ਬਠਿੰਡਾ: ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੇ ਪਿੰਡ ਜਿਉਂਦ ਵਿਖੇ ਅੱਜ ਕਿਸਾਨਾਂ ਅਤੇ ਪੁਲਿਸ ਵਿਚਕਾਰ ਟਕਰਾਅ ਹੋ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪਿੰਡ ਵਿੱਚ ਜਾ ਕੇ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੀ ਇੱਕ ਟਰਾਲੀ ਪੁਲਿਸ ਪ੍ਰਸ਼ਾਸਨ ਨੇ ਹਿਰਾਸਤ ਵਿੱਚ ਲੈ ਲਈ।
ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਤਿੱਖੀ ਬਹਿਸ
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਘਟਨਾ ਸਥਾਨ 'ਤੇ ਪਹੁੰਚੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਆਗੂਆਂ ਵਿਚਕਾਰ ਤਿੱਖੀ ਬਹਿਸ ਹੋਈ। ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਟਰਾਲੀ ਵਾਪਸ ਕਰਨ ਲਈ ਕਿਹਾ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਈ ਹੋਈ ਟਰਾਲੀ ਕਿਸਾਨ ਆਗੂਆਂ ਨੂੰ ਵਾਪਸ ਕੀਤੀ ਗਈ।

'ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਪੰਜਾਬ ਸਰਕਾਰ'
ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਜਮੀਨਾਂ ਖੋਹਣ ਦੀ ਪੂਰੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸੇ ਤਹਿਤ ਨਕਸ਼ਾ ਬੰਦੀ ਅਤੇ ਮੁਰੱਬਾ ਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਜਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਸਕੇ। ਪਰ ਕਿਸਾਨ ਜਥੇਬੰਦੀਆਂ ਇਸ ਨੂੰ ਕਿਸੇ ਵੀ ਹਾਲਾਤ ਵਿੱਚ ਲਾਗੂ ਨਹੀਂ ਹੋਣ ਦੇਣਗੀਆਂ।

'ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੀ ਸਰਕਾਰ'
ਉਹਨਾਂ ਕਿਹਾ ਕਿ ਭਾਵੇਂ ਸਰਕਾਰ ਅਦਾਲਤ ਦਾ ਸਹਾਰਾ ਲੈ ਕੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ ਪਰ ਜਦੋਂ ਕਿਸਾਨਾਂ ਦੇ ਹੱਕ ਵਿੱਚ ਕੋਈ ਫੈਸਲਾ ਆਉਂਦਾ ਹੈ ਤਾਂ ਇਹ ਸਰਕਾਰਾਂ ਲਾਗੂ ਕਰਨ ਤੋਂ ਆਨਾਕਾਨੀ ਕਰਦੀਆਂ ਹਨ। ਉਹਨਾਂ ਕਿਹਾ ਕਿ ਇਹ ਮੁਰੱਬਾ ਬੰਦੀ ਅਤੇ ਨਕਸ਼ਾ ਬੰਦੀ ਜਿੰਨ੍ਹਾਂ ਦਾ ਦੀ ਕੀ ਲੋੜ ਹੈ, ਜਦੋਂ ਕਿਸਾਨਾਂ ਵੱਲੋਂ ਚਾਰ ਦਹਾਕਿਆਂ ਤੋਂ ਇਸ ਜ਼ਮੀਨ ਤੇ ਵਾਹੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਜੇਕਰ ਫਿਰ ਵੀ ਪ੍ਰਸ਼ਾਸਨ ਵੱਲੋਂ ਧੱਕੇ ਨਾਲ ਕਿਸਾਨਾਂ ਜ਼ਮੀਨ ਦੀ ਨਕਸ਼ਾ ਬੰਦੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਹੁੰਦੇ ਆ ਫਿਲਹਾਲ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਵੱਲ ਨੂੰ ਵਾਪਸ ਭੇਜ ਦਿੱਤਾ ਹੈ ਅਤੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ।