ਬਠਿੰਡਾ: ਪੰਜਾਬ ਸਣੇ ਹੋਰ ਸੂਬਿਆਂ ਦੇ ਕਿਸਾਨ ਕੇਂਦਰ ਸਰਕਾਰ ਵਲੋਂ ਪਹਿਲਾਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਹਰਿਆਣਾ ਬਾਰਡਰਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਿਹਾ ਹੈ। ਉਧਰ ਦੂਜੇ ਪਾਸੇ, 2024 ਦੀਆਂ ਲੋਕ ਸਭਾ ਚੋਣਾਂ ਸਿਰ ਉੱਤੇ ਹਨ ਅਤੇ ਕਿਸੇ ਸਮੇਂ ਵੀ ਚੋਣ ਕਮਿਸ਼ਨ ਵੱਲੋਂ 2024 ਦੀਆਂ ਚੋਣਾਂ ਨੂੰ ਲੈ ਕੇ ਐਲਾਨ ਕੀਤਾ ਜਾ ਸਕਦਾ ਹੈ। ਕੇਂਦਰ ਵਿੱਚ ਪਿਛਲੇ 10 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀ ਸਰਕਾਰ ਚਲਾਈ ਜਾ ਰਹੀ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਹੀ ਕਾਰਜਕਾਲ ਦੌਰਾਨ 2020 ਅਤੇ ਹੁਣ 2024 ਵਿੱਚ ਕਿਸਾਨ ਅੰਦੋਲਨ ਚੱਲ ਰਿਹਾ ਹੈ।
ਕਿਸਾਨਾਂ ਵੱਲੋਂ ਆਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ, ਜਿੱਥੇ ਕੇਂਦਰ ਸਰਕਾਰ ਖਿਲਾਫ ਲਗਾਤਾਰ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ, ਉਥੇ ਹੀ ਸੰਘਰਸ਼ ਦਾ ਅਸਰ ਹੁਣ 2024 ਦੀਆਂ ਲੋਕ ਸਭਾ ਚੋਣਾਂ 'ਤੇ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਭਾਵੇ ਕੇਂਦਰ ਸਰਕਾਰ ਵੱਲੋਂ ਕਈ ਵਾਰ ਕਿਸਾਨਾਂ ਨਾਲ ਬੈਠਕ ਕੀਤੀ ਗਈ ਹੈ ਅਤੇ ਉਨਾਂ ਦੀਆਂ ਮੰਗਾਂ ਉੱਤੇ ਵਿਚਾਰ ਚਰਚਾ ਕੀਤੀ ਗਈ, ਪਰ ਜਿਉਂ ਜਿਉਂ 2024 ਦੀਆਂ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਾਂ ਕਿਸਾਨ ਅੰਦੋਲਨ ਦਾ ਅਸਰ ਇਨ੍ਹਾਂ ਚੋਣਾਂ ਉੱਤੇ ਸਾਫ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ।
ਅੰਦੋਲਨ ਨੇ ਤੋੜਿਆ ਅਕਾਲੀ ਦਲ-ਭਾਜਪਾ ਗਠਜੋੜ !: 2020 ਕਿਸਾਨ ਅੰਦੋਲਨ ਦੌਰਾਨ ਜਿੱਥੇ ਭਾਰਤੀ ਜਨਤਾ ਪਾਰਟੀ ਦਾ ਪੰਜਾਬ ਵਿੱਚ ਜ਼ੋਰਦਾਰ ਵਿਰੋਧ ਹੋਇਆ ਸੀ, ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਕਈ ਵਿਧਾਇਕਾਂ ਦਾ ਕਿਸਾਨਾਂ ਵੱਲੋਂ ਘਰਾਓ ਕੀਤਾ ਗਿਆ। ਉੱਥੇ ਹੀ, ਭਾਜਪਾ ਦੇ ਸਮਾਗਮਾਂ ਦਾ ਵੀ ਜ਼ਬਰਦਸਤ ਵਿਰੋਧ ਦੇਖਣ ਨੂੰ ਮਿਲਿਆ ਸੀ, ਹੁਣ 2024 ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦੀ ਜੇਕਰ ਗੱਲ ਕੀਤੀ ਜਾਵੇ, ਤਾਂ ਪੰਜਾਬ ਲੋਕ ਸਭਾ ਚੋਣਾਂ ਉੱਤੇ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਭਾਵੇਂ 1997 ਤੋਂ 2020 ਤੱਕ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰਕੇ ਲੜੀਆਂ ਜਾਂਦੀਆਂ ਰਹੀਆਂ ਹਨ।
