀ ਮਸਲੇ ਹੱਲ ਹੋ ਸਕਣ ਅਤੇ ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ।
ਕਿਸਾਨਾਂ ਦੇ ਐਕਸ਼ਨ ਦੀ ਤਿਆਰੀ: ਇਸ ਤੋਂ ਇਲਾਵਾ ਹੋਰ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਜ਼ਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕੀਤੀ ਜਾਵੇ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸਸਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ, ਕਿਸਾਨ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ, ਸੂਦਖੋਰੀ ਦਾ ਖਾਤਮਾ ਹੋਵੇ, ਕਿਸਾਨਾਂ, ਮਜਦੂਰਾਂ ਦੇ ਕਰਜ਼ਿਆਂ ਉਪਰ ਲੀਕ ਮਾਰੀ ਜਾਵੇ, ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ , ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ।
ਕਿਸਾਨਾਂ ਨੇ ਦੱਸੀਆਂ ਆਪਣੀਆਂ ਮੰਗਾਂ: ਇਸ ਤੋਂ ਇਲਾਵਾ ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ, ਇਸ ਦੀਆਂ ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖ੍ਰੀਦ ਨੂੰ ਯਕੀਨੀ ਕਰਨ ਲਈ ਢੁਕਵੀਂ ਬੱਜਟ ਰਾਸ਼ੀ ਜੁਟਾਈ ਜਾਵੇ। ਇਸ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਪੇਸ਼ਬੰਦੀ ਕੀਤੀ ਜਾਵੇ , ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਪਰਿਵਾਰਕ ਜੀਆਂ, ਮਰਦਾਂ ਅਤੇ ਔਰਤਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ ਅਤੇ ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਕੁਦਰਤੀ ਆਫ਼ਤਾਂ, ਕੀਟਨਾਸ਼ਕਾਂ, ਮਿਲਾਵਟੀ ਵਸਤਾਂ ਜਾਂ ਫ਼ਸਲੀ ਰੋਗਾਂ ਤੇ ਖੇਤੀ ਹਾਦਸਿਆਂ ਦੀ ਮਾਰ ਹੇਠ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰਾਖਵੀਂ ਪੂੰਜੀ ਦੀ ਖੁੱਲ੍ਹੀ ਵਰਤੋਂ ਹੋਵੇ।
ਪੱਕੇ ਮੋਰਚੇ ਦੀ ਚਿਤਾਵਨੀ: ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਮੋਟੀ ਬਜਟ ਪੂੰਜੀ ਇਕੱਤਰ ਕੀਤੀ ਜਾਵੇ ਅਤੇ ਇਸ ਮਕਸਦ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ। ਕਿਸਾਨੀ ਦੀਆਂ ਉਭਰੀਆਂ ਹੋਰ ਛੋਟੀਆਂ ਮੰਗਾਂ, ਨਸ਼ਾ ਮੁਕਤੀ ਲਈ ਮੰਗਾਂ , ਗੈਸ ਪਾਈਪਲਾਈਨ ਲਈ ਜ਼ਮੀਨ ਦਾ ਮੁਆਵਜ਼ਾ,ਭਾਰਤ ਮਾਲਾ ਸੜਕ ਲਈ ਅਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ, ਸੁੰਡੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਆਦਿ ਮੰਗਾਂ ਸ਼ਾਮਲ ਹਨ।
- ਸਰਕਾਰ ਨੇ ਸ਼ੁਰੂ ਕੀਤੀ ਘਰ-ਘਰ ਰਾਸ਼ਨ ਸਕੀਮ, ਲੋਕਾਂ ਸਭਾ ਚੋਣਾਂ ਨੂੰ ਲੈਕੇ CM ਮਾਨ ਤੇ ਕੇਜਰੀਵਾਲ ਨੇ ਆਖੀ ਵੱਡੀ ਗੱਲ
- ਮਹਾਰਾਸ਼ਟਰ ਸਰਕਾਰ ਕਾਨੂੰਨ ਰਾਹੀਂ ਤਖਤ ਹਜ਼ੂਰ ਸਾਹਿਬ ਦੀ ਹੋਂਦ ਨੂੰ ਕਰ ਰਹੀ ਖ਼ਤਮ: ਜਥੇਦਾਰ ਹਵਾਰਾ
- ਚੀਨ ਸਰਹੱਦ 'ਤੇ 17 ਹਜਾਰ ਫੁੱਟ ਦੀ ਉਚਾਈ ਉੱਤੇ ਡਿਊਟੀ ਨਿਭਾਉਂਦੇ ਅੰਮ੍ਰਿਤਸਰ ਦਾ ਜਵਾਨ ਹੋਇਆ ਸ਼ਹੀਦ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਸਲਾਮੀ
ਕਿਸਾਨਾਂ ਵਲੋਂ ਕੀਤੀ ਜਾ ਰਹੀ ਕਾਨਫਰੰਸ: ਇਸ ਦੇ ਨਾਲ ਹੀ ਕਿਸਾਨ ਆਗੂ ਹਰਜਿੰਦਰ ਸਿੰਘ ਬੱਗੀ ਨੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ 15 ਫਰਵਰੀ ਨੂੰ ਭੂੰਦੜ ਵਿਖੇ ਜ਼ਿਲ੍ਹੇ ਵੱਲੋਂ ਵਿਸ਼ਾਲ ਕਾਨਫਰਸ ਕੀਤੀ ਜਾ ਰਹੀ ਹੈ। ਉਸ ਵਿੱਚ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਿਲ ਹੋਣ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਪੰਜ ਰੋਜ਼ਾ ਧਰਨੇ ਦੇ ਆਖਰੀ ਦਿਨ ਅੱਜ ਮਿੰਨੀ ਸਕੱਤਰੇਤ ਤੋਂ ਲੈ ਕੇ ਹਨੂਮਾਨ ਚੌਂਕ ਤੱਕ ਮਾਰਚ ਕੀਤਾ ਗਿਆ।