ਅੰਮ੍ਰਿਤਸਰ/ਬਠਿੰਡਾ/ ਕਪੂਰਥਲਾ/ਖੰਨਾ/ ਮਾਨਸਾ/ਮੋਗਾ/ਪਠਾਨਕੋਟ/ਤਰਨਤਾਰਨ: ਅੱਜ ਯਾਨੀ 23 ਫ਼ਰਵਰੀ ਨੂੰ ਐਸਕੇਐਮ ਦੇ ਸੱਦੇ ਉੱਤੇ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਇਆ ਗਿਆ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨ ਪ੍ਰਦਰਸ਼ਨਕਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ।
ਅਗਲੀ ਰਣਨੀਤੀ : ਹਾਲ ਹੀ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਸ਼ੁਭਕਰਨ ਸਿੰਘ ਨੂੰ ਗੋਲੀ ਲੱਗੀ ਅਤੇ ਉਹ ਸ਼ਹੀਦ ਹੋ ਗਿਆ। ਜਿਸ ਕਾਰਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪੁਤਲੇ ਫੂਕੇ ਗਏ। ਉਨ੍ਹਾਂ ਦੱਸਿਆ ਕਿ 26 ਫ਼ਰਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ ਹੋਵੇਗਾ ਅਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ: ਗੋਲਡਨ ਗੇਟ ਉੱਤੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰਿਆਣਾ ਦੀ ਖੱਟਰ ਸਰਕਾਰ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸ਼ਾਂਤਮਈ ਤਰੀਕੇ ਨਾਲ ਦਿੱਲੀ ਬੈਠਣ ਵਾਸਤੇ ਗਏ ਸੀ ਅਤੇ ਅਸੀਂ ਕੇਂਦਰ ਸਰਕਾਰ ਕੋਲੋਂ ਉਥੇ ਜਗ੍ਹਾ ਮੰਗੀ ਹੈ, ਤਾਂ ਅਸੀਂ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾ ਸਕੀਏ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕਿਆ ਗਿਆ ਹੈ ਜਿਸ ਕਰਕੇ ਖਨੌਰੀ ਤੇ ਸ਼ੰਭੂ ਬਾਰਡਰ ਉੱਤੇ ਕਿਸਾਨ ਡਟੇ ਹੋਏ ਹਨ। ਇਸ ਦੌਰਾਨ ਸਾਡੇ ਨੌਜਵਾਨ ਸ਼ੁੱਭਕਰਨ ਸਿੰਘ ਦੇ ਹਰਿਆਣਾ ਪੁਲਿਸ ਵਲੋਂ ਗੋਲੀ ਮਾਰੀ ਗਈ ਜਿਸ ਦੀ ਮੌਤ ਗਈ। ਇਹ ਘਟਨਾ ਨਿੰਦਣਯੋਗ ਹੈ। ਇਸ ਲਈ ਐਸਕੇਐਮ ਦੇ ਸੱਦੇ ਉੱਤੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਬਠਿੰਡਾ ਵਿੱਚ ਪੁਤਲਾ ਫੂਕ ਮੁਜਾਹਰਾ: ਸੰਯੁਕਤ ਸਮਾਜ ਮੋਰਚਾ ਦੇ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਮੰਤਰੀਆਂ ਦੇ ਪੁਤਲੇ ਫੂਕੇ ਗਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਪ੍ਰਦਰਸ਼ਨ ਦੇ ਵਿੱਚ ਹਿੱਸਾ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸ਼ਿੰਗਾਰਾ ਸਿੰਘ ਮਾਨ ਦਾ ਕਹਿਣਾ ਸੀ ਕਿ ਸੰਯੁਕਤ ਕਿਸਾਨ ਮੋਰਚੇ ਨੇ ਜੋ ਕੱਲ ਫੈਸਲਾ ਲਿੱਤਾ ਸੀ, ਉਸ ਵਜੋਂ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਪੁਤਲਾ ਫੂਕਿਆ ਗਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਕਰ ਰਹੀ ਹੈ। ਕਿਸਾਨ ਦਾ ਇੱਕ ਪੁੱਤ ਕੇਂਦਰ ਸਰਕਾਰ ਦੇ ਆਦੇਸ਼ਾਂ ਦੇ ਚੱਲੀ ਗੋਲੀ ਦੇ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਿਸ ਦੀ ਅਸੀਂ ਕੜੀ ਨਿੰਦਾ ਕਰਦੇ ਹਾਂ ਅਤੇ ਕੇਂਦਰ ਸਰਕਾਰ ਦੇ ਖਿਲਾਫ ਵੱਡੇ ਅੰਦੋਲਨ ਕਰਨ ਲਈ ਅਸੀਂ ਅੱਗੇ ਵੱਧ ਰਹੇ ਹਾਂ। ਕਿਸਾਨਾਂ ਦੀ ਜੋ ਮੰਗਾਂ ਨੇ ਜੇਕਰ ਕੇਂਦਰ ਸਰਕਾਰ ਨੇ ਨਾ ਮੰਨੀਆਂ, ਤਾਂ ਇਹ ਅੰਦੋਲਨ ਅੱਗੇ ਵੱਧਦਾ ਰਵੇਗਾ।
