ਬਠਿੰਡਾ: ਪਿਛਲੇ ਸਾਲ ਨਾਲੋਂ 75 ਫੀਸਦੀ ਪਰਾਲੀ ਸਾੜਨ ਦੀਆਂ ਘਟਨਾਵਾਂ 'ਚ ਗਿਰਾਵਟ ਆਈ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਮਹਿਰਾਜ, ਗੁਰੂਸਰ ਅਤੇ ਪਿਪਲੀ ਕੋਠੇ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੋਜ਼ਾਨਾ ਹੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਬਣਾਈਆਂ ਗਈਆਂ ਵੱਖ-ਵੱਖ ਟੀਮਾਂ ਦੇ ਨਾਲ ਜ਼ਿਲ੍ਹੇ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ।
ਜਮਾਂਬੰਦੀਆਂ ਵਿੱਚ ਲਾਲ ਐਂਟਰੀ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਰਾਲੀ ਦੀ ਸੰਭਾਲ ਲਈ ਵੱਖ-ਵੱਖ ਤਰ੍ਹਾਂ ਦੀਆਂ ਆਧੁਨਿਕ ਮਸ਼ੀਨਾਂ ਉਪਲਬਧ ਹਨ ਅਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਇਹ ਮਸ਼ੀਨਾਂ ਮੁਹੱਈਆ ਵੀ ਕਰਵਾਈਆਂ ਜਾ ਰਹੀਆਂ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਈ ਹੈ, ਉਹਨਾਂ ਦੀਆਂ ਜਮਾਂਬੰਦੀਆਂ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਉਹਨਾਂ ਖਿਲਾਫ ਬਣਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12,32,885 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਨਾਂ ਵਿੱਚੋਂ 11,38,600 ਮੀਟ੍ਰਿਕ ਟਨ ਝੋਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ 19 ਨਵੰਬਰ ਤੱਕ 2460.90 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਦੌਰੇ ਦੌਰਾਨ ਪਿੰਡ ਮਹਿਰਾਜ ਦੇ ਇੱਕ ਕਿਸਾਨ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਇਆ, ਜਿਸ 'ਤੇ ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਕਾਬੂ ਪਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕਿਸਾਨ ਨੂੰ ਆਧੁਨਿਕ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਤਾਂ ਕਿ ਇਹ ਕਿਸਾਨ ਆਪਣੇ ਖੇਤ ਵਿਚ ਹੀ ਪਰਾਲੀ ਦਾ ਪ੍ਰਬੰਧਨ ਕਰ ਸਕੇ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਆਪਣਾ ਕੰਮ ਕਰ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਹੁਣ ਤੱਕ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧੀ ਵੱਖ- ਵੱਖ 302 ਮੁਕਦਮੇ ਦਰਜ ਕੀਤੇ ਗਏ ਹਨ।