ਬਰਨਾਲਾ : ਦੋ ਦਿਨ ਪਹਿਲਾਂ ਕਿਸਾਨ ਯੂਨੀਅਨ ਦੀ ਬੱਸ ਦੇ ਹੋਏ ਸੜਕ ਹਾਦਸੇ ਦਾ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੜ ਗਈ ਹੈ। ਇਸ ਸਬੰਧੀ ਅੱਜ ਡੀਸੀ ਦਫਤਰ ਬਰਨਾਲਾ ਅੱਗੇ ਪੱਕਾ ਧਰਨਾ ਲਗਾਇਆ ਗਿਆ। ਮ੍ਰਿਤਕ ਤਿੰਨ ਕਿਸਾਨ ਔਰਤਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਜਖ਼ਮੀਆਂ ਦੇ ਇਲਾਜ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਉੱਪਰ ਟਾਲ ਮਟੋਲ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਕਿਸਾਨ ਔਰਤਾਂ ਅਤੇ ਮਰਦ ਗੰਭੀਰ ਰੂਪ ਵਿੱਚ ਜ਼ਖਮੀ
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਬਿੰਦਰਪਾਲ ਕੌਰ ਅਤੇ ਕਿਸਾਨ ਔਰਤਾਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਹਰਿਆਣਾ ਦੇ ਟੋਹਾਣਾ ਵਿਖੇ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਜਾਂਦੇ ਕਿਸਾਨਾਂ ਦੀ ਬੱਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਸੀ, ਜਿਸ ਵਿੱਚ ਤਿੰਨ ਕਿਸਾਨ ਔਰਤਾਂ ਦੀ ਮੌਤ ਹੋ ਗਈ। ਜਦਕਿ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਅਤੇ ਮਰਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਜਿੰਨਾਂ ਵਿੱਚੋਂ ਕੁਝ ਜ਼ਿੰਦਗੀ 'ਤੇ ਮੌਤ ਦੀ ਲੜਾਈ ਲੜ ਰਹੇ ਹਨ।
ਮ੍ਰਿਤਕ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਵਾਉਣ ਦੀ ਮੰਗ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਪਰੰਤੂ ਸਰਕਾਰ ਇਸ ਮਾਮਲੇ ਦੇ ਟਾਲ ਮਟੋਲ ਕਰ ਰਹੀ ਆ ਜਿਸ ਕਰਕੇ ਉਨ੍ਹਾਂ ਵੱਲੋਂ ਅੱਜ ਡੀਸੀ ਦਫਤਰ ਬਰਨਾਲਾ ਅਤੇ ਡੀਸੀ ਦਫਤਰ ਬਠਿੰਡਾ ਅੱਗੇ ਪੱਕਾ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਔਰਤਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਅਤੇ ਜਖ਼ਮੀਆਂ ਦਾ ਪੂਰਾ ਇਲਾਜ ਸਰਕਾਰੀ ਖਰਚੇ 'ਤੇ ਕਰੇ। ਉਨ੍ਹਾਂ ਨੇ ਕਿਹਾ ਕਿ ਜਿੰਨਾਂ ਸਮਾਂ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਸਮਾਂ ਸਾਡਾ ਸੰਘਰਸ਼ ਜਾਰੀ ਰਹੇਗਾ।