ਕਪੂਰਥਲਾ ਵਿੱਚ ਰੋਸ ਪ੍ਰਦਰਸ਼ਨ: ਇੱਥੇ ਕਪੂਰਥਲਾ ਵਿਖੇ ਵੀ ਕਿਸਾਨਾਂ ਵੱਲੋਂ ਇਕੱਤਰਤਾ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਮੌਜੂਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਅਤੇ ਕਾਰਕੂਨਾਂ ਵੱਲੋਂ ਕੇਂਦਰ ਖਿਲਾਫ ਜਬਰਦਸਤ ਨਾਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਸਾਨੂੰ ਸਾਡੇ ਦੇਸ਼ ਵਿੱਚ ਵੱਖਰੇ ਹੋਣ ਦਾ ਅਹਿਸਾਸ ਕਰਾਇਆ ਜਾ ਰਿਹਾ ਹੈ। ਅਸੀਂ ਅੰਦੋਲਨ ਕਰਨਾ ਚਾਹੁੰਦੇ ਹਾਂ ਤੇ ਸਾਨੂੰ ਅੰਦੋਲਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਾਡਾ ਜਮਹੂਰੀ ਹੱਕ ਹੈ।
ਖੰਨਾ ਵਿੱਚ ਰੋਸ ਪ੍ਰਦਰਸ਼ਨ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਖੰਨਾ ਦੇ ਐਸਡੀਐਮ ਦਫ਼ਤਰ ਦੇ ਬਾਹਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਸਾੜੇ ਗਏ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸ਼ੁਭਕਰਨ ਸਿੰਘ ਦੀ ਮੌਤ ਲਈ ਇਨਸਾਫ਼ ਦੀ ਮੰਗ ਵੀ ਕੀਤੀ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਵੀਰਵਾਰ ਨੂੰ ਹੀ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸਾਰੇ ਕਿਸਾਨਾਂ ਨੂੰ ਇਕੱਠਾ ਕਰੇਗੀ।
ਮਾਨਸਾ ਵਿੱਚ ਪ੍ਰਦਰਸ਼ਨ, ਫੂਕੇ ਪੁਤਲੇ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਮਾਨਸਾ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਵੱਲ ਜਾ ਰਹੇ ਹਾਂ, ਪਰ ਉਨਾਂ ਨੂੰ ਹਰਿਆਣਾ ਦੇ ਬਾਰਡਰਾਂ ਉੱਪਰ ਰੋਕ ਕੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾ ਕੇ ਕਿਸਾਨਾਂ ਨੂੰ ਜਖ਼ਮੀ ਕੀਤਾ ਗਿਆ। ਇਸ ਦੌਰਾਨ ਬਠਿੰਡਾ ਦੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਜਿਸ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਮੋਗਾ ਵਿੱਚ ਕਿਸਾਨ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ: 13 ਫ਼ਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਐਸਕੇਐਮ ਵੱਲੋਂ ਮੀਟਿੰਗ ਕਰਕੇ ਐਲਾਨ ਕੀਤਾ ਗਿਆ ਹੈ ਕਿ ਬੀਤੇ ਕੱਲ ਕਿਸਾਨ ਸ਼ੁਭਕਰਨ ਦੀ ਮੌਤ ਦੇ ਰੋਸ ਵਜੋਂ 23 ਫ਼ਰਵਰੀ ਦਾ ਦਿਨ ਬਲੈਕ ਡੇਅ ਵਜੋਂ ਮਨਾਇਆ ਜਾਵੇਗਾ। ਇਸ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਮੋਗਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਮੋਗਾ ਵਿੱਚ ਪ੍ਰਦਰਸ਼ਨ ਦੌਰਾਨ ਇੱਕ 2 ਤੋਂ ਢਾਈ ਸਾਲ ਦਾ ਬੱਚਾ ਵੀ ਸ਼ਾਮਲ ਰਿਹਾ।
ਪਠਾਨਕੋਟ ਵਿੱਚ ਰੋਸ ਪ੍ਰਦਰਸ਼ਨ: ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਾਰ ਮੁੜ ਕਿਸਾਨ ਦਿੱਲੀ ਦੀਆਂ ਬਰੂਹਾਂ ਦਾ ਰੁਖ ਕਰ ਰਹੇ ਹਨ, ਪਰ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਦੇ ਨਾਲ ਕੀਤੀ ਜਾ ਰਹੀ ਤਸ਼ੱਦਦ ਨੂੰ ਵੇਖਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੰਘਰਸ਼ ਉਲੀਕੇ ਜਾ ਰਹੇ ਹਨ ਅਤੇ ਵੱਖੋ ਵੱਖ ਲੜੀ ਤਹਿਤ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਅੱਜ ਪਠਾਨਕੋਟ ਵਿਖੇ ਕਿਸਾਨਾਂ ਵੱਲੋਂ ਸੰਘਰਸ਼ ਦੌਰਾਨ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਡੀਸੀ ਦਫਤਰ ਮੂਹਰੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ।
