ਅੰਮ੍ਰਿਤਸਰ: ਹਲਕਾ ਜੰਡਿਆਲਾ ਗੁਰੂ ਵਿੱਚ ਪੈਂਦੇ ਪਿੰਡ ਧਰੜ ਵਿੱਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਇੱਥੇ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਕੁੰਭ-ਕਰਨੀ ਨੀਂਦ ਸੁੱਤਾ ਪਿਆ ਹੈ। ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਆਏ ਦਿਨ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਇਹ ਹਥਿਆਰ ਕਿੱਥੋਂ ਆ ਰਹੇ ਹਨ ਤੇ ਕੌਣ ਇਹਨਾਂ ਨੂੰ ਸਪਲਾਈ ਕਰ ਰਿਹਾ ਹੈ, ਇਹ ਵੀ ਸੋਚਣ ਦਾ ਵਿਸ਼ਾ ਹੈ।
ਪਿੰਡ ਧਰੜ ਵਿੱਚ ਗੋਲੀਆਂ ਚੱਲਣ ਦਾ ਮਾਮਲਾ
ਜਾਣਕਾਰੀ ਅਨੁਸਾਰ ਲਗਾਤਾਰ ਨੌਜਵਾਨਾਂ ਦੇ ਹੱਥਾਂ ਵਿੱਚ ਹਥਿਆਰ ਵੇਖੇ ਜਾ ਰਹੇ ਹਨ ਤੇ ਗੋਲੀਆਂ ਚੱਲਣ ਦੇ ਮਾਮਲੇ ਆਮ ਹੋ ਚੁੱਕੇ ਹਨ। ਉਥੇ ਹੀ ਅੱਜ ਇੱਕ ਵਾਰ ਫਿਰ ਪਿੰਡ ਧਰੜ ਦੇ ਵਿੱਚ ਇੱਕ ਮਰੂਤੀ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਵੱਲੋਂ ਪਿੰਡ ਦੇ ਹੀ ਇੱਕ ਨੌਜਵਾਨ 'ਤੇ ਗੋਲੀਆਂ ਚਲਾਈਆਂ ਗਈਆਂ। ਜਿਸ ਦੇ ਚੱਲਦੇ ਗੋਲੀ ਮੁੰਡੇ ਦੀ ਛਾਤੀ ਵਿੱਚ ਲੱਗੀ ਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਦੇ ਲਈ ਮਾਨਾ ਵਾਲਾ ਹਸਪਤਾਲ ਵਿੱਚ ਲੈ ਕੇ ਗਏ, ਜਿੱਥੇ ਡਾਕਟਰਾਂ ਵੱਲੋਂ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਚ ਉਸ ਨੂੰ ਰੈਫਰ ਕਰ ਦਿੱਤਾ ਗਿਆ।
ਗੋਲੀ ਲੱਗਣ ਨਾਲ ਇੱਕ ਜ਼ਖ਼ਮੀ
ਉੱਥੇ ਹੀ ਪੀੜਤ ਪਰਿਵਾਰ ਅਤੇ ਪਿੰਡ ਵਾਲਿਆਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਹੈ। ਚਾਰ ਨੌਜਵਾਨ ਮਰੂਤੀ ਕਾਰ 'ਤੇ ਸਵਾਰ ਹੋ ਕੇ ਆਏ ਸਨ ਤੇ ਉਹਨਾਂ ਨੇ ਆਉਂਦਿਆਂ ਹੀ ਪਿੰਡ ਵਿੱਚ ਮੇਰੇ ਭਰਾ ਦੇ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਉਸ ਦੀ ਛਾਤੀ ਦੇ ਵਿੱਚ ਲੱਗੀ, ਜਿਸ ਦੇ ਚੱਲਦੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਲੈ ਕੇ ਗਏ ਹਨ। ਉੱਥੇ ਹੀ ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।
ਪਰਿਵਾਰ ਵਲੋਂ ਇਨਸਾਫ਼ ਦੀ ਮੰਗ
ਇਸ ਸਬੰਧੀ ਪਿੰਡ ਦੇ ਸਰਪੰਚ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਰੂਤੀ ਕਾਰ 'ਤੇ ਚਾਰ ਨੌਜਵਾਨ ਸਵਾਰ ਹੋ ਕੇ ਆਏ ਸਨ ਤੇ ਉਹਨਾਂ ਨੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਚੱਲਦੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਲੈ ਕੇ ਗਏ ਸਨ। ਜਿੱਥੇ ਉਸ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪੁੱਜੇ ਹਨ ਤੇ ਉਹਨਾਂ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕੁਝ ਵੀ ਬੋਲਣ ਤੋਂ ਧਾਰੀ ਚੁੱਪ
ਇਸ ਦੇ ਨਾਲ ਹੀ ਜਦੋਂ ਇਸ ਮਾਮਲੇ ਨੂੰ ਲੈਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਮੀਡੀਆ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਸਾਡੇ ਆਲਾ ਅਧਿਕਾਰੀ ਇਸ 'ਤੇ ਗੱਲਬਾਤ ਕਰਨਗੇ ਪਰ ਇਹ ਸਾਰੀ ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਿਸ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਮਰੂਤੀ ਕਾਰ 'ਤੇ ਸਵਾਰ ਹੋ ਕੇ ਨੌਜਵਾਨ ਆਏ ਸਨ ਤੇ ਉਹਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ।