ਤਲਵੰਡੀ ਸਾਬੋ: ਬਠਿੰਡਾ 'ਚ 27 ਦਸੰਬਰ ਨੂੰ ਵਾਪਰੇ ਬੇਹੱਦ ਮੰਦਭਾਗੇ ਬੱਸ ਹਾਦਸੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਤਲਵੰਡੀ ਸਾਬੋ ਸਬ ਡਵੀਜ਼ਨ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ 'ਚ ਬੱਸ ਡਿੱਗਣ ਦੇ ਮਾਮਲੇ 'ਚ ਭਾਵੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 8 ਮ੍ਰਿਤਕਾਂ ਦੇ ਵਾਰਿਸਾਂ ਲਈ ਮੁਆਵਜ਼ਾ ਐਲਾਨ ਦਿੱਤਾ ਗਿਆ ਪਰ ਮ੍ਰਿਤਕਾਂ ਦੇ ਵਾਰਿਸਾਂ ਵੱਲੋਂ ਬੀਤੇ ਕੱਲ੍ਹ ਤੋਂ ਸਿਵਲ ਹਸਪਤਾਲ 'ਚ ਆਰੰਭਿਆ ਪ੍ਰਦਰਸ਼ਨ ਅਜੇ ਵੀ ਜਾਰੀ ਹੈ।
ਕੀ ਨੇ ਪਰਿਵਾਰਾਂ ਦੀਆਂ ਮੰਗਾਂ?
ਕਾਬਲੇਜ਼ਿਕਰ ਹੈ ਕਿ ਵਾਰਿਸਾਂ ਦੇ ਹੱਕ 'ਚ ਆਈਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਜੇ ਤੱਕ ਸਰਕਾਰ ਦਾ ਕੋਈ ਨੁਮਾਇੰਦਾ ਜਾਂ ਅਧਿਕਾਰੀ ਉਹਨਾਂ ਕੋਲ ਨਹੀਂ ਪਹੁੰਚਿਆ। ਇਸ ਤੋਂ ਇਲਾਵਾ ਮੁਆਵਜ਼ਾ ਕਦੋਂ ਤੱਕ ਮਿਲੇਗਾ, ਇਸ ਬਾਬਤ ਦੱਸਿਆ ਨਹੀਂ ਗਿਆ। ਉਹਨਾਂ ਕਿਹਾ ਕਿ ਜਦੋਂ ਤੱਕ ਕੋਈ ਅਧਿਕਾਰੀ ਆ ਕੇ ਵਿਸ਼ਵਾਸ ਨਹੀਂ ਦਿੰਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਐਲਾਨ
ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯਾਤਰੀਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
ਕਦੋਂ ਹੋਇਆ ਸੀ ਹਾਦਸਾ?
ਕਾਬਿਲੇਗੌਰ ਹੈ ਕਿ 27 ਦਸੰਬਰ ਨੂੰ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ ਸੀ, ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਇਸ ਦਰਦਨਾਕ ਹਾਸਦੇ 'ਚ 6 ਬੱਚੀਆਂ ਦੀ ਮਾਂ ਵੀ ਉਨ੍ਹਾਂ ਨੂੰ ਹਮੇਸ਼ਾ ਲਈ ਇਕੱਲਾ ਛੱਡੀ ਗਈ।