ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਅਤੇ ਕਾਰਪੋਰੇਟਾਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦਾ ਕਚਹਿਰੀ ਚੌਂਕ ਜਾਮ ਕਰਕੇ ਦੋਵੇਂ ਸਰਕਾਰਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕੇਂਦਰ ਸਰਕਾਰ ਉਪਰ ਕਾਰਪੋਰੇਟ ਪੱਖੀ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ। ਉਥੇ ਨਾਲ ਹੀ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ, ਡੀਏਪੀ ਖ਼ਾਦ ਦੀ ਘਾਟ ਲਈ ਪੰਜਾਬ ਅਤੇ ਕੇਂਦਰ ਦੋਵੇਂ ਸਰਕਾਰਾਂ ਨੂੰ ਜਿੰਮੇਵਾਰ ਦੱਸਿਆ।
ਝੋਨੇ ਦੀ ਖਰੀਦ ਸਣੇ ਡੀਏਪੀ ਦੀ ਸਮੱਸਿਆ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਚਮਕੌਰ ਸਿੰਘ ਨੈਣੇਵਾਲ ਅਤੇ ਜੱਜ ਸਿੰਘ ਗਹਿਲ ਨੇ ਕਿਹਾ ਕਿ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਸਾੜ ਕੇ ਪ੍ਰਦਰਸ਼ਨ ਕੀਤੇ ਹਨ। ਉਹਨਾਂ ਕਿਹਾ ਕਿ ਪੰਜਾਬ ਭਰ ਵਿੱਚ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ, ਡੀਏਪੀ ਦੀ ਘਾਟ ਅਤੇ ਪਰਾਲੀ ਦੇ ਮੁੱਦੇ 'ਤੇ ਸੰਘਰਸ਼ ਕੀਤੇ ਜਾ ਰਹੇ ਹਨ। ਜਿਸ ਤਹਿਤ 50 ਦੇ ਕਰੀਬ ਟੋਲ ਪਲਾਜਿਆਂ ਅਤੇ ਲੀਡਰਾਂ ਦੇ ਘਰਾਂ ਅੱਗੇ ਧਰਨੇ ਚੱਲ ਰਹੇ ਹਨ। ਇਸੇ ਤਹਿਤ ਅੱਜ ਇਹ ਰੋਸ ਮਾਰਚ ਕਰਨ ਤੋਂ ਬਾਅਦ ਪ੍ਰਦਰਸ਼ਨ ਕੀਤਾ ਗਿਆ ਹੈ।
ਕੇਂਦਰ ਦੀ ਕਿਸਾਨ ਮਾਰੂ ਨੀਤੀਆਂ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ। ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ਉਪਰ ਨੀਤੀਆਂ ਬਣਾ ਰਹੀ ਹੈ। ਇਸੇ ਤਹਿਤ ਹੀ ਤਿੰਨ ਖੇਤੀ ਕਾਨੂੰਨ ਬਣਾਏ ਗਏ ਸਨ, ਜਿਹਨਾਂ ਨੂੰ ਕਿਸਾਨਾਂ ਨੇ ਰੱਦ ਕਰਵਾਇਆ ਹੈ। ਪਰ ਹੁਣ ਇਸ ਵਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਨਹੀਂ ਖ਼ਰੀਦੀ ਜਾ ਰਹੀ। ਕਿਸਾਨਾਂ ਨੂੰ ਪ੍ਰੇਸ਼ਾਨ ਕਰਕੇ ਟੇਢੇ ਢੰਗ ਨਾਲ ਖੇਤੀ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦਾ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ।
ਪਰਾਲੀ ਦੇ ਪ੍ਰਬੰਧਨ ਦਾ ਹੱਲ ਕਰੇ ਸਰਕਾਰ
ਉਹਨਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਤੋਂ ਬਾਅਦ ਝੋਨੇ ਦੀ ਖ਼ਰੀਦ ਵਿੱਚ ਥੋੜੀ ਬਹੁਤ ਤੇਜ਼ੀ ਆਈ ਹੈ, ਪਰ ਡੀਏਪੀ ਖ਼ਾਦ ਦਾ ਮਸਲਾ ਅਜੇ ਲਟਕ ਰਿਹਾ ਹੈ। ਡੀਏਪੀ ਦੀ ਘਾਟ ਨੂੰ ਪੂਰਾ ਕਰਨ ਲਈ ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਥੇ ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਉਹ ਹੱਕ ਵਿੱਚ ਨਹੀਂ ਹਨ, ਪਰ ਸਰਕਾਰਾਂ ਉਹਨਾਂ ਨੂੰ ਪਰਾਲੀ ਪ੍ਰਬੰਧਨ ਲਈ ਯੋਗ ਮੁਆਵਜ਼ਾ ਦੇਣ ਨੂੰ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਇਹਨਾਂ ਮੁੱਦਿਆਂ ਉਪਰ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।