ਇਸ ਗਠਜੋੜ ਨੇ ਲੰਮਾ ਸਮਾਂ ਪੰਜਾਬ ਵਿੱਚ ਜਿੱਥੇ ਸਿਆਸੀ ਪਾਰੀ ਖੇਡੀ, ਉੱਥੇ ਹੀ ਰਾਜਨੀਤਿਕ ਹਲਕਿਆਂ ਵਿੱਚ ਇਸ ਗੱਠਜੋੜ ਨੂੰ ਨਹੁੰ ਮਾਂਸ ਦਾ ਰਿਸ਼ਤੇ ਵਜੋਂ ਜਾਣਿਆ ਜਾਂਦਾ ਸੀ। ਪਰ, ਕਿਸਾਨ ਅੰਦੋਲਨ ਦੇ ਚੱਲਦਿਆਂ ਹੀ ਇਹ ਨਹੁੰ ਮਾਂਸ ਦਾ ਰਿਸ਼ਤਾ 2020 ਵਿੱਚ ਖ਼ਤਮ ਹੋ ਗਿਆ ਸੀ, ਕਿਉਂਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਮੰਨਣ ਸਬੰਧੀ ਕਰੀਬ ਇੱਕ ਸਾਲ ਦਾ ਸਮਾਂ ਲਗਾ ਦਿੱਤਾ ਸੀ ਅਤੇ ਸਾਂਸਦ ਹਰਸਿਮਰਤ ਬਾਦਲ ਵਲੋਂ ਕੇਂਦਰੀ ਕੈਬਨਿਟ ਚੋਂ ਮੰਤਰੀ ਵਜੋਂ ਅਸਤੀਫਾ ਦੇ ਦਿੱਤੀ ਗਿਆ ਸੀ। ਇਸ ਸਮੇਂ ਦੌਰਾਨ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਜਬਰਦਸਤ ਵਿਰੋਧ ਕੀਤਾ ਜਾਂਦਾ ਰਿਹਾ।
ਪੰਜਾਬ ਵਿੱਚ ਭਾਜਪਾ : ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਭਵਿੱਖ ਦੀ ਗੱਲ ਕੀਤੀ ਜਾਵੇ ਤਾਂ 1980 ਵਿਧਾਨ ਸਭਾ ਚੋਣਾਂ ਦੌਰਾਨ ਇੱਕ ਸੀਟ ਪੰਜਾਬ ਵਿੱਚੋਂ ਇਕੱਲਿਆਂ ਚੋਣ ਲੜਨ ਦੌਰਾਨ ਦਿੱਤੀ ਸੀ। 1985 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ 6 ਸੀਟਾਂ ਮਿਲੀਆਂ ਸਨ। ਫਿਰ ਭਾਜਪਾ 1992 ਵਿੱਚ 6 ਸੀਟਾਂ ਜਿੱਤਣ ਵਿਚ ਕਾਮਯਾਬ ਹੋਈ ਸੀ, ਪਰ 1997 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਿੰਦੂ-ਸਿੱਖ ਏਕਤਾ ਦੇ ਨਾਅਰੇ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਜਪਾ ਨਾਲ ਗੱਠਜੋੜ ਕਰਕੇ ਚੋਣਾਂ ਲੜੀਆਂ ਗਈਆਂ ਸਨ। ਇਸ ਗਠਜੋੜ ਵਿੱਚ ਭਾਜਪਾ ਨੂੰ 23 ਸੀਟਾਂ ਵਿੱਚੋਂ 18 ਸੀਟਾਂ ਉੱਤੇ ਜਿੱਤ ਪ੍ਰਾਪਤ ਹੋਈ ਸੀ।
