ਅੰਮ੍ਰਿਤਸਰ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਸ਼ੂਗਰ ਮਿੱਲ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਗੰਨੇ ਦੇ ਸੀਜ਼ਨ ਦੌਰਾਨ ਚੱਲ ਰਹੀ ਖਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮਿੱਲ ਅਧਿਕਾਰੀਆਂ ਅਤੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਸਰਕਾਰ ਖੰਡ ਮਿੱਲ ਦੀ ਸਮਰੱਥਾ ਵਧਾਉਣ ਅਤੇ ਇਸ ਦੇ ਆਧੁਨਿਕੀਕਰਨ ਲਈ ਠੋਸ ਕਦਮ ਚੁੱਕੇਗੀ।
ਗੰਨੇ ਦੀ ਕਾਸ਼ਤ ਨੂੰ ਕੀਤਾ ਜਾਵੇਗਾ ਉਤਸ਼ਾਹਿਤ
ਇਸੇ ਦੌਰਾਨ ਮੰਤਰੀ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ੂਗਰ ਮਿੱਲ ਦੀ ਸਮਰੱਥਾ ਵਧਾ ਕੇ ਇਸ ਵਿੱਚ ਨਵੀਂ ਮਸ਼ੀਨਰੀ ਲਗਾਈ ਜਾਵੇਗੀ। ਇਸ ਨਾਲ ਗੰਨੇ ਦੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਇਲਾਕੇ ਵਿੱਚ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਟਾਲਾ ਅਤੇ ਗੁਰਦਾਸਪੁਰ ਦੀਆਂ ਖੰਡ ਮਿੱਲਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਅਤੇ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।
ਧਾਲੀਵਾਲ ਦਾ ਕਿਸਾਨਾਂ ਨੂੰ ਭਰੋਸਾ
ਕਿਸਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਧਾਲੀਵਾਲ ਨੇ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੰਡ ਮਿੱਲ ਵਿੱਚ ਗੰਨੇ ਦੀ ਪਿੜਾਈ ਨਿਰਵਿਘਨ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਦੀਆਂ ਖੰਡ ਮਿੱਲਾਂ ਵੱਲੋਂ ਤਿਆਰ ਕੀਤੀ ਜਾ ਰਹੀ ਖੰਡ ਦੀ ਗੁਣਵੱਤਾ ਪੂਰੇ ਸੂਬੇ ਵਿੱਚ ਸਭ ਤੋਂ ਵਧੀਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਿੱਚ ਵਿਸ਼ਵਾਸ ਬਣਾਈ ਰੱਖਣ ਅਤੇ ਸਹਿਕਾਰਤਾ ਦੀ ਭਾਵਨਾ ਨਾਲ ਖੇਤੀ ਨੂੰ ਉਤਸ਼ਾਹਿਤ ਕਰਨ।
ਕੇਂਦਰ ਸਰਕਾਰ 'ਤੇ ਸਾਧੇ ਨਿਸ਼ਾਨੇ
ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਜੇ ਤੱਕ ਨਹੀਂ ਮੰਨੀਆਂ ਗਈਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਅਤੇ ਅੰਨਦਾਤਾਵਾਂ ਲਈ ਜੋ ਖਜ਼ਾਨਾ ਖੋਲ੍ਹਿਆ ਜਾਣਾ ਚਾਹੀਦਾ ਸੀ, ਉਹ ਅੰਬਾਨੀ ਅਤੇ ਅਡਾਨੀ ਵਰਗੇ ਉਦਯੋਗਪਤੀਆਂ ਲਈ ਖੋਲ੍ਹਿਆ ਗਿਆ ਹੈ। ਨਤੀਜਾ ਇਹ ਹੈ ਕਿ ਕਿਸਾਨਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ।
ਧਾਲੀਵਾਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ
ਇਸ ਤੋਂ ਅੱਗੇ ਮੰਤਰੀ ਧਾਲੀਵਾਲ ਨੇ ਕਿਸਾਨਾਂ ਦੇ ਧਰਨੇ ਅਤੇ ਮੁਜ਼ਾਹਰਿਆਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ ਹੈ।