ਸ੍ਰੀ ਮੁਕਤਸਰ ਸਾਹਿਬ: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਸੂਬੇ ’ਚ ਹੋਣ ਵਾਲੀਆਂ 4 ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਆਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਹੈ। ਜਿਸ ਵਿਚ ਸਭ ਤੋਂ ਹਾਟ ਸੀਟ ਮੰਨੀ ਜਾ ਰਹੀ ਗਿੱਦੜਬਾਹਾ ਸੀਟ 'ਤੇ ਸਾਬਕਾ ਵਿੱਤ ਮੰਤਰੀ ਗਿੱਦੜਬਾਹਾ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਮਨਪ੍ਰੀਤ ਬਾਦਲ ਭਾਜਪਾ ਦੇ ਟਿਕਟ ’ਤੇ ਭਾਵੇਂ ਪਹਿਲੀ ਵਾਰੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਹਨ ਪਰ ਦਿਲਚਸਪ ਪਹਿਲੂ ਇਹ ਹੈ ਕਿ 1996 ’ਚ ਉਨ੍ਹਾਂ ਦੇ ਸਿਆਸੀ ਕਰੀਅਰ ਦੀ ਸ਼ੁਰੂਆਤ ਵੀ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਹੀ ਹੋਈ ਸੀ। ਫਰਕ ਸਿਰਫ਼ ਇੰਨਾ ਸੀ ਕਿ ਉਦੋਂ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੇ ਸਨ।
ਮੁੜ ਗਿੱਦੜਬਾਹਾ ਤੋਂ ਚੋਣ ਲੜ ਰਹੇ ਮਨਪ੍ਰੀਤ ਬਾਦਲ
ਕਾਬਿਲੇਗੌਰ ਹੈ ਕਿ ਸਾਲ 1995 ਦੀ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਮਨਪ੍ਰੀਤ ਸਿੰਘ ਬਾਦਲ ਕਰੀਬ 12 ਸਾਲਾਂ ਦੇ ਲੰਬੇ ਵਕਫ਼ੇ ਤੋਂ ਬਾਅਦ ਮੁੜ ਗਿੱਦੜਬਾਹਾ ਤੋਂ ਚੋਣ ਲੜ ਰਹੇ ਹਨ। ਮਨਪ੍ਰੀਤ ਸਿੰਘ ਬਾਦਲ ਦੇ ਚੋਣ ਮੈਦਾਨ ਵਿਚ ਆਉਣ ਨਾਲ ਗਿੱਦੜਬਾਹਾ ਸੀਟ ਲਈ ਮੁਕਾਬਲਾ ਹੋਰ ਵੀ ਫਸਵਾਂ ਹੋ ਗਿਆ ਹੈ, ਕਿਉਕਿ ਮਨਪ੍ਰੀਤ ਬਾਦਲ ਭਾਵੇਂ 12 ਸਾਲ ਹਲਕੇ ਤੋਂ ਦੂਰ ਰਹੇ ਪਰੰਤੁ ਅਜੇ ਵੀ ਉਹ ਹਲਕੇ ਵਿਚ ਆਪਣਾ ਕਾਫੀ ਪ੍ਰਭਾਵ ਰੱਖਦੇ ਹਨ।
ਬੀਜੇਪੀ ਨੇ ਮਨਪ੍ਰੀਤ ਬਾਦਲ ਨੂੰ ਐਲਾਨਿਆ ਉਮੀਦਵਾਰ
ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਤੋਂ ਵੀ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਐਲਾਨੇ ਜਾ ਚੁੱਕੇ ਹਨ। ਉੱਥੇ ਹੀ ਬੀਜੇਪੀ ਨੇ ਆਪਣੀ ਉਮੀਦਵਾਰਾਂ ਦੀ ਲਿਸਟ ਜਾਰੀ ਕਰਦਿਆਂ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਮਨਪ੍ਰੀਤ ਬਾਦਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉੱਥੇ ਹੀ ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਕਮੀ ਜ਼ਰੂਰ ਇਸ ਹਲਕੇ ਵਿੱਚ ਅਤੇ ਉਨ੍ਹਾਂ ਨੂੰ ਰਹੇਗੀ। ਉੱਥੇ ਉਨ੍ਹਾਂ ਨੇ ਕਿਹਾ ਕਿ ਇੱਥੋਂ ਦੇ ਲੋਕ ਮੇਰੇ ਨਾਲ ਨਿਰਾਸ਼ ਨਹੀਂ ਹਨ, ਇਸ ਵਾਰ ਬੀਜੇਪੀ ਦੀ ਕੇਂਦਰ ਵਿੱਚ ਸਰਕਾਰ ਹੈ ਅਤੇ ਲੋਕ ਮੇਰਾ ਸਾਥ ਦੇਣਗੇ ਤੇ ਮੈਂ ਕੇਂਦਰ ਤੋਂ ਗਿੱਦੜਬਾਹਾ ਇਲਾਕੇ ਲਈ ਫੰਡ ਲੈ ਕੇ ਆਵਾਂਗਾ।
ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਦੱਸ ਦੇਈਏ ਕਿ ਭਾਜਪਾ ਵੱਲੋਂ ਵੀ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਹੁਣ ਮਨਪ੍ਰੀਤ ਸਿੰਘ ਬਾਦਲ ਗਿੱਦੜਬਾਹਾ ਤੋਂ ਚੋਣ ਲੜਨਗੇ। ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਕੱਲ੍ਹ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ‘ਆਪ’ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੱਲੋਂ ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ, ਚੱਬੇਵਾਲ (ਐੱਸਸੀ) ਤੋਂ ਇਸ਼ਾਂਕ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਹਿ ਚੁੱਕੇ ਹਨ ਤੇ ਇਸੇ ਸਾਲ ਅਗਸਤ ਮਹੀਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।