2002 ਦੀਆਂ ਵਿਧਾਨ ਸਭਾ ਸੀਟਾਂ ਦੌਰਾਨ ਤਿੰਨ ਸੀਟਾਂ ਉੱਤੇ ਭਾਜਪਾ ਨੂੰ ਬਹੁਮਤ ਪ੍ਰਾਪਤ ਹੋਇਆ ਸੀ। 2007 ਵਿੱਚ 19 ਸੀਟਾਂ, 2012 ਵਿੱਚ 12 ਅਤੇ 2017 ਵਿਧਾਨ ਸਭਾ ਚੋਣਾਂ ਦੌਰਾਨ 3 ਸੀਟਾਂ ਗੱਠਜੋੜ ਦੌਰਾਨ ਜਿੱਤੀਆਂ ਸਨ, ਪਰ 2020 ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਗਠਜੋੜ ਟੁੱਟਾ, ਬਾਦਲ ਨਾਲੋਂ ਵੱਖ ਹੋ ਕੇ ਭਾਜਪਾ ਵੱਲੋਂ 2022 ਵਿੱਚ ਵਿਧਾਨ ਸਭਾ ਚੋਣਾਂ ਇੱਕਲਿਆਂ ਹੀ 73 ਸੀਟਾਂ ਉੱਤੇ ਲੜੀਆਂ ਗਈਆਂ ਅਤੇ 2 ਸੀਟਾਂ ਉੱਤੇ ਜਿੱਤ ਪ੍ਰਾਪਤ ਹੋ ਸਕੀ।
ਪੰਜਾਬ ਵਿੱਚ ਭਾਜਪਾ ਲਈ ਇੱਕਲੇ ਚੋਣ ਲੜਨਾ ਸੌਖਾ ਨਹੀਂ: ਜੇਕਰ ਲੋਕ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ, ਤਾਂ ਭਾਜਪਾ ਨੂੰ ਪੰਜਾਬ ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਸਫਲਤਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਤੋਂ ਬਾਅਦ 1999 ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਇੱਕ ਸੀਟ ਗੁਰਦਾਸਪੁਰ ਤੋਂ ਜਿੱਤ ਕੇ ਪ੍ਰਾਪਤ ਹੋਈ ਸੀ। ਗੁਰਦਾਸਪੁਰ ਤੋਂ ਪਹਿਲੀ ਵਾਰ ਭਾਜਪਾ ਦੀ ਟਿਕਟ ਉੱਤੇ ਵਿਨੋਦ ਖੰਨਾ ਲੋਕ ਸਭਾ ਮੈਂਬਰ ਚੁਣੇ ਗਏ ਸਨ। ਇਸੇ ਗਠਜੋੜ ਤਹਿਤ 2004 ਵਿੱਚ ਹੋਈਆਂ ਪੰਜਾਬ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਤਿੰਨ ਸੀਟਾਂ 2009 ਵਿੱਚ 1, 2014 ਵਿੱਚ 2 ਅਤੇ 2019 ਵਿੱਚ 2 ਸੀਟਾਂ ਉੱਤੇ ਜਿੱਤ ਪ੍ਰਾਪਤ ਹੋਈ ਸੀ।
ਪਰ, ਹੁਣ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਲਈ ਪੰਜਾਬ ਲੋਕ ਸਭਾ ਚੋਣਾਂ ਦਾ ਰਾਸਤਾ ਸੁਖਾਲਾ ਨਜ਼ਰ ਨਹੀਂ ਆ ਰਿਹਾ, ਕਿਉਂਕਿ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦੇ ਲੀਡਰਾਂ ਦੇ ਘਿਰਾਓ ਕੀਤੇ ਜਾ ਰਹੇ ਹਨ ਅਤੇ ਰਾਜਨੀਤਿਕ ਸਮਾਗਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਭਾਜਪਾ ਦਾ ਵਿਰੋਧ ਹੋਵੇਗਾ: ਕਿਸਾਨ ਆਗੂ ਬਲਕਰਨ ਸਿੰਘ ਬਰਾੜ ਦਾ ਕਹਿਣਾ ਹੈ ਕਿ ਕੇਂਦਰ ਵਿਚਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਾ ਕੀਤਾ ਜਾਣਾ ਸਭ ਤੋਂ ਵੱਡਾ ਧੋਖਾ ਹੈ। ਜਿੰਨਾ ਸਮਾਂ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰੇਗੀ, ਭਾਜਪਾ ਦਾ ਪਿੰਡ ਪਿੰਡ ਅਤੇ ਸ਼ਹਿਰਾਂ ਵਿੱਚ ਵਿਰੋਧ ਕੀਤਾ ਜਾਵੇਗਾ ਅਤੇ ਭਾਜਪਾ ਦੀ ਟਿਕਟ ਉੱਤੇ ਚੋਣ ਲੜਨ ਵਾਲੇ ਲੀਡਰਾਂ ਦੇ ਵਿਰੋਧ ਵਿੱਚ ਚੋਣ ਪ੍ਰਚਾਰ ਕੀਤਾ ਜਾਵੇਗਾ।