ਲੁਧਿਆਣਾ/ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਹਾਈਕੋਰਟ ਵਲੋਂ ਤਿੰਨ ਘੰਟਿਆਂ ਲਈ ਪੈਰੋਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਹ ਅੱਜ ਪੈਰੋਲ 'ਤੇ ਬਾਹਰ ਆਏ ਹਨ। ਜਿਥੇ ਉਹ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ 'ਚ ਆਪਣੇ ਵੱਡੇ ਭਰਾ ਦੇ ਭੋਗ ਤੇ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਪੁੱਜੇ ਹਨ।
ਇਸ ਦੌਰਾਨ ਉਨ੍ਹਾਂ ਨੂੰ ਭਾਰੀ ਪੁਲਿਸ ਸੁਰੱਖਿਆ ਹੇਠ ਲਿਆਂਦਾ ਗਿਆ ਹੈ ਤੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਕਾਰਨ ਸੁਰੱਖਿਆ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੈਰੋਲ ਦਾ ਸਮਾਂ 11 ਤੋਂ 2 ਵਜੇ ਤੱਕ ਦਾ ਹੈ, ਜਿਸ ਕਾਰਨ ਉਸ ਪੈਰਾਮੀਟਰ ਅਨੁਸਾਰ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਤੀਜੇ ਨੇ ਕਿਹਾ ਕਿ ਉਹ ਪੇਰੋਲ 'ਤੇ ਬਾਹਰ ਆ ਰਹੇ ਹਨ ਪਰ ਚੰਗਾ ਹੁੰਦਾ ਜੇ ਰਿਹਾਈ 'ਤੇ ਬਾਹਰ ਆਉਂਦੇ। ਉਨ੍ਹਾਂ ਕਿਹਾ ਕਿ ਇਸ ਪੇਰੋਲ ਦੇ ਸਮੇਂ ਅਨੁਸਾਰ ਹੀ ਪ੍ਰੋਗਰਾਮ ਰੱਖੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮੰਗ ਰੱਖੀ ਕਿ ਪਰਿਵਾਰ ਨੂੰ ਸਮਾਂ ਜ਼ਰੂਰ ਮਿਲਣਾ ਚਾਹੀਦਾ ਕਿ ਇਸ ਸਮਾਗਮ ਤੋਂ ਬਾਅਦ ਉਹ ਉਨ੍ਹਾਂ ਨਾਲ ਕੁਝ ਸਮਾਂ ਜ਼ਰੁਰ ਬੈਠ ਸਕਣ।
ਦੱਸ ਦਈਏ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦਾ ਬੀਤੇ ਦਿਨੀਂ ਕੈਨੇਡਾ ਵਿੱਚ ਦਿਹਾਂਤ ਹੋ ਗਿਆ ਸੀ। ਕੁਲਵੰਤ ਸਿੰਘ ਆਪਣੇ ਪੁੱਤਰ ਨੂੰ ਮਿਲਣ ਲਈ ਕੈਨੇਡਾ ਦੇ ਵਿੰਨੀਪੈੱਗ ਗਏ ਸਨ। ਬੀਤੀ 4 ਨਵੰਬਰ ਨੂੰ ਉਥੇ ਉਨ੍ਹਾਂ ਨੂੰ ਆਪਣੇ ਘਰ ਵਿਚ ਹੀ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਇਸ ਭੋਗ ਤੇ ਅੰਤਿਮ ਅਰਦਾਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵੀ ਸ਼ਾਮਲ ਹੋਏ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਵਿੱਚ ਸੀ.ਬੀ.ਆਈ ਅਦਾਲਤ ਨੇ 27 ਜੁਲਾਈ 2007 ਨੂੰ ਰਾਜੋਆਣਾ ਨੂੰ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਕਿ ਬਾਅਦ 'ਚ ਰੋਕ ਲਗਾ ਦਿੱਤੀ ਗਈ ਸੀ।