ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਦੀ ਸ਼ਾਮ ਨੂੰ ਸੀਐਮ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਈਡੀ ਦੀ ਟੀਮ ਉਸ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦਫ਼ਤਰ ਲਿਜਾਇਆ ਗਿਆ। ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ। ਕੇਜਰੀਵਾਲ ਨੇ ਈਡੀ ਦੇ ਲਾਕਅੱਪ 'ਚ ਰਾਤ ਕੱਟੀ। ਅੱਜ 'ਆਪ' ਵੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰੇਗੀ।
ਸੀਐਮ ਮਾਨ ਦਿੱਲੀ 'ਚ ਕਰਨਗੇ ਪ੍ਰੈਸ ਕਾਨਫਰੰਸ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਿੱਲੀ ਲਈ ਰਵਾਨਾ ਹੋ ਚੁੱਕੇ ਹਨ। ਉਹ ਦਿੱਲੀ ਜਾ ਕੇ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ -
ਤੁਸੀਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰੋਗੇ, ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫਤਾਰ ਕਰੋਗੇ? ਅਰਵਿੰਦ ਕੇਜਰੀਵਾਲ ਇੱਕ ਵਿਅਕਤੀ ਨਹੀਂ ਬਲਕਿ ਇੱਕ ਵਿਚਾਰ ਹੈ ਅਤੇ ਅਸੀਂ ਚੱਟਾਨ ਵਾਂਗ ਆਪਣੇ ਨੇਤਾ ਨਾਲ ਖੜੇ ਹਾਂ। ਇਨਕਲਾਬ ਜ਼ਿੰਦਾਬਾਦ ... - ਭਗਵੰਤ ਮਾਨ, ਮੁੱਖ ਮੰਤਰੀ, ਪੰਜਾਬ
ਕੇਜਰੀਵਾਲ ਦੀ ਅੱਜ ਪੇਸ਼ੀ : ਅੱਜ ਕੇਜਰੀਵਾਲ ਨੂੰ ਹਾਈਕੋਰਟ 'ਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਤੋਂ ਪਹਿਲਾਂ ਹੀ ਦਿੱਲੀ ਦੇ ਮੁੱਖ ਮੰਤਰੀ ਦਾ ਮੈਡੀਕਲ ਕਰਵਾਇਆ ਜਾ ਸਕਦਾ ਹੈ। ਈਡੀ ਕੇਜਰੀਵਾਲ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚਲਾਏਗੀ। ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਅਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਬੀਆਰਐਸ ਆਗੂ ਕੇ ਕਵਿਤਾ, ਜੋ ਪਹਿਲਾਂ ਹੀ ਈਡੀ ਦੀ ਹਿਰਾਸਤ ਵਿੱਚ ਹੈ, ਨੇ ਆਪਣੀ ਗ੍ਰਿਫ਼ਤਾਰੀ ਨੂੰ ਐਸਸੀ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੀ ਪਟੀਸ਼ਨ 'ਤੇ ਵੀ ਅੱਜ ਸੁਣਵਾਈ ਹੋਣੀ ਹੈ।
ਕੇਜਰੀਵਾਲ ਤੋਂ 2 ਘੰਟੇ ਪੁੱਛਗਿੱਛ ਕੀਤੀ, ਫਿਰ ਗ੍ਰਿਫਤਾਰੀ: ਈਡੀ ਦੀ ਟੀਮ ਵੀਰਵਾਰ (21 ਮਾਰਚ) ਨੂੰ 10ਵੇਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਉਨ੍ਹਾਂ ਤੋਂ ਦੋ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਰਾਤ 9 ਵਜੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਏਐਨਆਈ ਮੁਤਾਬਕ, ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਅਤੇ ਪਾਰਟੀ ਦੇ ਸਮਰਥਨ ਦਾ ਭਰੋਸਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਕੇਜਰੀਵਾਲ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਹੋਰ ਕਾਨੂੰਨੀ ਸਹਾਇਤਾ ਦੀ ਪੇਸ਼ਕਸ਼ ਕਰਨ ਦੀ ਕੋਸ਼ਿਸ਼ ਕਰਨਗੇ।