ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ 'ਤੇ ਬਰਨਾਲਾ, ਮਾਨਸਾ ਤੇ ਮੋਗਾ ਜ਼ਿਲ੍ਹੇ ਵੱਲੋਂ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਧਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨ ਮੰਗਾਂ ਲਈ ਦਿੱਲੀ ਵੱਲ ਤੁਰੇ ਕਿਸਾਨਾਂ ਉੱਤੇ ਹਰਿਆਣਾ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਢਾਹੇ ਜਾ ਰਹੇ ਜ਼ਬਰ ਦੇ ਖ਼ਿਲਾਫ਼ ਮੈਦਾਨ ਵਿੱਚ ਉਤਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਜੇਪੀ ਦੇ ਆਗੂਆਂ ਦੇ ਘਰਾਂ ਅੱਗੇ ਦੋ ਰੋਜ਼ਾ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦੀ ਕੋਠੀ, ਟੋਲ ਪਲਾਜ਼ਾ ਮਹਿਲ ਕਲਾਂ ਤੇ ਬਰਨਾਲਾ ਅੱਗੇ ਧਰਨਾ ਸ਼ੂਰੂ ਕਰ ਦਿੱਤਾ ਗਿਆ ਹੈ। ਜਿਸ ਵਿੱਚ ਸੈਂਕੜੇ ਕਿਸਾਨ ਅਤੇ ਮਹਿਲਾਵਾਂ ਹਾਜ਼ਰ ਹੋਏ।
ਕਿਸਾਨਾਂ 'ਤੇ ਜ਼ਬਰ ਢਾਹ ਰਹੀ ਭਾਜਪਾ: ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਹੋਰ ਆਗੂਆਂ ਨੇ ਕਿਹਾ ਕਿ ਭਾਜਪਾ ਹਕੂਮਤ ਕਿਸਾਨਾਂ ਉਪਰ ਜ਼ਬਰ ਢਾਹ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤੀ ਜਾ ਸਕਦਾ। ਜਦੋਂਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਜਿਸ ਦੀ ਹਾਮੀ ਦਿੱਲੀ ਕਿਸਾਨੀ ਮੋਰਚੇ ਵਿੱਚ ਭਰੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਾੜਾ ਵਤੀਰਾ ਨਾਂ ਬਦਲਿਆ ਤਾਂ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
ਇੰਨ੍ਹਾਂ ਮੰਗਾਂ 'ਤੇ ਧਿਆਨ ਦੇਵੇ ਕੇਂਦਰ: ਕਿਸਾਨਾਂ ਦੀਆਂ ਮੰਗਾਂ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੇ ਭਾਅ ਡਾ.ਸਵਾਮੀਨਥਨ ਦੀਆਂ ਸਿਫਾਰਸ਼ਾਂ ਅਨੁਸਾਰ ਤੈਅ ਕੀਤੇ ਜਾਣ, ਐੱਮਐੱਸਪੀ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਭਾਰਤ ਸਰਕਾਰ WTO ਦੀਆਂ ਨੀਤੀਆਂ ਚੋਂ ਬਾਹਰ ਆਵੇ, ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਖਤਮ ਕੀਤੇ ਜਾਣ। ਲਖੀਮਪੁਰ ਖੀਰੀ ਵਿੱਚ ਕਿਸਾਨਾਂ 'ਤੇ ਪੱਤਰਕਾਰ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪੰਜਾਬ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਹੋਏ।
ਇਹ ਕਿਸਾਨ ਆਗੂ ਵੀ ਰਹੇ ਮੌਜੂਦ: ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ, ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਰਨੈਲ ਸਿੰਘ ਬਦਰਾ, ਜ਼ਿਲ੍ਹਾ ਖਜ਼ਾਨਚੀ ਭਗਤ ਸਿੰਘ ਛੰਨਾ, ਬੁੱਕਣ ਸਿੰਘ ਸੱਦੋਵਾਲ, ਦਰਸ਼ਨ ਸਿੰਘ ਭੈਣੀ, ਇੰਦਰਜੀਤ ਸਿੰਘ ਝੱਬਰ, ਪ੍ਰਧਾਨ ਗੁਰਚਰਨ ਸਿੰਘ, ਬੂਟਾ ਸਿੰਘ ਭਾਗੀਕੇ, ਔਰਤ ਆਗੂ ਕੁਲਦੀਪ ਕੌਰ ਕੁੱਸਾ, ਜੋਤੀ ਕੌਰ ਬੁਢਲਾਡਾ, ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ ਨੈਬ ਸਿੰਘ ਕਾਲਾ, ਗੁਪਾਲ ਸਿੰਗਲਾ ਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।