ਮੁਕਤਸਰ ਵਿੱਚ ਰੋਸ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਮੁਕਤਸਰ 'ਚ ਕਿਸਾਨ ਯੂਨੀਅਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆ ਮੁਕਤਸਰ ਦੇ ਪ੍ਰਧਾਨ ਹਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀਆਂ ਕਈ ਮੰਗਾਂ ਹਨ ਜੋ ਕੇਂਦਰ ਨਾਲ ਸਬੰਧਤ ਹਨ। ਕੁਝ ਕਿਸਾਨ ਜਥੇਬੰਦੀਆਂ ਜੋ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੀਆਂ ਸਨ, ਨੂੰ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਬੀਤੇ ਦਿਨ ਇੱਕ ਨੌਜਵਾਨ ਸ਼ੁਭਕਰਨ ਸਿੰਘ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਹੈ ਜਿਸ ਕਾਰਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪੁਤਲੇ ਫੂਕੇ ਗਏ। ਉਨ੍ਹਾਂ ਦੱਸਿਆ ਕਿ ਆਉਣ ਵਾਲੀ 26 ਤਰੀਕ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤਾ ਜਾਵੇਗਾ ਅਤੇ 14 ਮਾਰਚ ਨੂੰ ਦਿੱਲੀ ਵਿਖੇ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ।
ਹੁਣ ਤੱਕ ਸਰਹੱਦ ਉੱਤੇ ਕਿੰਨੀਆਂ ਮੌਤਾਂ: ਦੱਸ ਦਈਏ ਕਿ ਕਿਸਾਨ ਦਿੱਲੀ ਜਾਣ ਲਈ 13 ਫਰਵਰੀ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਉਡੀਕ ਕਰ ਰਹੇ ਹਨ। ਪਿਛਲੇ 10 ਦਿਨਾਂ 'ਚ ਵੱਖ-ਵੱਖ ਕਾਰਨਾਂ ਕਰਕੇ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 4 ਕਿਸਾਨ ਅਤੇ 3 ਪੁਲਿਸ ਮੁਲਾਜ਼ਮ ਸ਼ਾਮਲ ਹਨ।
- 14 ਫਰਵਰੀ ਨੂੰ ਗੁਰਦਾਸਪੁਰ ਦੇ ਕਿਸਾਨ ਗਿਆਨ ਸਿੰਘ ਦੀ ਸ਼ੰਭੂ ਸਰਹੱਦ 'ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
- 16 ਫਰਵਰੀ ਨੂੰ ਪਾਣੀਪਤ ਦੇ ਸਮਾਲਖਾ ਜੀਆਰਪੀ ਵਿੱਚ ਤਾਇਨਾਤ ਸਬ ਇੰਸਪੈਕਟਰ (ਐਸਆਈ) ਹੀਰਾਲਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
- 18 ਫਰਵਰੀ ਨੂੰ ਸ਼ਾਮ 4 ਵਜੇ ਖਨੌਰੀ ਸਰਹੱਦ 'ਤੇ ਪਟਿਆਲਾ ਦੇ ਪਿੰਡ ਕੰਗਥਲਾ ਦੇ ਕਿਸਾਨ ਮਨਜੀਤ ਸਿੰਘ ਦੀ ਮੌਤ ਹੋ ਗਈ ਸੀ।
- 20 ਫਰਵਰੀ ਨੂੰ ਸ਼ੰਭੂ ਬਾਰਡਰ 'ਤੇ ਤਾਇਨਾਤ ਸਬ ਇੰਸਪੈਕਟਰ (ਐਸਆਈ) ਕੌਸ਼ਲ ਕੁਮਾਰ ਦੀ ਮੌਤ ਹੋ ਗਈ ਸੀ।
- 20 ਫਰਵਰੀ ਦੀ ਸ਼ਾਮ ਨੂੰ ਟੋਹਾਣਾ 'ਚ ਪੰਜਾਬ ਬਾਰਡਰ 'ਤੇ ਤਾਇਨਾਤ ਐੱਸਆਈ ਵਿਜੇ ਕੁਮਾਰ ਦੀ ਮੌਤ ਹੋ ਗਈ ਸੀ।
- 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਨੌਜਵਾਨ ਕਿਸਾਨ ਸ਼ੁਭਕਰਮਨ ਸਿੰਘ ਦੀ ਮੌਤ ਹੋ ਗਈ ਸੀ।
- 22 ਫ਼ਰਵਰੀ ਨੂੰ ਦੇਰ ਰਾਤ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਅਮਰਗੜ੍ਹ ਤੋਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦਾ ਨਾਮ ਦਰਸ਼ਨ ਸਿੰਘ ਸੀ ਜਿਸ ਦੀ ਉਮਰ 62 ਸਾਲ ਸੀ।